Homeਪਟਿਆਲਾ ਅਪਡੇਟਵਿਧਾਇਕ ਗੁਰਲਾਲ ਸਿੰਘ ਘਨੌਰ ਤੇ ਖੇਡ ਵਿਭਾਗ ਵੱਲੋਂ ਏਸ਼ਿਆਈ ਖੇਡਾਂ ਵਿੱਚ ਦੋ...

ਵਿਧਾਇਕ ਗੁਰਲਾਲ ਸਿੰਘ ਘਨੌਰ ਤੇ ਖੇਡ ਵਿਭਾਗ ਵੱਲੋਂ ਏਸ਼ਿਆਈ ਖੇਡਾਂ ਵਿੱਚ ਦੋ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ ਸ਼ੂਟਰ ਪਰੀਨਾਜ਼ ਧਾਲੀਵਾਲ ਦਾ ਸਨਮਾਨ

Parinaaz Dhaliwal Honoured for Winning Two Bronze Medals at the Asian Games

ਪਟਿਆਲਾ, 12 ਅਕਤੂਬਰ, 2026 (ਛਤਰਪਾਲ ਸਿੰਘ ) : ਜਾਪਾਨ ਵਿੱਚ ਪਿਛਲੇ ਮਹੀਨੇ ਹੋਈਆਂ ਏਸ਼ਿਆਈ ਖੇਡਾਂ ਵਿੱਚ ਦੋ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ ਪੰਜਾਬ ਦੀ ਸ਼ਾਟਗੰਨ ਨਿਸ਼ਾਨੇਬਾਜ਼ ਪਰੀਨਾਜ਼ ਕੌਰ ਧਾਲੀਵਾਲ ਦਾ ਅੱਜ ਖੇਡ ਵਿਭਾਗ ਅਤੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਪਰੀਨਾਜ਼ ਦੇ ਪਿਤਾ ਰਤਨਦੀਪ ਸਿੰਘ ਧਾਲੀਵਾਲ ਸਮੇਤ ਹੋਰ ਖਿਡਾਰੀ ਅਤੇ ਪਤਵੰਤੇ ਹਾਜ਼ਰ ਸਨ। ਸ਼ੂਟਿੰਗ ਵਿੱਚ ਕੌਮਾਂਤਰੀ ਪੱਧਰ ’ਤੇ ਸ਼ਾਨਦਾਰ ਪ੍ਰਾਪਤੀ ਕਰਨ ਵਾਲੀ ਪਰੀਨਾਜ਼ ਧਾਲੀਵਾਲ ਦਾ ਸਨਮਾਨ ਕਰਦਿਆਂ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਪਟਿਆਲਾ ਦੀ ਧੀ ਨੇ ਪੰਜਾਬ ਦੇ ਨਾਲ-ਨਾਲ ਦੇਸ਼ ਦਾ ਨਾਮ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਪਰੀਨਾਜ਼ ਭਵਿੱਖ ਵਿੱਚ ਓਲੰਪਿਕ ਖੇਡਾਂ ਵਿੱਚ ਵੀ ਤਗ਼ਮਾ ਜਿੱਤ ਕੇ ਦੇਸ਼ ਦਾ ਮਾਣ ਵਧਾਏਗੀ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੇ 2011 ਤੋਂ ਬਕਾਇਆ ਮਹਾਰਾਜਾ ਰਣਜੀਤ ਸਿੰਘ ਐਵਾਰਡ, ਇਨਾਮਾਂ, ਮੈਡਲਾਂ ਅਤੇ ਨੌਕਰੀਆਂ ਤੇ ਤਰੱਕੀਆਂ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ, ਜਿਸ ਨਾਲ ਖਿਡਾਰੀਆਂ ਦਾ ਮਨੋਬਲ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 24 ਖਿਡਾਰੀਆਂ ਨੂੰ ਡੀਐੱਸਪੀ ਨਿਯੁਕਤ ਕਰਨ ਸਮੇਤ ਹੋਰ ਗਜ਼ਟਿਡ ਅਹੁਦਿਆਂ ’ਤੇ ਭਰਤੀਆਂ ਕੀਤੀਆਂ ਹਨ। ਇਸ ਤੋਂ ਇਲਾਵਾ, ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਪਰੀਨਾਜ਼ ਧਾਲੀਵਾਲ ਨੇ ਏਸ਼ਿਆਈ ਖੇਡਾਂ ਦੀ ਤਿਆਰੀ ਲਈ ਸਾਲ 2023 ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ 8 ਲੱਖ ਰੁਪਏ ਦੀ ਸਹਾਇਤਾ ਤੋਂ ਇਲਾਵਾ ਵਿਸ਼ਵ ਕੱਪ ਅਤੇ ਵਿਸ਼ਵ ਚੈਂਪੀਅਨਸ਼ਿਪ ਦੀ ਤਿਆਰੀ ਲਈ 5-5 ਲੱਖ ਰੁਪਏ ਅਤੇ ਜਾਪਾਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਲਈ 8 ਲੱਖ ਰੁਪਏ ਦੀ ਵਿੱਤੀ ਮਦਦ ਦੇਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
 ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਕੀਟ ਮਹਿਲਾ ਟੀਮ ਅਤੇ ਸਕੀਟ ਮਿਕਸਡ ਟੀਮ ਮੁਕਾਬਲਿਆਂ ਵਿੱਚ ਕਾਂਸੀ ਦੇ ਤਗ਼ਮੇ ਜਿੱਤੇ ਹਨ। ਉਹ ਵਿਅਕਤੀਗਤ ਮੁਕਾਬਲੇ ਦੇ ਫਾਈਨਲ ਲਈ ਵੀ ਕੁਆਲੀਫਾਈ ਕਰ ਚੁੱਕੀ ਸੀ। ਉਨ੍ਹਾਂ ਕਿਹਾ ਕਿ ਨਿਸ਼ਾਨੇਬਾਜ਼ੀ ਇੱਕ ਮਹਿੰਗੀ ਖੇਡ ਹੈ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਮਿਲੀ ਵਿੱਤੀ ਸਹਾਇਤਾ ਉਨ੍ਹਾਂ ਲਈ ਬੇਹੱਦ ਮਹੱਤਵਪੂਰਨ ਰਹੀ ਹੈ।
ਪਰੀਨਾਜ਼ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕਰਨ, ਤਾਂ ਜੋ ਬੱਚੇ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਖੇਡਾਂ ਦੇ ਖੇਤਰ ਵਿੱਚ ਵੀ ਕਾਮਯਾਬੀ ਹਾਸਲ ਕਰ ਸਕਣ।
 ਇਸ ਮੌਕੇ ਸਪੋਰਟਸ ਅਫ਼ਸਰ, ਬਿਜਲੀ ਨਿਗਮ ਅਮਰਿੰਦਰ ਸਿੰਘ, ਕੌਮਾਂਤਰੀ ਖਿਡਾਰੀ ਰਣਧੀਰ ਸਿੰਘ, ਬਾਸਕਟਬਾਲ ਕੋਚ ਕਵਲਦੀਪ ਸਿੰਘ ਅਤੇ ਵਾਲੀਬਾਲ ਕੋਚ ਪਰਮਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments