ਚੰਡੀਗੜ੍ਹ, 22 ਸਤੰਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਨਸ਼ਿਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਸਿਆਸੀ ਵਾਰ-ਪਲਟਵਾਰ ਹੋਰ ਤਿੱਖਾ ਹੋ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਪੂਰੇ ਦੇਸ਼ ਵਿੱਚ ਨਸ਼ੇ ਦੀ ਸਪਲਾਈ ਗੁਜਰਾਤ ਦੀ ਸਰਹੱਦ ਰਾਹੀਂ ਹੋ ਰਹੀ ਹੈ ਅਤੇ ਇਸ ਕਾਰੋਬਾਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂ ਪੂਰੀ ਤਰ੍ਹਾਂ ਸ਼ਾਮਲ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਪਹਿਲਾਂ ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਦੀ ਹੈ ਅਤੇ ਫਿਰ ਇਸ ਨੂੰ ਖ਼ਤਮ ਕਰਨ ਦਾ ਢੋਂਗ ਰਚਦੀ ਹੈ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਅਕਾਲੀ-ਭਾਜਪਾ ਗਠਜੋੜ ਸਰਕਾਰ ਦੌਰਾਨ ਪੰਜਾਬ ਵਿੱਚ ਨਸ਼ਾ ਫ਼ੈਲਿਆ ਸੀ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਦਿਨ-ਰਾਤ ਮਿਹਨਤ ਕਰਕੇ ਪੰਜਾਬ ਵਿੱਚੋਂ ਨਸ਼ੇ ਦਾ ਲਗਭਗ ਖ਼ਾਤਮਾ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ‘ਤੇ ‘ਆਪ’ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ।
ਭਾਜਪਾ ਆਗੂਆਂ ਦਾ ਪਲਟਵਾਰ
ਦੂਜੇ ਪਾਸੇ ਭਾਜਪਾ ਨੇ ਪੰਜਾਬ ਦੀ ਆਪ ਸਰਕਾਰ ‘ਤੇ ਤਿੱਖੇ ਹਮਲੇ ਕੀਤੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਤਬਾਹੀ ਵੱਲ ਜਾ ਰਿਹਾ ਹੈ ਅਤੇ ਨਸ਼ਾ ਮਾਫੀਆ ਨੂੰ ਸਰਕਾਰੀ ਛਤਰ-ਛਾਇਆ ਪ੍ਰਾਪਤ ਹੈ। ਭਾਜਪਾ ਆਗੂ ਤਰੁਣ ਚੁੱਘ ਨੇ ਦੋਸ਼ ਲਾਇਆ ਕਿ ਰਾਜ ਦੇ ਪਿੰਡਾਂ-ਸ਼ਹਿਰਾਂ ਵਿੱਚ ‘ਚਿੱਟਾ’ ਸ਼ਰੇਆਮ ਵਿਕ ਰਿਹਾ ਹੈ ਅਤੇ ਨਸ਼ੇ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸੇ ਮੁੱਦੇ ‘ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਵੀ ਕੀਤੀ ਹੈ।






