ਪਟਿਆਲਾ, 29 ਸਤੰਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ (ਜੇ.ਜੀ.ਐੱਨ.ਡੀ. ਪੀ.ਐੱਸ.ਓ.ਯੂ.), ਪਟਿਆਲਾ ਵੱਲੋਂ ‘ਸਾਂਝ – ਅਲੂਮਨਾਈ ਮੀਟ 2026’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਯੂਨੀਵਰਸਿਟੀ ਅਤੇ ਇਸ ਦੇ ਪੁਰਾਣੇ ਵਿਦਿਆਰਥੀਆਂ (ਅਲੂਮਨਾਈ) ਵਿਚਕਾਰ ਅਟੁੱਟ ਰਿਸ਼ਤੇ ਦਾ ਜਸ਼ਨ ਮਨਾਉਣਾ ਸੀ, ਜਿਸ ਵਿੱਚ ਅਲੂਮਨਾਈ, ਮੌਜੂਦਾ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਮਾਣਯੋਗ ਵਾਈਸ-ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਨੇ ਕੀਤੀ। ਸਮਾਗਮ ਵਿੱਚ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ, ਫੈਕਲਟੀ ਮੈਂਬਰ, ਅਲੂਮਨਾਈ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਪ੍ਰੋਗਰਾਮ ਦਾ ਆਯੋਜਨ ਅਲੂਮਨਾਈ ਸੈੱਲ ਵੱਲੋਂ ਜੇ.ਜੀ.ਐੱਨ.ਡੀ. ਪੀ.ਐੱਸ.ਓ.ਯੂ. ਅਲੂਮਨਾਈ ਐਸੋਸੀਏਸ਼ਨ ਦੀ ਸਕੱਤਰ ਡਾ. ਪੂਜਾ ਅਗਰਵਾਲ ਦੀ ਦੇਖ-ਰੇਖ ਹੇਠ ਕੀਤਾ ਗਿਆ।

ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਮਾਣਯੋਗ ਵਾਈਸ-ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਨੇ ਓਪਨ ਯੂਨੀਵਰਸਿਟੀ ਦੇ ਸਿਸਟਮ ਨੂੰ ਮਜ਼ਬੂਤ ਕਰਨ ਲਈ ਅਲੂਮਨਾਈ ਦੀ ਭਾਈਵਾਲੀ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ, “ਅਜਿਹੀ ਪ੍ਰਣਾਲੀ ਵਿੱਚ, ਪੁਰਾਣੇ ਵਿਦਿਆਰਥੀ ਯੂਨੀਵਰਸਿਟੀ, ਇਸ ਦੇ ਸਿੱਖਿਆਰਥੀਆਂ ਅਤੇ ਸਮਾਜ ਵਿਚਕਾਰ ਇੱਕ ਅਹਿਮ ਕੜੀ ਵਜੋਂ ਕੰਮ ਕਰਦੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਅਲੂਮਨਾਈ ਆਪਣੇ ਤਜ਼ਰਬੇ ਸਾਂਝੇ ਕਰਕੇ, ਨਵੇਂ ਵਿਦਿਆਰਥੀਆਂ ਦਾ ਮਾਰਗਦਰਸ਼ਨ (ਮੈਂਟਰਸ਼ਿਪ) ਕਰਕੇ ਅਤੇ ਯੂਨੀਵਰਸਿਟੀ ਦੀਆਂ ਅਕਾਦਮਿਕ ਤੇ ਸਮਾਜਿਕ ਗਤੀਵਿਧੀਆਂ ਵਿੱਚ ਸਹਿਯੋਗ ਦੇ ਕੇ ਆਪਣਾ ਯੋਗਦਾਨ ਪਾ ਸਕਦੇ ਹਨ।
ਅਲੂਮਨਾਈ ਸੈੱਲ ਦੀ ਕੋਆਰਡੀਨੇਟਰ ਡਾ. ਪੂਜਾ ਅਗਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪੁਰਾਣੇ ਵਿਦਿਆਰਥੀ ਯੂਨੀਵਰਸਿਟੀ ਦੀ ਪ੍ਰਗਤੀ ਵਿੱਚ ਅਹਿਮ ਭਾਈਵਾਲ ਹਨ। ਉਨ੍ਹਾਂ ਦੱਸਿਆ ਕਿ ‘ਸਾਂਝ’ ਸਮਾਗਮ ਯੂਨੀਵਰਸਿਟੀ ਦੀ ਆਪਣੇ ਵਿਦਿਆਰਥੀਆਂ ਨਾਲ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਵੀ ਉਮਰ ਭਰ ਦਾ ਰਿਸ਼ਤਾ ਬਣਾਏ ਰੱਖਣ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਯੂਨੀਵਰਸਿਟੀ ਦੇ ਐਸੋਸੀਏਟ ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਧੰਨਵਾਦ ਕੀਤਾ।
ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਗਾਇਕੀ, ਡਾਂਸ ਅਤੇ ਕਵਿਤਾ ਉਚਾਰਨ ਸ਼ਾਮਲ ਸਨ। ਇਹਨਾਂ ਪੇਸ਼ਕਾਰੀਆਂ ਨੇ ਵਿਦਿਆਰਥੀਆਂ ਦੀਆਂ ਰਚਨਾਤਮਕ ਪ੍ਰਤਿਭਾਵਾਂ ਨੂੰ ਉਜਾਗਰ ਕੀਤਾ ਅਤੇ ਪੂਰੇ ਮਾਹੌਲ ਨੂੰ ਉਤਸ਼ਾਹ ਅਤੇ ਅਪਣੱਤ ਨਾਲ ਭਰ ਦਿੱਤਾ। ਪ੍ਰੋਗਰਾਮ ਦੇ ਹਿੱਸੇ ਵਜੋਂ, ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਐਸੋਸੀਏਟ ਪ੍ਰੋਫੈਸਰ ਅਤੇ ਡੀਨ ਅਕਾਦਮਿਕ, ਸਨਮਾਨਿਤ ਅਲੂਮਨਾਈ ਡਾ. ਰੋਹਿਤ ਸਚਦੇਵਾ ਨੂੰ ਉਨ੍ਹਾਂ ਦੇ ਖੇਤਰ ਵਿੱਚ ਬਹੁੱਮੁਲੇ ਯੋਗਦਾਨ ਅਤੇ ਪ੍ਰਾਪਤੀਆਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੀਟ ਨੇ ਪੁਰਾਣੇ ਵਿਦਿਆਰਥੀਆਂ ਨੂੰ ਆਪਣੀਆਂ ਯਾਦਾਂ ਅਤੇ ਤਜ਼ਰਬੇ ਸਾਂਝੇ ਕਰਨ ਲਈ ਇੱਕ ਸਾਰਥਕ ਮੰਚ ਪ੍ਰਦਾਨ ਕੀਤਾ।







