Homeਦੇਸ਼ਪੰਜਾਬ, ਹਰਿਆਣਾ ਤੇ ਦਿੱਲੀ ’ਚ 12 ਤੋਂ 15 ਨਵੰਬਰ ਤੱਕ ਮੀਂਹ ਦੇ...

ਪੰਜਾਬ, ਹਰਿਆਣਾ ਤੇ ਦਿੱਲੀ ’ਚ 12 ਤੋਂ 15 ਨਵੰਬਰ ਤੱਕ ਮੀਂਹ ਦੇ ਆਸਾਰ, ਪੱਛਮੀ ਗੜਬੜੀ ਨਾਲ ਵਧੇਗੀ ਠੰਢ; ਪਹਾੜਾਂ ’ਚ ਬਰਫ਼ਬਾਰੀ ਦੀ ਚੇਤਾਵਨੀ

ਨਵੀਂ ਦਿੱਲੀ, 9 ਨਵੰਬਰ 2026: ਦੀਵਾਲੀ ਤੋਂ ਬਾਅਦ ਮੌਸਮ ਵਿੱਚ ਆਏ ਬਦਲਾਅ ਦਰਮਿਆਨ ਉੱਤਰੀ ਭਾਰਤ ਵਿੱਚ ਹੁਣ ਠੰਢ ਦਾ ਅਸਰ ਤੇਜ਼ ਹੋਣ ਵਾਲਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਮਾਨ ਅਨੁਸਾਰ 10 ਨਵੰਬਰ ਦੀ ਰਾਤ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸ ਕਾਰਨ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੌਸਮੀ ਤਬਦੀਲੀ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਠੰਢ ਵਧਣ ਦੇ ਆਸਾਰ ਹਨ।

ਮੌਸਮ ਵਿਭਾਗ ਵੱਲੋਂ ਜਾਰੀ ਪੂਰਵ ਅਨੁਮਾਨ ਮੁਤਾਬਕ 12 ਤੋਂ 15 ਨਵੰਬਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ 12 ਤੋਂ 14 ਨਵੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਮੌਸਮ ਵਿੱਚ ਹੋਣ ਵਾਲੇ ਬਦਲਾਅ ਨੂੰ ਧਿਆਨ ਵਿੱਚ ਰੱਖ ਕੇ ਆਪਣੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣੀ ਪਵੇਗੀ।

ਪਹਾੜੀ ਖੇਤਰਾਂ ਵਿੱਚ ਮੌਸਮ ਹੋਰ ਖ਼ਰਾਬ ਰਹਿਣ ਦੀ ਸੰਭਾਵਨਾ ਹੈ। 12 ਅਤੇ 13 ਨਵੰਬਰ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਕਸ਼ਮੀਰ ਘਾਟੀ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੌਰਾਨ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ 12 ਅਤੇ 13 ਨਵੰਬਰ ਨੂੰ ਮੀਂਹ ਅਤੇ ਬੱਦਲਵਾਈ ਦੇ ਆਸਾਰ ਹਨ।

ਇਸ ਦੌਰਾਨ ਦਿੱਲੀ ਵਿੱਚ ਸਵੇਰ ਸਮੇਂ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਸਫ਼ਦਰਜੰਗ ਮੌਸਮ ਕੇਂਦਰ ਵਿਖੇ ਦ੍ਰਿਸ਼ਟੀ ਘਟ ਕੇ 50 ਮੀਟਰ ਤੱਕ ਦਰਜ ਕੀਤੀ ਗਈ ਹੈ। 10 ਤੋਂ 12 ਨਵੰਬਰ ਦੌਰਾਨ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 27 ਤੋਂ 29 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 14 ਤੋਂ 16 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।

ਉੱਤਰੀ ਭਾਰਤ ਤੋਂ ਇਲਾਵਾ ਦੱਖਣੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ। ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ 9-10 ਅਤੇ 15 ਨਵੰਬਰ ਨੂੰ ਚੱਕਰਵਾਤੀ ਮੌਸਮੀ ਪ੍ਰਭਾਵ ਕਾਰਨ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ 10 ਤੋਂ 14 ਨਵੰਬਰ ਤੱਕ ਅੰਡੇਮਾਨ-ਨਿਕੋਬਾਰ ਟਾਪੂਆਂ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਵੀ ਮੀਂਹ ਪੈਣ ਦੇ ਆਸਾਰ ਹਨ।

 

RELATED ARTICLES
- Advertisment -
Google search engine
Google search engine
Google search engine

Most Popular

Recent Comments