ਚੰਡੀਗੜ੍ਹ, 3 ਨਵੰਬਰ, 2026 (ਸੰਜੀਵ ਸ਼ਰਮਾ ) : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਮੰਗਲਵਾਰ ਨੂੰ ਜੀਂਦ ਜ਼ਿਲ੍ਹੇ ਦੀ ਅੰਤਰਰਾਸ਼ਟਰੀ ਪਹਿਲਵਾਨ ਅਤੇ ਵਿਸ਼ਵ ਚੈਂਪੀਅਨ ਮਨੀਸ਼ਾ ਭਾਨਵਾਲਾ ਨੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਜ਼ਾਕਿਸਤਾਨ ਵਿੱਚ ਕਰਵਾਈ ਗਈ ਸੀਨੀਅਰ ਵਰਲਡ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੋਸ਼ਨ ਕਰਨ ‘ਤੇ ਮਨੀਸ਼ਾ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਮਨੀਸ਼ਾ ਦੀ ਇਹ ਇਤਿਹਾਸਕ ਪ੍ਰਾਪਤੀ ਹਰਿਆਣਾ ਸਮੇਤ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਮਨੀਸ਼ਾ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਹਰ ਸੰਭਵ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ। ਇਸ ਮੌਕੇ ਖੇਡ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ, ਕੋਚ ਮਨਦੀਪ ਸਿੰਘ ਵੀ ਮੌਜੂਦ ਸਨ।

ਮਨੀਸ਼ਾ ਭਾਨਵਾਲਾ ਨੇ ਕਜ਼ਾਕਿਸਤਾਨ ਵਿੱਚ ਕਰਵਾਈ ਗਈ ਸੀਨੀਅਰ ਵਰਲਡ ਰੈਸਲਿੰਗ ਚੈਂਪੀਅਨਸ਼ਿਪ ਵਿੱਚ 59 ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤ ਕੇ ਵਰਲਡ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇਸ ਪ੍ਰਾਪਤੀ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੀ ਪਹਿਲੀ ਮਹਿਲਾ ਪਹਿਲਵਾਨ ਵਜੋਂ ਇਹ ਇਤਿਹਾਸਕ ਸਫਲਤਾ ਪ੍ਰਾਪਤ ਕੀਤੀ। ਮਨੀਸ਼ਾ ਇਸ ਤੋਂ ਪਹਿਲਾਂ ਵੀ ਅੰਤਰਰਾਸ਼ਟਰੀ ਕੁਸ਼ਤੀ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਅਤੇ ਮਿਹਨਤ ਦਾ ਲੋਹਾ ਮਨਵਾ ਚੁੱਕੀ ਹੈ। ਉਨ੍ਹਾਂ ਨੇ ਸਾਲ 2025 ਵਿੱਚ ਜਾਰਡਨ ਵਿੱਚ ਕਰਵਾਈ ਗਈ ਏਸ਼ੀਅਨ ਚੈਂਪੀਅਨਸ਼ਿਪ ਵਿੱਚ 62 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ, ਸਾਲ 2026 ਵਿੱਚ ਕਰਵਾਈ ਗਈ ਵਰਲਡ ਰੈਂਕਿੰਗ ਸੀਰੀਜ਼ ਵਿੱਚ ਵੀ ਉਨ੍ਹਾਂ ਨੇ ਸੋਨ ਤਗਮਾ ਜਿੱਤ ਕੇ ਆਪਣੀ ਸਰਵੋਤਮਤਾ ਸਾਬਤ ਕੀਤੀ।
ਮਨੀਸ਼ਾ ਦੀਆਂ ਅੰਤਰਰਾਸ਼ਟਰੀ ਪ੍ਰਾਪਤੀਆਂ ਦਾ ਸਿਲਸਿਲਾ ਇੱਥੋਂ ਤੱਕ ਹੀ ਸੀਮਤ ਨਹੀਂ ਹੈ। ਉਨ੍ਹਾਂ ਨੇ ਸਾਲ 2022 ਦੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ, ਸਾਲ 2023 ਵਿੱਚ ਕਾਂਸੀ ਦਾ ਤਗਮਾ ਅਤੇ ਸਾਲ 2024 ਵਿੱਚ ਫਿਰ ਤੋਂ ਕਾਂਸੀ ਦਾ ਤਗਮਾ ਜਿੱਤ ਕੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੀਆਂ ਧੀਆਂ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀਆਂ ਹਨ। ਮਨੀਸ਼ਾ ਭਾਨਵਾਲਾ ਵਰਗੀ ਹੋਣਹਾਰ ਖਿਡਾਰਨ ਸੂਬੇ ਦੀ ਨੌਜਵਾਨ ਪੀੜ੍ਹੀ, ਖਾਸ ਕਰਕੇ ਧੀਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਦੀ ਸਫਲਤਾ ਇਹ ਸਾਬਤ ਕਰਦੀ ਹੈ ਕਿ ਦ੍ਰਿੜ੍ਹ ਸੰਕਲਪ, ਸਖ਼ਤ ਮਿਹਨਤ ਅਤੇ ਸਮਰਪਣ ਨਾਲ ਕਿਸੇ ਵੀ ਨਿਸ਼ਾਨੇ ਨੂੰ ਹਾਸਲ ਕੀਤਾ ਜਾ ਸਕਦਾ ਹੈ।






