ਚੰਡੀਗੜ੍ਹ, 30 ਅਕਤੂਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਦੇਰ ਸ਼ਾਮ ਅੰਬਾਲਾ ਛਾਉਣੀ ਵਿੱਚ ਆਉਣ ਵਾਲੀ 5 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਪ੍ਰਸਤਾਵਿਤ ਪ੍ਰੋਗਰਾਮ ਦੇ ਮੱਦੇਨਜ਼ਰ ਗਾਂਧੀ ਗਰਾਊਂਡ (ਰੈਲੀ ਵਾਲੀ ਥਾਂ) ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇੱਥੇ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਲੈਂਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਇੱਥੇ ਪਹੁੰਚਣ ’ਤੇ ਟਰਾਂਸਪੋਰਟ, ਊਰਜਾ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ 5 ਨਵੰਬਰ ਨੂੰ ਅੰਬਾਲਾ ਛਾਉਣੀ ਵਿੱਚ ਬਣਾਏ ਗਏ ਪਹਿਲੀ ਆਜ਼ਾਦੀ ਦੀ ਲੜਾਈ ਦੇ ਸ਼ਾਨਦਾਰ ਸ਼ਹੀਦੀ ਸਮਾਰਕ ਦਾ ਉਦਘਾਟਨ ਕਰਨਗੇ। ਇਸ ਮੌਕੇ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਆਦਿਤਿਆ ਦਹੀਆ, ਸਾਬਕਾ ਰਾਜ ਮੰਤਰੀ ਅਸੀਮ ਗੋਇਲ ਅਤੇ ਸ਼ਹੀਦੀ ਸਮਾਰਕ ਦੇ ਡਾਇਰੈਕਟਰ ਡਾ. ਕੁਲਦੀਪ ਸੈਣੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਕੈਬਨਿਟ ਮੰਤਰੀ ਸ੍ਰੀ ਅਨਿਲ ਵਿੱਜ ਨੇ ਅੰਬਾਲਾ ਛਾਉਣੀ ਦੇ ਗਾਂਧੀ ਗਰਾਊਂਡ ਵਿੱਚ ਹੋਣ ਵਾਲੀ ਰੈਲੀ ਲਈ ਇੱਥੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸਚਿਨ ਗੁਪਤਾ ਨੇ ਪ੍ਰੋਗਰਾਮ ਦੇ ਮੱਦੇਨਜ਼ਰ ਕੀਤੇ ਜਾਣ ਵਾਲੇ ਕੰਮਾਂ ਅਤੇ ਰੂਪ-ਰੇਖਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਨੇ ਇਸ ਮੌਕੇ ਮੰਚ ਦੀ ਵਿਵਸਥਾ, ਸੁਰੱਖਿਆ ਪ੍ਰਬੰਧਾਂ, ਵੀ.ਵੀ.ਆਈ.ਪੀ. ਅਤੇ ਵੀ.ਆਈ.ਪੀ. ਦੇ ਆਉਣ-ਜਾਣ ਦੇ ਪ੍ਰਬੰਧਾਂ ਦੇ ਨਾਲ-ਨਾਲ ਉਨ੍ਹਾਂ ਦੇ ਬੈਠਣ ਦੀ ਵਿਵਸਥਾ, ਆਮ ਲੋਕਾਂ ਦੇ ਬੈਠਣ ਦੀ ਵਿਵਸਥਾ, ਪਾਰਕਿੰਗ ਦੇ ਪ੍ਰਬੰਧਾਂ ਅਤੇ ਹੋਰ ਲੋੜੀਂਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਨੇ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ। ਅੰਬਾਲਾ ਛਾਉਣੀ ਦੇ ਗਾਂਧੀ ਗਰਾਊਂਡ ਵਿੱਚ ਇੱਕ ਵਿਸ਼ਾਲ ਜਨ ਸਭਾ ਕਰਵਾਈ ਜਾਵੇਗੀ।





