Homeਹਰਿਆਣਾਹੁਣ 1.80 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਵੀ ਮਿਲੇਗਾ ਲਾਡੋ...

ਹੁਣ 1.80 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਵੀ ਮਿਲੇਗਾ ਲਾਡੋ ਲਕਸ਼ਮੀ ਯੋਜਨਾ ਦਾ ਲਾਭ: ਮੁੱਖ ਮੰਤਰੀ

CM Nayab Singh Saini announces expanded benefits for eligible women from November

ਸਰਕਾਰ ਨੇ ਪਿਛਲੇ 12 ਸਾਲਾਂ ਵਿੱਚ ਸੂਬੇ ਦੇ 2 ਲੱਖ ਨੌਜਵਾਨਾਂ ਨੂੰ ਬਿਨਾਂ ਖਰਚੀ-ਪਰਚੀ ਦਿੱਤੀਆਂ ਸਰਕਾਰੀ ਨੌਕਰੀਆਂ: ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਾਲੀਰਾਨੋ, ਸੁਲਤਾਨਪੁਰ, ਸੋਂਟੀ ਅਤੇ ਬੀੜ ਸੋਂਟੀ ਪਿੰਡਾਂ ਲਈ 1.12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ

ਲਾਡਵਾ/ਬਾਬੈਨ, 20 ਸਤੰਬਰ, 2026 (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਵੰਬਰ ਮਹੀਨੇ ਤੋਂ 1.80 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੀਆਂ ਯੋਗ ਮਹਿਲਾਵਾਂ ਨੂੰ ਲਾਡੋ ਲਕਸ਼ਮੀ ਯੋਜਨਾ ਦਾ ਲਾਭ ਮਿਲੇਗਾ। ਸਰਕਾਰ ਨੇ ‘ਦੀਨਦਿਆਲ ਲਾਡੋ ਲਕਸ਼ਮੀ’ ਨਾਮ ਦੀ ਮਹੱਤਵਪੂਰਨ ਯੋਜਨਾ ਲਾਗੂ ਕਰਕੇ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ 17 ਸਤੰਬਰ ਨੂੰ ਇਸ ਯੋਜਨਾ ਦਾ ਵਿਸਥਾਰ ਕੀਤਾ ਗਿਆ ਹੈ। ਹੁਣ 1.80 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਵੀ ਇਸ ਦਾ ਲਾਭ ਦਿੱਤਾ ਜਾਵੇਗਾ। ਯੋਜਨਾ ਦੇ ਵਿਸਥਾਰ ਤੋਂ ਬਾਅਦ ਅਰਜ਼ੀਆਂ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ ਅਤੇ ਯੋਗ ਮਹਿਲਾਵਾਂ ਨੂੰ 1 ਨਵੰਬਰ ਤੋਂ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾਂ 1 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰ ਹੀ ਇਸ ਯੋਜਨਾ ਲਈ ਯੋਗ ਸਨ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਹੁਣ ਤੱਕ 2000 ਕਰੋੜ ਰੁਪਏ ਤੋਂ ਵੱਧ ਦੀ ਰਕਮ ਆਨਲਾਈਨ ਭੇਜੀ ਜਾ ਚੁੱਕੀ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਲਾਡਵਾ ਵਿਧਾਨ ਸਭਾ ਹਲਕੇ ਵਿੱਚ ਕਰਵਾਏ ਗਏ ਜਨ ਸੰਵਾਦ ਪ੍ਰੋਗਰਾਮਾਂ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ 12 ਸਾਲਾਂ ਵਿੱਚ ਸੂਬੇ ਦੇ 2 ਲੱਖ ਨੌਜਵਾਨਾਂ ਨੂੰ ਬਿਨਾਂ ਖਰਚੀ-ਪਰਚੀ ਅਤੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਦੇ ਸਮੇਂ ਸਰਕਾਰੀ ਨੌਕਰੀ ਹਾਸਲ ਕਰਨ ਲਈ ਪੈਸੇ ਅਤੇ ਸਿਫ਼ਾਰਸ਼ ਦੀ ਲੋੜ ਪੈਂਦੀ ਸੀ, ਪਰ ਹੁਣ ਗਰੀਬ ਦਾ ਪੁੱਤਰ ਗਰੁੱਪ-ਡੀ ਤੋਂ ਲੈ ਕੇ ਐਚਸੀਐਸ ਤੱਕ ਦੀ ਨੌਕਰੀ ਆਪਣੀ ਯੋਗਤਾ ਦੇ ਆਧਾਰ ’ਤੇ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੂਬੇ ਵਿੱਚ ਤੇਜ਼ ਰਫ਼ਤਾਰ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਪਿੰਡ ਕਾਲੀਰਾਨੋ ਵਿੱਚ ਪਿੰਡ ਦੇ ਵਿਕਾਸ ਲਈ 21 ਲੱਖ ਰੁਪਏ ਅਤੇ ਲਾਇਬ੍ਰੇਰੀ ਦੀਆਂ ਕਿਤਾਬਾਂ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਪਿੰਡ ਸੁਲਤਾਨਪੁਰ ਵਿੱਚ ਪਿੰਡ ਦੇ ਵਿਕਾਸ ਲਈ 21 ਲੱਖ ਰੁਪਏ ਅਤੇ ਗੁਰਦੁਆਰਾ ਸਾਹਿਬ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪਿੰਡ ਸੋਂਟੀ, ਪਿੰਡ ਬੀੜ ਸੋਂਟੀ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਲਈ 21-21 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਨੇ ਪਿੰਡਾਂ ਦੇ ਸਰਪੰਚਾਂ ਵੱਲੋਂ ਵਿਕਾਸ ਕਾਰਜਾਂ ਸਬੰਧੀ ਰੱਖੀਆਂ ਗਈਆਂ ਮੰਗਾਂ ਨੂੰ ਸਬੰਧਤ ਵਿਭਾਗਾਂ ਕੋਲ ਭੇਜ ਕੇ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਕੈਲਾਸ਼ ਸੈਣੀ ਅਤੇ ਮੁੱਖ ਮੰਤਰੀ ਦੇ ਓਐਸਡੀ ਮਹਿੰਦਰ ਸੈਣੀ ਵੀ ਮੌਜੂਦ ਰਹੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਨਾਗਰਿਕਾਂ ਨਾਲ 217 ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚੋਂ ਹੁਣ ਤੱਕ 70 ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਵਾਅਦਿਆਂ ’ਤੇ ਵੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਹੁੰ ਚੁੱਕਦੇ ਹੀ ਆਪਣੇ ਵਾਅਦੇ ਪੂਰੇ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨੈਸ਼ਨਲ ਹਾਈਵੇਅ ਅਤੇ ਹੋਰ ਵੱਡੇ ਮਾਰਗਾਂ ਨਾਲ ਜੋੜਨ ਲਈ ਸੜਕਾਂ ਦਾ ਜਾਲ ਵਿਛਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਸਭ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ 24 ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਖਰੀਦਣ ਦਾ ਕੰਮ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਸਰਕਾਰ ਤੋਂ 24 ਫਸਲਾਂ ਬਾਰੇ ਜਾਣਕਾਰੀ ਮੰਗ ਰਹੇ ਹਨ, ਜਦਕਿ ਉਨ੍ਹਾਂ ਨੂੰ ਇਹ ਵੀ ਪੂਰਾ ਗਿਆਨ ਨਹੀਂ ਹੈ ਕਿ ਸੂਬੇ ਵਿੱਚ ਕਿਸਾਨ ਕਿੰਨੀ ਕਿਸਮਾਂ ਦੀਆਂ ਫਸਲਾਂ ਪੈਦਾ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਧਿਰ ਹੁਣ ਐਮਐਸਪੀ ਦੇ ਨਾਮ ’ਤੇ ਕਿਸਾਨਾਂ ਵਿੱਚ ਭੰਬਲਭੂਸਾ ਪੈਦਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਕੋਈ ਵੀ ਕਿਸਾਨ ਆਪਣੀ ਫਸਲ ਸੜਕ ਦੇ ਵਿਚਕਾਰ ਨਹੀਂ ਸੁੱਟਦਾ, ਕਿਉਂਕਿ ਸਰਕਾਰ ਨੇ ਇਸ ਸਮੱਸਿਆ ਦੇ ਹੱਲ ਲਈ ‘ਭਾਵਾਂਤਰ ਭਰਪਾਈ ਯੋਜਨਾ’ ਲਾਗੂ ਕੀਤੀ ਹੈ। ਇਸ ਯੋਜਨਾ ਤਹਿਤ ਜੇਕਰ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਦਾ ਘੱਟ ਭਾਅ ਮਿਲਦਾ ਹੈ ਤਾਂ ਸਰਕਾਰ ਵੱਲੋਂ ਭਾਅ ਦੇ ਅੰਤਰ ਦੀ ਭਰਪਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਨੂੰ ਫਸਲ ਖਰਾਬੇ ਲਈ 137 ਕਰੋੜ ਰੁਪਏ ਦਿੱਤੇ ਗਏ ਸਨ, ਜਦਕਿ ਮੌਜੂਦਾ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲ ਖਰਾਬੇ ਦੇ ਮੁਆਵਜ਼ੇ ਵਜੋਂ 16,500 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਪੁਲਿਸ ਸੁਪਰਡੈਂਟ ਚੰਦਰ ਮੋਹਨ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਚੇਅਰਮੈਨ ਸੁਭਾਸ਼ ਕਲਸਾਨਾ, ਮੀਡੀਆ ਕੋਆਰਡੀਨੇਟਰ ਤੁਸ਼ਾਰ ਸੈਣੀ, ਚੇਅਰਪਰਸਨ ਕੰਵਲਜੀਤ ਕੌਰ, ਜ਼ਿਲ੍ਹਾ ਪ੍ਰਧਾਨ ਰਮੇਸ਼ ਸੈਣੀ, ਚੇਅਰਮੈਨ ਡਾ. ਗਣੇਸ਼ ਦੱਤ, ਚੇਅਰਪਰਸਨ ਸਾਕਸ਼ੀ ਖੁਰਾਨਾ, ਮੰਡਲ ਪ੍ਰਧਾਨ ਨਰਿੰਦਰ ਦਬਖੇੜਾ, ਮੰਡਲ ਪ੍ਰਧਾਨ ਸ਼ਿਵ ਗੁਪਤਾ, ਵਿਜੈ ਗਾਬਾ, ਕਾਲੀਰਾਨੋ ਦੇ ਸਰਪੰਚ ਰਾਜੀਵ ਕੁਮਾਰ, ਸੁਲਤਾਨਪੁਰ ਦੀ ਸਰਪੰਚ ਮਮਤਾ ਰਾਣੀ, ਸਰਪੰਚ ਸੁਰੇਸ਼, ਸਰਪੰਚ ਸੁਖਵਿੰਦਰ ਸਿੰਘ, ਨਾਇਬ ਸਿੰਘ ਪਟਾਕ ਮਾਜਰਾ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments