Homeਪਟਿਆਲਾ ਅਪਡੇਟਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੌਟ ਸਪੌਟ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੌਟ ਸਪੌਟ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਏਡੀਸੀ ਵੱਲੋਂ ਜਾਇਜ਼ਾ

ADC Reviews Anti-Drug Measures in Hotspot Areas Under War on Drugs Campaign

ਨਸ਼ਿਆਂ ਦੀ ਸਪਲਾਈ ਰੋਕਣ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ, ਮੁੜ ਵਸੇਬੇ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

ਪਟਿਆਲਾ, 10 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਹੌਟ ਸਪੌਟ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਸਮੂਹ ਐਸ.ਡੀ.ਐਮਜ਼, ਡੀ.ਐਸ.ਪੀਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਕਿਸੇ ਵੀ ਪੱਧਰ ’ਤੇ ਢਿੱਲ ਨਾ ਵਰਤੀ ਜਾਵੇ।

ਏ.ਡੀ.ਸੀ. ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਵਿਕਰੀ ਅਤੇ ਨਸ਼ਿਆਂ ਨਾਲ ਸਬੰਧਤ ਹੋਰ ਗਤੀਵਿਧੀਆਂ ਦੇ ਮੱਦੇਨਜ਼ਰ 20 ਖੇਤਰਾਂ ਦੀ ਹੌਟ ਸਪੌਟ ਵਜੋਂ ਪਛਾਣ ਕੀਤੀ ਗਈ ਹੈ, ਜਿੱਥੇ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਨਸ਼ਿਆਂ ਦੀ ਖਪਤ ਵਾਲੀਆਂ ਥਾਵਾਂ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਬੁਨਿਆਦੀ ਢਾਂਚੇ ਵਿੱਚ ਸੁਧਾਰ, ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਰੌਸ਼ਨੀ ਦੇ ਢੁੱਕਵੇਂ ਪ੍ਰਬੰਧ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਵਾਈ ਕਰਨ ਵਰਗੇ ਕਦਮ ਚੁੱਕੇ ਜਾ ਰਹੇ ਹਨ।ਅਨੁਪ੍ਰਿਤਾ ਜੌਹਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੌਟ ਸਪੌਟ ਖੇਤਰਾਂ ਵਿੱਚ ਨਿਯਮਤ ਜਨਤਕ ਮੀਟਿੰਗਾਂ ਕੀਤੀਆਂ ਜਾਣ ਅਤੇ ਲੋਕਾਂ ਵੱਲੋਂ ਦਰਪੇਸ਼ ਨਾਗਰਿਕ ਸਮੱਸਿਆਵਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਇਸ ਦੇ ਨਾਲ ਹੀ ਪਿੰਡ ਰੱਖਿਆ ਕਮੇਟੀਆਂ ਅਤੇ ਸਥਾਨਕ ਵਸਨੀਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ’ਤੇ ਜ਼ੋਰ ਦਿੰਦਿਆਂ ਏਡੀਸੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਹੌਟ ਸਪੌਟ ਖੇਤਰਾਂ ਵਿੱਚ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਸਿਹਤ ਜਾਂਚ ਕਰਵਾਈ ਜਾਵੇ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓ.ਓ.ਏ.ਟੀ. ਕਲੀਨਿਕਾਂ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਜਾਵੇ। ਉਨ੍ਹਾਂ ਇਲਾਜ ਅਧੀਨ ਵਿਅਕਤੀਆਂ ਦੀ ਨਿਯਮਤ ਫਾਲੋਅੱਪ ਅਤੇ ਇਲਾਜ ਪੂਰਾ ਹੋਣ ਤੱਕ ਨਿਗਰਾਨੀ ਰੱਖਣ ਦੇ ਵੀ ਨਿਰਦੇਸ਼ ਦਿੱਤੇ। ਏ.ਡੀ.ਸੀ. ਜੌਹਲ ਨੇ ਮੈਡੀਕਲ ਸਟੋਰਾਂ ਦੀ ਜਾਂਚ ਤੇਜ਼ ਕਰਨ, ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਵਿਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ’ਤੇ ਰੋਕ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੀ ਕਿਹਾ। ਸਿੱਖਿਆ ਵਿਭਾਗ ਨੂੰ ਸਕੂਲਾਂ, ਕਾਲਜਾਂ ਅਤੇ ਹੌਟ ਸਪੌਟ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦੇ ਨਾਲ-ਨਾਲ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਐਨ.ਸੀ.ਸੀ. ਅਤੇ ਐਨ.ਐਸ.ਐਸ. ਰਾਹੀਂ ਵੀ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਸਾਰੇ ਵਿਭਾਗਾਂ ਨੂੰ ਆਪਣੀ ਕਾਰਗੁਜ਼ਾਰੀ ਦੀ ਨਿਯਮਤ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ।

RELATED ARTICLES
- Advertisment -
Google search engine
Google search engine
Google search engine

Most Popular

Recent Comments