ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਮੀਟਿੰਗ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ
ਨਾਭਾ, 2 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 2 ਨਵੰਬਰ ਨੂੰ ਨਾਭਾ ਹਲਕੇ ਵਿੱਚ ਆਮਦ ਨੂੰ ਲੈ ਕੇ ਪਾਰਟੀ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵੱਲੋਂ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਰਗਰਮੀਆਂ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਮੱਖਣ ਸਿੰਘ ਲਾਲਕਾ ਨੇ ਨਾਭਾ ਸ਼ਹਿਰ ਦੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਨੂੰ ਲੈ ਕੇ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਪਾਰੀ ਵਰਗ ਅਤੇ ਆਮ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਆਇਆ ਹੈ। ਆਉਣ ਵਾਲੀ ਮੀਟਿੰਗ ਦੌਰਾਨ ਇਲਾਕੇ ਦੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਪਾਰਟੀ ਪ੍ਰਧਾਨ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ, ਤਾਂ ਜੋ ਉਨ੍ਹਾਂ ਦੇ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾ ਸਕੇ। ਮੱਖਣ ਸਿੰਘ ਲਾਲਕਾ ਨੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਇਸ ਮੀਟਿੰਗ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਦੁਕਾਨਦਾਰਾਂ ਨੇ ਵੀ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਡਵੋਕੇਟ ਬਬਲੂ ਖੋਰਾ, ਸ਼ਹਿਰੀ ਪ੍ਰਧਾਨ ਅਤੇ ਕੌਂਸਲਰ ਸੇਵਕ ਸਿੰਘ ਗੋਲੂ, ਜਨਰਲ ਕੌਂਸਲ ਮੈਂਬਰ ਜੱਸਾ ਖੋਖ, ਵਪਾਰ ਵਿੰਗ ਦੇ ਪ੍ਰਧਾਨ ਨਰੇਸ਼ ਕੁਮਾਰ ਗਰਗ ਤੋਂ ਇਲਾਵਾ ਸਥਾਨਕ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਬਾਜ਼ਾਰਾਂ ਦੇ ਪਤਵੰਤੇ ਦੁਕਾਨਦਾਰ ਹਾਜ਼ਰ ਸਨ।






