ਪਟਿਆਲਾ: ਨਸ਼ਾ ਤਸਕਰੀ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਐਤਵਾਰ ਨੂੰ ਪਟਿਆਲਾ ਵਿੱਚ ਵੱਡੇ ਪੱਧਰ ’ਤੇ CASO (ਕਾਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਦੀ ਨਿਗਰਾਨੀ ਹੇਠ ਸ਼ਹਿਰ ਦੇ ਕਰੀਬ 20 ਚਿੰਨ੍ਹਿਤ ਹੌਟਸਪੌਟ ਇਲਾਕਿਆਂ ਵਿੱਚ ਇੱਕੋ ਸਮੇਂ ਪੁਲਿਸ ਕਾਰਵਾਈ ਕੀਤੀ ਗਈ।
ਆਪ੍ਰੇਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਪੁਲਿਸ ਟੀਮਾਂ ਨੇ ਸ਼ੱਕੀ ਥਾਵਾਂ ਤੋਂ ਇਲਾਵਾ ਪੀਜੀ, ਹੋਟਲਾਂ ਅਤੇ ਨਸ਼ਾ ਤਸਕਰੀ ਦੀ ਸੰਭਾਵਨਾ ਵਾਲੇ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਕਾਰਵਾਈ ਦੌਰਾਨ ਕਰੀਬ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਦਕਿ ਤਿੰਨ ਵਿਅਕਤੀਆਂ ਖ਼ਿਲਾਫ਼ FIR ਦਰਜ ਕੀਤੀ ਗਈ।
ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ CASO ਆਪ੍ਰੇਸ਼ਨ ਲਗਾਤਾਰ ਜਾਰੀ ਹਨ। ਪੁਲਿਸ ਵੱਲੋਂ ਉਨ੍ਹਾਂ ਇਲਾਕਿਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ, ਜਿਨ੍ਹਾਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਹੌਟਸਪੌਟ ਵਜੋਂ ਚਿੰਨ੍ਹਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਈ ਵਾਰ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਨਸ਼ਾ ਤਸਕਰ ਮੁੜ ਗੈਰ-ਕਾਨੂੰਨੀ ਗਤੀਵਿਧੀਆਂ ਸ਼ੁਰੂ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਵਿਅਕਤੀਆਂ ’ਤੇ ਸ਼ਿਕੰਜਾ ਕੱਸਣ ਲਈ ਇਨ੍ਹਾਂ ਇਲਾਕਿਆਂ ਵਿੱਚ ਸਮੇਂ-ਸਮੇਂ ’ਤੇ ਸਰਚ ਆਪ੍ਰੇਸ਼ਨ ਜਾਰੀ ਰਹਿਣਗੇ।
ਡੀਆਈਜੀ ਨੇ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ ਅਤੇ ਸ਼ੱਕੀ ਟਿਕਾਣਿਆਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ।





