ਐਸ ਡੀ ਐਮ ਰਿਚਾ ਗੋਇਲ ਨੇ ਸਰਪੰਚਾਂ ਤੇ ਨੰਬਰਦਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਆ
ਸਮਾਣਾ, 6 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਸੁਚੱਜੇ ਪਰਾਲੀ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਸੁਚੱਜੇ ਪਰਾਲੀ ਪ੍ਰਬੰਧਨ (ਕ੍ਰਾਪ ਰੈਜ਼ੀਡਿਊ ਮੈਨੇਜਮੈਂਟ) ਲਈ ਸਮਾਣਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਾਂਝੀ ਅਗਵਾਈ ਹੇਠ ਪਿੰਡਾਂ ਦੇ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਂਪ ਵਿੱਚ ਐਸ.ਡੀ.ਐਮ. ਸਮਾਣਾ ਰਿਚਾ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਸਾਨਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕੀਤਾ ਅਤੇ ਸਰਪੰਚਾਂ ਤੇ ਨੰਬਰਦਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ, ਕਿਸਾਨਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਦਾ ਸਾਂਝਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਦਿਆਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡੀ.ਐਸ.ਪੀ. ਸਮਾਣਾ ਫਤਹਿ ਸਿੰਘ ਬਰਾੜ, ਏ.ਆਰ. ਕੋਆਪਰੇਟਿਵ ਸੁਸਾਇਟੀਆਂ ਸਮਾਣਾ, ਬੀ.ਡੀ.ਪੀ.ਓ. ਸਮਾਣਾ ਗੁਰਮੀਤ ਸਿੰਘ, ਤਹਿਸੀਲਦਾਰ ਸਮਾਣਾ ਅਤੇ ਸਾਰੇ ਕਲੱਸਟਰ ਅਧਿਕਾਰੀ ਮੌਜੂਦ ਸਨ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਪਰਾਲੀ ਪ੍ਰਬੰਧਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਬਾਰੇ ਵੀ ਜਾਣਕਾਰੀ ਦਿੱਤੀ।







