ਸ੍ਰੀ ਬਾਲ ਕ੍ਰਿਸ਼ਨ ਗੋਇਲ ਨੇ ਸਪੱਸ਼ਟ ਕੀਤਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਸਮੇਤ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰਾਖੀ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕੀਤਾ ਜਾਵੇ।
ਸਪੈਸ਼ਲ ਮਾਨੀਟਰ ਨੇ ਨਾਗਰਿਕਾਂ ਨੂੰ ਆਪਣੇ ਹੱਕਾਂ, ਹੱਕਾਂ ਦੀ ਉਲੰਘਣਾ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਉਪਲਬਧ ਕਾਨੂੰਨੀ ਤੇ ਸੰਸਥਾਗਤ ਵਿਵਸਥਾਵਾਂ ਬਾਰੇ ਜਾਗਰੂਕ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ ਦੀ ਸਬੰਧਤ ਅਥਾਰਟੀ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ। ਸ੍ਰੀ ਗੋਇਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਸਕੂਲਾਂ ਵਿੱਚ ਬੱਚਿਆਂ ਨੂੰ ‘ਗੁੱਡ ਟੱਚ ਅਤੇ ਬੈਡ ਟੱਚ’ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ 112 ਅਤੇ 1098 ਚਾਈਲਡ ਹੈਲਪਲਾਈਨ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਬੱਚਿਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੂਮੈਨ ਤੇ ਚਾਈਲਡ ਕਮਿਸ਼ਨ ਦੀ ਫ਼ਿਲਮ ‘ਕੋਮਲ’ ਦਿਖਾਉਣ ਦਾ ਵੀ ਸੁਝਾਅ ਦਿੱਤਾ।
ਸ੍ਰੀ ਗੋਇਲ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 21 ਤਹਿਤ ਪ੍ਰਾਪਤ ਜੀਵਨ ਦੇ ਅਧਿਕਾਰ ਦਾ ਰੱਖਿਅਕ ਐਨ.ਐਚ.ਆਰ.ਸੀ. ਹੈ ਅਤੇ ਕਮਿਸ਼ਨ ਨਾਗਰਿਕਾਂ ਦੀ ਮਰਿਆਦਾ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪਟਿਆਲਾ ਦੌਰੇ ਦੌਰਾਨ ਸ੍ਰੀ ਗੋਇਲ ਨੇ ਕੇਂਦਰੀ ਜੇਲ੍ਹ, ਪੀ.ਡੀ.ਐਸ. ਵੰਡ ਕੇਂਦਰਾਂ, ਥਾਣੇ, ਹਸਪਤਾਲ, ਚਾਈਲਡ ਕੇਅਰ ਇੰਸਟੀਚਿਊਸ਼ਨਜ਼, ਬਿਰਧ ਆਸ਼ਰਮ, ਸਰਕਾਰੀ/ਰਿਹਾਇਸ਼ੀ ਸਕੂਲਾਂ, ਆਬਜ਼ਰਵੇਸ਼ਨ ਹੋਮ, ਵਨ ਸਟਾਪ ਸੈਂਟਰ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ। ਉਨ੍ਹਾਂ ਇਨ੍ਹਾਂ ਸੰਸਥਾਵਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਲਾਭਪਾਤਰੀਆਂ ਦੇ ਹੱਕਾਂ ਨਾਲ ਸਬੰਧਤ ਮਾਮਲਿਆਂ ਦਾ ਜਾਇਜ਼ਾ ਲਿਆ। ਸ੍ਰੀ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ’ਤੇ ਆਪਣੀ ਸ਼ਿਕਾਇਤ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਆਨਲਾਈਨ ਪੋਰਟਲ hrcnet.nic.in ’ਤੇ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਏ.ਡੀ.ਸੀ. (ਅਰਬਨ ਡਿਵੈਲਪਮੈਂਟ) ਨਵਰੀਤ ਕੌਰ ਸੇਖੋਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਤਰਫ਼ੋਂ ਸ੍ਰੀ ਗੋਇਲ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾਵੇਗਾ। ਐਸ.ਪੀ. ਸਿਟੀ ਮੋਹਿਤ ਅਗਰਵਾਲ ਨੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਦੀ ਤਰਫ਼ੋਂ ਭਰੋਸਾ ਦਿੱਤਾ ਕਿ ਪਟਿਆਲਾ ਪੁਲਿਸ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੂਰਾ ਸਹਿਯੋਗ ਦੇਵੇਗੀ। ਇਸ ਮੌਕੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਐਡੀਸ਼ਨਲ ਜੇਲ੍ਹ ਸੁਪਰਡੈਂਟ ਜੈਦੀਪ ਸਿੰਘ, ਸਿਵਲ ਸਰਜਨ ਡਾ. ਸ਼ੈਲੀ ਜੈਤਲੀ, ਡੀ.ਐਸ.ਪੀ. ਪੁਨੀਤ ਚਾਹਲ, ਜੁਵੇਨਾਈਲ ਜਸਟਿਸ ਬੋਰਡ (ਜੇ.ਜੇ.ਬੀ.) ਅਤੇ ਚਾਈਲਡ ਵੈਲਫੇਅਰ ਕਮੇਟੀ (ਸੀ.ਡਬਲਿਊ.ਸੀ.) ਦੇ ਮੈਂਬਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ, ਡੀ.ਈ.ਓ. ਸ਼ਾਲੂ ਮਹਿਰਾ, ਡੀ.ਸੀ.ਪੀ.ਓ. ਸ਼ਾਇਨਾ ਕਪੂਰ, ਏ.ਐਫ਼.ਐਸ.ਓ. ਮਨੂ ਲਟਾਵਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।







