ਨਵੀਂ ਦਿੱਲੀ, 2 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ ) : ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (GRAP) ਤਹਿਤ ਟ੍ਰੈਫਿਕ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। 1 ਨਵੰਬਰ ਨੂੰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਉਂਦਿਆਂ ਕੁੱਲ 7,279 ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 714 ਵਾਹਨਾਂ ਨੂੰ ਦਿੱਲੀ ਦੀਆਂ ਹੱਦਾਂ ਤੋਂ ਵਾਪਸ ਮੋੜ ਦਿੱਤਾ ਗਿਆ, ਜਦਕਿ 38 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਅਤੇ 10 ਵਾਹਨਾਂ ਦੇ ਚਲਾਨ ਕੱਟੇ ਗਏ।ਦਿੱਲੀ ਟ੍ਰੈਫਿਕ ਪੁਲਿਸ ਨੇ ਦੱਸਿਆ ਕਿ ਇਹ ਕਾਰਵਾਈ 1 ਨਵੰਬਰ ਨੂੰ ਰਾਤ 12 ਵਜੇ ਤੋਂ ਸ਼ਾਮ 8 ਵਜੇ ਤੱਕ ਕੀਤੀ ਗਈ। ਪ੍ਰਦੂਸ਼ਣ ਕੰਟਰੋਲ ਸਬੰਧੀ ਪਾਬੰਦੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਐਤਵਾਰ ਨੂੰ ਗੁਆਂਢੀ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਵੀ ਕੀਤੀ ਗਈ। ਲੋਕਾਂ ਨੂੰ GRAP ਦੇ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਟ੍ਰੈਫਿਕ ਪੁਲਿਸ ਵੱਲੋਂ ਅਖ਼ਬਾਰਾਂ, ਸੋਸ਼ਲ ਮੀਡੀਆ ਅਤੇ ਰੇਡੀਓ ਦੀ ਮਦਦ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਦਿੱਲੀ ਦੀਆਂ ਸਰਹੱਦਾਂ ’ਤੇ ਜਾਣਕਾਰੀ ਬੋਰਡ ਲਗਾਏ ਗਏ ਹਨ ਅਤੇ ਵਾਹਨ ਚਾਲਕਾਂ ਨੂੰ ਜਾਗਰੂਕਤਾ ਪੈਂਫਲੈਟ ਵੀ ਵੰਡੇ ਜਾ ਰਹੇ ਹਨ।
ਇਸ ਤੋਂ ਪਹਿਲਾਂ 25 ਅਕਤੂਬਰ ਨੂੰ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ NCR ਦੇ ਗੁਆਂਢੀ ਜ਼ਿਲ੍ਹਿਆਂ ਦੇ ਟ੍ਰੈਫਿਕ ਪੁਲਿਸ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਕੇ ਆਉਣ ਵਾਲੇ ਸਰਦੀਆਂ ਦੇ ਮਹੀਨਿਆਂ ਦੌਰਾਨ ਪ੍ਰਦੂਸ਼ਣ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਇਸ ਮੀਟਿੰਗ ਵਿੱਚ ਨੋਇਡਾ, ਫਰੀਦਾਬਾਦ, ਗੁਰੂਗ੍ਰਾਮ, ਸੋਨੀਪਤ ਅਤੇ ਬਹਾਦਰਗੜ੍ਹ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਮੀਟਿੰਗ ਦੌਰਾਨ ਦਿੱਲੀ ਦੀਆਂ ਸਰਹੱਦਾਂ ’ਤੇ ਟ੍ਰੈਫਿਕ ਜਾਮ ਘਟਾਉਣ, ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੀ ਜਾਂਚ ਕਰਨ ਅਤੇ ਨਿਰਧਾਰਤ ਨਿਕਾਸੀ ਮਾਪਦੰਡਾਂ ਦੀ ਪਾਲਣਾ ਨਾ ਕਰਨ ਵਾਲੀਆਂ ਬੱਸਾਂ ਨੂੰ ਦਿੱਲੀ ਵਿੱਚ ਦਾਖ਼ਲ ਹੋਣ ਤੋਂ ਰੋਕਣ ’ਤੇ ਵਿਚਾਰ ਕੀਤਾ ਗਿਆ। ਅਧਿਕਾਰੀਆਂ ਅਨੁਸਾਰ ਟ੍ਰੈਫਿਕ ਅਤੇ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਰੋਜ਼ਾਨਾ 10 ਹਜ਼ਾਰ ਤੋਂ ਵੱਧ ਚਲਾਨ ਕੀਤੇ ਜਾ ਰਹੇ ਹਨ।
ਪੁਰਾਣੇ ਪੈਟਰੋਲ ਅਤੇ ਡੀਜ਼ਲ ਵਾਹਨਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਦਿੱਲੀ ਵਿੱਚ ਨਾ ਜਾਣ ਵਾਲੇ ਟਰੱਕਾਂ ਨੂੰ ਈਸਟਰਨ ਅਤੇ ਵੈਸਟਰਨ ਪੈਰੀਫੇਰਲ ਐਕਸਪ੍ਰੈੱਸਵੇਅ ਰਾਹੀਂ ਹੋਰ ਰਸਤਿਆਂ ਵੱਲ ਭੇਜਣ ਦੀ ਯੋਜਨਾ ਵੀ ਬਣਾਈ ਗਈ ਹੈ। ਨਿਯਮਾਂ ਅਨੁਸਾਰ ਦਿੱਲੀ-NCR ਵਿੱਚ ਚੱਲਣ ਵਾਲੀਆਂ ਬੱਸਾਂ ਲਈ ਬਿਜਲੀ, CNG ਜਾਂ BS-VI ਮਾਪਦੰਡਾਂ ਵਾਲੇ ਡੀਜ਼ਲ ਦੀ ਵਰਤੋਂ ਲਾਜ਼ਮੀ ਹੈ। ਇਸ ਤੋਂ ਇਲਾਵਾ ਸੜਕਾਂ ਦੀ ਮਕੈਨੀਕਲ ਸਫ਼ਾਈ, ਪਾਣੀ ਦਾ ਛਿੜਕਾਅ ਅਤੇ ਧੂੜ ਨੂੰ ਕਾਬੂ ਕਰਨ ਵਾਲੇ ਹੋਰ ਉਪਾਅ ਵੀ ਤੇਜ਼ ਕੀਤੇ ਜਾਣਗੇ। GRAP ਦੀਆਂ ਪਾਬੰਦੀਆਂ ਹੋਰ ਸਖ਼ਤ ਹੋਣ ਦੀ ਸਥਿਤੀ ਵਿੱਚ ਵਾਧੂ ਇਨਫੋਰਸਮੈਂਟ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ।ਜ਼ਿਕਰਯੋਗ ਹੈ ਕਿ ਦਿੱਲੀ-NCR ਵਿੱਚ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਕਾਰਨ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ 21 ਅਕਤੂਬਰ ਨੂੰ ਪੂਰੇ ਦਿੱਲੀ-NCR ਵਿੱਚ GRAP ਦਾ ਪਹਿਲਾ ਪੜਾਅ ਲਾਗੂ ਕੀਤਾ ਸੀ। ਵਾਤਾਵਰਣ ਮੰਤਰੀ ਨੇ ਕਿਹਾ ਹੈ ਕਿ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਅਤੇ ਆਸ-ਪਾਸ ਦੇ NCR ਜ਼ਿਲ੍ਹਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।






