ਵੱਖ ਵੱਖ ਵੰਨਗੀਆਂ ਦੀਆਂ 10 ਸਰਵੋਤਮ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣਗੇ ਪੁਰਸਕਾਰ
ਪਟਿਆਲਾ, 08 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ (2026) ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ, ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2026 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਪਿਛਲੇ ਸਾਲ (2025) ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ 31,000/- ਦੇ ਨਾਲ-ਨਾਲ ਇਕ ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਪੁਰਸਕਾਰ ਸਾਲ 2025 ‘ਚ ਛਪੀਆਂ ਪੰਜਾਬੀ ਭਾਸ਼ਾ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਪੰਜਾਬੀ ਪੁਸਤਕਾਂ ਨੂੰ ਦਿੱਤੇ ਜਾਣਗੇ। ਇਨ੍ਹਾਂ ਪੁਰਸਕਾਰਾਂ ਲਈ ਵੱਖ-ਵੱਖ ਵਿਧਾਵਾਂ ਦੀਆਂ 282 ਕਿਤਾਬਾਂ ਪ੍ਰਾਪਤ ਹੋਈਆਂ ਸਨ।
ਐਲਾਨੇ ਗਏ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਤਹਿਤ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਸਵੈ-ਜੀਵਨੀ/ਯਾਦਾਂ/ਰੇਖਾ ਚਿੱਤਰ) ਡਾ. ਰਣਜੀਤ ਸਿੰਘ ਦੀ ਪੁਸਤਕ ‘ਕੋਈ ਨਾਉ ਨਾ ਜਾਣੈ ਮੇਰਾ (ਆਪ ਬੀਤੀਆਂ)’ ਨੂੰ, ਨਾਨਕ ਸਿੰਘ ਪੁਰਸਕਾਰ (ਨਾਵਲ) ਜਸਪਾਲ ਮਾਨਖੇੜਾ ਦੀ ਪੁਸਤਕ ‘ਹਵੇਲੀਆਲ਼ਾ’ ਨੂੰ, ਪ੍ਰਿੰ ਸੁਜਾਨ ਸਿੰਘ ਪੁਰਸਕਾਰ (ਕਹਾਣੀ/ਮਿੰਨੀ ਕਹਾਣੀ ਸੰਗ੍ਰਹਿ) ਭੁਪਿੰਦਰ ਸਿੰਘ ਮਾਨ ਦੀ ਪੁਸਤਕ ‘ਲਾਲ ਰੱਤਾ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ/ਵਿਅੰਗ) ਅਜੈ ਤਨਵੀਰ ਦੀ ਪੁਸਤਕ ‘ਜਾਦੂਨਗਰੀ ਦੇ ਜਾਦੂਗਰ’ ਨੂੰ, ਗਿਆਨੀ ਗੁਰਮੁਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ) ਡਾ. ਨਵਦੀਪ ਕੌਰ ਦੀ ਪੁਸਤਕ ‘ਅਹਿਲਿਆ’ ਨੂੰ, ਈਸ਼ਵਰ ਚੰਦਰ ਨੰਦਾ ਪੁਰਸਕਾਰ (ਨਾਟਕ/ਇਕਾਂਗੀ) ਕੁਲਬੀਰ ਮਲਿਕ ਦੀ ਪੁਸਤਕ ‘ਡਾਕ ਨਿੱਤ ਆਵੇਗੀ…’ ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਜੰਗ ਬਹਾਦੁਰ ਗੋਇਲ ਦੀ ਪੁਸਤਕ ‘ਜੰਗਲ ਤੋਂ ਪਾਰ (ਸੀਤਾ ਰਤਨਾਮਲ)’ ਨੂੰ, ਐੱਮ.ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ/ਸੰਪਾਦਨ) ਪ੍ਰਿੰ. ਲਵਲੀ ਸ. ਪੰਨੂ ਦੀ ਪੁਸਤਕ ‘ਪੁਆਧੀ ਲੋਕ-ਕਾਵਿ (ਟੱਪੇ ਅਤੇ ਜੱਕੜੀਆਂ)’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਹਰੀ ਕ੍ਰਿਸ਼ਨ ਮਾਇਰ ਦੀ ਪੁਸਤਕ ‘ਪਲਾਸਟਿਕ ਦਾ ਡੱਡੂ’ ਨੂੰ ਅਤੇ ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ/ਖੋਜ) ਡਾ. ਧਰਮ ਸਿੰਘ ਦੀ ਪੁਸਤਕ ‘ਪ੍ਰਗਟ ਭਏ ਗੁਰ ਤੇਗ ਬਹਾਦਰ’ ਨੂੰ ਪ੍ਰਦਾਨ ਕੀਤੇ ਜਾਣਗੇ।
ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਵੱਖ-ਵੱਖ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਪ੍ਰਦਾਨ ਕਰ ਦਿੱਤੇ ਜਾਣਗੇ। ਬਾਕੀ ਰਹਿੰਦੇ ਹਿੰਦੀ, ਉਰਦੂ ਅਤੇ ਸੰਸਕ੍ਰਿਤ ਦੇ ਪੁਰਸਕਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।







