ਅਧਿਕਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਸ਼ਿਕਾਇਤਾਂ ਹੱਲ ਕਰਨ ਅਤੇ ਕਾਰਵਾਈ ਦੀ ਰਿਪੋਰਟ ਪੋਰਟਲ ’ਤੇ ਅਪਲੋਡ ਕਰਨ ਦੇ ਨਿਰਦੇਸ਼
ਕੁਰੂਕਸ਼ੇਤਰ, 2 ਨਵੰਬਰ, 2026 (ਸੰਜੀਵ ਸ਼ਰਮਾ) : ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਵਿਕਾਸ ਕੁਮਾਰ ਨੇ ਕਿਹਾ ਕਿ ਸਮਾਧਾਨ ਕੈਂਪਾਂ ਰਾਹੀਂ ਪ੍ਰਾਪਤ ਹੋਣ ਵਾਲੀਆਂ ਸਾਰੀਆਂ ਸ਼ਿਕਾਇਤਾਂ ਨੂੰ ਅਧਿਕਾਰੀ ਗੰਭੀਰਤਾ ਨਾਲ ਲੈਣ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਉਣ, ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਸ਼ਿਕਾਇਤ ਨੂੰ ਪੋਰਟਲ ’ਤੇ ਅਪਲੋਡ ਕੀਤਾ ਜਾਵੇ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਸੋਮਵਾਰ ਨੂੰ ਸਥਾਨਕ ਲਘੂ ਸਕੱਤਰੇਤ ਦੇ ਸਭਾ ਹਾਲ ਵਿੱਚ ਲਗਾਏ ਗਏ ਸਮਾਧਾਨ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮਾਂ-ਸੀਮਾ ਅੰਦਰ ਕੀਤਾ ਜਾਵੇ। ਜਿਨ੍ਹਾਂ ਵਿਭਾਗਾਂ ਦੀਆਂ ਸ਼ਿਕਾਇਤਾਂ ਲੰਬਿਤ ਪਈਆਂ ਹਨ, ਉਨ੍ਹਾਂ ਦਾ ਜਲਦੀ ਹੱਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਸਮਾਧਾਨ ਕੈਂਪ ਸਰਕਾਰ ਦੇ ਸੁਸ਼ਾਸਨ ਦੇ ਸੰਕਲਪ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ। ਸਾਰੇ ਵਿਭਾਗਾਂ ਦੇ ਮੁਖੀ ਇਹ ਯਕੀਨੀ ਬਣਾਉਣ ਕਿ ਹਰ ਸ਼ਿਕਾਇਤ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਗੁਣਵੱਤਾ ਭਰਪੂਰ ਕਾਰਵਾਈ ਰਿਪੋਰਟ (ਏ.ਟੀ.ਆਰ.) ਪੋਰਟਲ ’ਤੇ ਅਪਲੋਡ ਕਰਨ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਹੱਲ ਹੋ ਚੁੱਕੀ ਸ਼ਿਕਾਇਤ ਮੁੜ ਨਾ ਖੁੱਲ੍ਹੇ। ਜਿਨ੍ਹਾਂ ਸ਼ਿਕਾਇਤਾਂ ਦਾ ਹੱਲ ਸੰਭਵ ਨਹੀਂ ਹੈ, ਉਨ੍ਹਾਂ ਨੂੰ ਨਿਯਮਾਂ ਅਨੁਸਾਰ ਰੱਦ ਕੀਤੀ ਸ਼੍ਰੇਣੀ ਵਿੱਚ ਦਰਜ ਕੀਤਾ ਜਾਵੇ। ਵਿਕਾਸ ਕੁਮਾਰ ਨੇ ਕਿਹਾ ਕਿ ਸਮਾਧਾਨ ਕੈਂਪ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਇੱਕ ਮਜ਼ਬੂਤ ਮੰਚ ਹਨ। ਇਨ੍ਹਾਂ ਕੈਂਪਾਂ ਵਿੱਚ ਬਿਜਲੀ, ਪਾਣੀ, ਪਰਿਵਾਰ ਪਹਿਚਾਣ ਪੱਤਰ, ਬੁਢਾਪਾ ਪੈਨਸ਼ਨ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਦਿਨਾਂ ’ਤੇ ਸਮਾਧਾਨ ਕੈਂਪਾਂ ਵਿੱਚ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਦਰਜ ਕਰਵਾਉਣ ਅਤੇ ਉਨ੍ਹਾਂ ਦਾ ਹੱਲ ਕਰਵਾਉਣ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।






