ਸੰਗਰੂਰ, 30 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਮਾਝੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਿਆ, ਜਦੋਂ ਮੌਜੂਦਾ ਪੰਚ ਬਿੰਦਰ ਕੌਰ, ਪਤਨੀ ਸੁਖਪਾਲ ਸਿੰਘ ਨਿੱਕਾ, ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਿੱਚ ਹਰ ਵਰਕਰ ਅਤੇ ਸਾਥੀ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਅਤੇ ਪਿੰਡ ਦੀਆਂ ਲੋੜਾਂ ਨੂੰ ਸਮਝਣ ਵਾਲੇ ਸਾਥੀਆਂ ਦੇ ਜੁੜਨ ਨਾਲ ਲੋਕ ਸੇਵਾ ਦੇ ਉਪਰਾਲਿਆਂ ਨੂੰ ਹੋਰ ਬਲ ਮਿਲਦਾ ਹੈ।

ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰ ਅਤੇ ਸਾਥੀਆਂ ਨੂੰ ਪਿੰਡ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਵਿਧਾਇਕ ਭਰਾਜ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਰੱਖਣਾ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਲੋੜਾਂ ਅਨੁਸਾਰ ਅੱਗੇ ਵਧਾਉਣ ਲਈ ਪੰਚਾਇਤਾਂ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਦੇ ਸੁਝਾਵਾਂ ਅਤੇ ਤਜਰਬੇ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਲੋਕ ਭਲਾਈ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਜਸਵਿੰਦਰ ਕੌਰ, ਸਰਪੰਚ ਕਰਨੈਲ ਸਿੰਘ ਅਤੇ ਹਲਕਾ ਸੰਗਠਨ ਇੰਚਾਰਜ ਤੇ ਬਲਾਕ ਸੰਮਤੀ ਮੈਂਬਰ ਵਿਕਰਮਜੀਤ ਸਿੰਘ ਨਕਟੇ ਵੀ ਹਾਜ਼ਰ ਸਨ।






