Homeਪੰਜਾਬਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ...

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

Guru Ravidas Maharaj Ji’s Teachings Inspire Equality, Brotherhood and Social Harmony: Aman Arora

ਸੁਨਾਮ, 3 ਅਕਤੂਬਰ, 2026 ( ਛਤਰਪਾਲ ਸਿੰਘ) : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ ਸ਼ਹੀਦ ਊਧਮ ਸਿੰਘ ਕਾਲਜ, ਸੁਨਾਮ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਰੋਨ ਸ਼ੋਅ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਗਤੀ ਰੂਪ ਵਿੱਚ ਹਾਜ਼ਰੀ ਭਰੀ। ਡਰੋਨਾਂ ਰਾਹੀਂ ਅੰਬਰ ’ਤੇ ਉਕੇਰੀਆਂ ਰੌਸ਼ਨ ਆਕ੍ਰਿਤੀਆਂ ਨੇ ਗੁਰੂ ਸਾਹਿਬ ਦੀ ਬਾਣੀ, ਜੀਵਨ-ਦਰਸ਼ਨ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਸਾਕਾਰ ਕਰਦਿਆਂ ਆਧੁਨਿਕ ਤਕਨੀਕ ਅਤੇ ਅਧਿਆਤਮਿਕ ਵਿਰਾਸਤ ਦਾ ਸੁੰਦਰ ਸੁਮੇਲ ਪੇਸ਼ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ, ਪਿਆਰ, ਕਿਰਤ ਅਤੇ ਆਪਸੀ ਸਾਂਝ ਦਾ ਰਾਹ ਦਿਖਾਇਆ। ਉਨ੍ਹਾਂ ਦੀ ਬਾਣੀ ਜਾਤ-ਪਾਤ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਹਰ ਮਨੁੱਖ ਦੇ ਮਾਣ-ਸਨਮਾਨ ਦੀ ਰਾਖੀ ਕਰਨ ਦੀ ਪ੍ਰੇਰਣਾ ਦਿੰਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ‘ਬੇਗਮਪੁਰਾ’ ਦਾ ਸੰਕਲਪ ਅਜਿਹੇ ਸਮਾਜ ਦੀ ਸਿਰਜਣਾ ਲਈ ਮਾਰਗਦਰਸ਼ਨ ਕਰਦਾ ਹੈ, ਜਿੱਥੇ ਹਰ ਵਿਅਕਤੀ ਬਿਨਾਂ ਕਿਸੇ ਡਰ ਜਾਂ ਭੇਦਭਾਵ ਦੇ ਸਨਮਾਨ ਨਾਲ ਜੀਵਨ ਬਤੀਤ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨਾ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾ ਦਾ ਪ੍ਰਗਟਾਵਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਡਰੋਨ ਸ਼ੋਅ ਵਰਗੀਆਂ ਨਿਵੇਕਲੀਆਂ ਪੇਸ਼ਕਾਰੀਆਂ ਨਵੀਂ ਪੀੜ੍ਹੀ ਨੂੰ ਮਹਾਨ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਅੰਬਰ ’ਤੇ ਉੱਭਰਦੀਆਂ ਰੌਸ਼ਨ ਆਕ੍ਰਿਤੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਵਿਚਾਰਧਾਰਾ ਦੀ ਪੇਸ਼ਕਾਰੀ ਬੱਚਿਆਂ ਅਤੇ ਨੌਜਵਾਨਾਂ ਵਿੱਚ ਉਨ੍ਹਾਂ ਦੀ ਬਾਣੀ ਤੇ ਸਿੱਖਿਆਵਾਂ ਬਾਰੇ ਜਾਣਨ ਦੀ ਰੁਚੀ ਵਧਾਉਂਦੀ ਹੈ। ਇਸ ਮੌਕੇ ਭਾਈ ਜੋਗਿੰਦਰ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਨੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀਵਾਲਤਾ, ਸੇਵਾ ਅਤੇ ਭਾਈਚਾਰਕ ਏਕਤਾ ਦੀ ਪ੍ਰਤੀਕ ਹੈ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦਾ ਉਦੇਸ਼ ਇਸ ਵਿਰਾਸਤ ਨੂੰ ਸੰਭਾਲਣਾ ਅਤੇ ਮਨੁੱਖਤਾ ਪ੍ਰਤੀ ਪਿਆਰ ਤੇ ਬਰਾਬਰੀ ਦੇ ਗੁਰੂ ਸਾਹਿਬ ਦੇ ਸੁਨੇਹੇ ਨੂੰ ਲੋਕ-ਚੇਤਨਾ ਦਾ ਹਿੱਸਾ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਸਮਾਜ ਵਿੱਚ ਆਪਸੀ ਸਤਿਕਾਰ, ਸਹਿਯੋਗ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰੇ।  ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਬਰਾਬਰ ਮਾਣ ਦੇਣਾ, ਲੋੜਵੰਦਾਂ ਦੀ ਮਦਦ ਕਰਨਾ ਅਤੇ ਸਮਾਜਿਕ ਵਿਤਕਰਿਆਂ ਨੂੰ ਦੂਰ ਕਰਨ ਲਈ ਯਤਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments