ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਕਾਂਗਰਸ ਵੱਲੋਂ ਚੋਣ ਮੁਹਿੰਮ ਦਾ ਆਗਾਜ਼, ਸਿਆਸੀ ਵਿਰੋਧੀਆਂ ’ਤੇ ਤਿੱਖੇ ਹਮਲਿਆਂ ਦੀ ਸੰਭਾਵਨਾ
ਸੰਗਰੂਰ, 4 ਨਵੰਬਰ 2026 (ਸ਼ਹੀਦ-ਏ-ਆਜ਼ਮ ਬਿਊਰੋ) : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਅੱਜ ਸੰਗਰੂਰ ਵਿਖੇ ‘ਇਨਸਾਫ਼ ਰੈਲੀ’ ਕਰਵਾਈ ਜਾ ਰਹੀ ਹੈ, ਜਿਸ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਸੰਬੋਧਨ ਕਰਨਗੇ। ਇਸ ਰੈਲੀ ਨੂੰ ਪੰਜਾਬ ਵਿੱਚ ਕਾਂਗਰਸ ਦੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਰੈਲੀ ਦੌਰਾਨ ਰਾਹੁਲ ਗਾਂਧੀ ਵੱਲੋਂ ਭਾਜਪਾ ਦੇ ਨਾਲ-ਨਾਲ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਹੋਰ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸੰਭਾਵਨਾ ਹੈ। ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਦਿੱਤਾ ਗਿਆ ਹੈ। ਪਾਰਟੀ ਆਗੂਆਂ ਵੱਲੋਂ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਸਮਰਥਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਗਏ ਹਨ। ਸੰਗਰੂਰ ਵਿੱਚ ਹੋਣ ਵਾਲੀ ਇਸ ਰੈਲੀ ਨੂੰ ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੇ ਚੋਣ ਵਰ੍ਹੇ ਲਈ ਕਾਂਗਰਸ ਦੀ ਰਣਨੀਤੀ ਅਤੇ ਸਿਆਸੀ ਦਿਸ਼ਾ ਦੇ ਅਹਿਮ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।






