ਪਰਾਲੀ ਪ੍ਰਬੰਧਨ ਲਈ ਫੀਲਡ ਸਟਾਫ ਸਮੇਤ ਸਬੰਧਤ ਅਧਿਕਾਰੀ ਪਿੰਡ ਪੱਧਰ ਤੇ ਕਿਸਾਨਾਂ ਨੂੰ ਕਰਨ ਜਾਗਰੂਕ- ਡਾ. ਸੋਨਾ ਥਿੰਦ
ਫਤਹਿਗੜ੍ਹ ਸਾਹਿਬ, 30 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਜ਼ਿਲ੍ਹਾ ਫ਼ਤਹਿਗੜ੍ ਸਾਹਿਬ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਕਾਨਫਰੰਸ ਰੂਮ ਵਿਖੇ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਮੁਹ ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨਾਲ ਮਿਲਕੇ ਜ਼ਮੀਨੀ ਪੱਧਰ ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਫੀਲਡ ਅਫ਼ਸਰ ਪਰਾਲੀ ਪ੍ਰਬੰਧਨ ਦੀ ਡਿਊਟੀ ਨੂੰ ਜਿੰਮੇਵਾਰੀ ਨਾਲ ਕਰਨਾ ਯਕੀਨੀ ਬਣਾਉਣ। ਉਨ੍ਹਾਂ ਸਮੂਹ ਐਸ.ਡੀ.ਐਮਜ਼, ਖੇਤੀਬਾੜੀ ਵਿਭਾਗ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਫੀਲਡ ਵਿੱਚ ਤਾਇਨਾਤ ਟੀਮਾਂ ਨੂੰ ਪਰਾਲੀ ਦੇ ਯੋਗ ਨਿਪਟਾਰੇ ਲਈ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧੇ ਤੌਰ ਤੇ ਰਾਬਤਾ ਕਰਨ ਦੇ ਆਦੇਸ਼ ਦਿੱਤੇ।
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠਲ੍ਹ ਪਾਉਣ ਲਈ ਕਿਸਾਨਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਅਤੇ ਹੋਰ ਖੇਤੀ ਮਸ਼ੀਨਰੀ ਦੀ ਮਦਦ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਰਪੰਚਾਂ ਨਾਲ ਰਾਬਤਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਵਾਹੁਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪ੍ਰਸ਼ਾਸਨ ਨੂੰ ਕਿਸੇ ਕਿਸਮ ਦੀ ਸਖਤੀ ਨਾ ਵਰਤਣੀ ਪਵੇ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਸਾਨਾਂ ਅਤੇ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵਿੱਢੀ ਜਾਗਰੂਕਤਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਕੀਤਾ ਜਾਵੇ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਰਹਿਤ ਮਾਹੌਲ ਮਿਲ ਸਕੇ ਜੋ ਸਾਡੀ ਸਾਰਿਆਂ ਦੀ ਨੈਮਿਕ ਜਿੰਮੇਵਾਰੀ ਵੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਪੀ ਹਰਵੰਤ ਕੌਰ, ਐਸ.ਡੀ.ਐਮ ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ ਬੱਸੀ ਪਠਾਣਾ ਦੀਪਜੋਤ ਕੌਰ, ਐਸ.ਡੀ.ਐਮ ਖਮਾਣੋ ਅਰਵਿੰਦ ਗੁਪਤਾ, ਐਸ.ਡੀ.ਐਮ ਅਮਲੋਹ ਹਰਵੀਰ ਕੌਰ, ਸਹਾਇਕ ਕਮਿਸ਼ਨਰ (ਜ) ਸੂਬਾ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜਗਦੇਵ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।






