ਫ਼ਤਹਿਗੜ੍ਹ ਸਾਹਿਬ, 08 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਗਾਮੀ ਵਿਧਾਨ ਸਭਾ ਚੋਣਾ-2027 ਦੇ ਮੱਦੇਨਜ਼ਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਮੈਪਿੰਗ (ਵਲਨਰੇਬਿਲਟੀ ਮੈਪਿੰਗ) ਅਤੇ ਅਤਿ ਸੰਵੇਦਨਸ਼ੀਲ (ਕ੍ਰਿਟੀਕਲ) ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕਰਨ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਅਮਰਬੀਰ ਕੌਰ ਭੁੱਲਰ,ਐਸ.ਪੀ. ਹਰਵੰਤ ਕੌਰ, ਐਸ.ਡੀ.ਐਮ-ਕਮ-ਰਿਟਰਨਿੰਗ ਅਫਸਰ ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਬਸੀ ਪਠਾਣਾ ਦੀਪਜੋਤ ਕੌਰ, ਅਮਲੋਹ ਹਰਵੀਰ ਕੌਰ, ਡੀ.ਐਸ.ਪੀ. ਫਤਹਿਗੜ੍ਹ ਸਾਹਿਬ ਕੁਲਬੀਰ ਸਿੰਘ, ਡੀ.ਐਸ.ਪੀ.ਅਮਲੋਹ ਰਾਜੇਸ ਕੁਮਾਰ, ਡੀ.ਐਸ.ਪੀ. ਖਮਾਣੋਂ ਗੁਰਮੀਤ ਸਿੰਘ,ਤਹਿਸੀਲਦਾਰ ਚੋਣਾ ਨਿਰਮਲਾ ਰਾਣੀ ਹਾਜਰ ਸਨ। ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਹਿਲਾਂ ਤੋਂ ਪਹਿਚਾਣ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਾਮੀ ਵਿਧਾਨ ਸਭਾ ਚੋਣਾਂ ਲਈ ਸੰਵੇਦਨਸ਼ੀਲ ਖੇਤਰਾਂ ਅਤੇ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਕੇ ਲੋੜੀਂਦੇ ਸੁਰੱਖਿਆ ਪ੍ਰਬੰਧ ਲਈ ਪਹਿਲਾ ਤੋਂ ਤਿਆਰੀ ਕਰ ਲਈ ਜਾਵੇ ਤਾਂ ਜੋ ਹਰੇਕ ਵੋਟਰ ਬਿਨ੍ਹਾਂ ਡਰ, ਦਬਾਅ ਜਾਂ ਕਿਸੇ ਹੋਰ ਪ੍ਰਭਾਵ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਮੂਹ ਆਰ.ਓਜ਼ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵਲਨਰੇਬਿਲਟੀ ਮੈਪਿੰਗ ਦੀ ਰਿਪੋਰਟ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਹਰੇਕ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਰਿਪੋਰਟ ਚੋਣ ਕਮਿਸ਼ਨ ਪੰਜਾਬ ਨੂੰ ਭੇਜੀ ਜਾ ਸਕੇ।







