Homeਪਟਿਆਲਾ ਅਪਡੇਟਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਕੈਦੀਆਂ ਨੂੰ ਕਾਨੂੰਨੀ...

ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਕੈਦੀਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਕੀਤਾ ਜਾਗਰੂਕ

Prisoners at Central Jail Patiala Educated About Their Legal Rights on National Legal Services Day.

ਪਟਿਆਲਾ, 10 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਗਿਆ। ਇਸ ਮੌਕੇ ਮਾਨਯੋਗ ਮੈਂਬਰ ਸਕੱਤਰ (ਇੰਚਾਰਜ), ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਸ੍ਰੀ ਅਰੁਣ ਕੁਮਾਰ ਅਗਰਵਾਲ ਨੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ੍ਰੀਮਤੀ ਅਮਨਦੀਪ ਕੰਬੋਜ ਦੇ ਨਾਲ ਕੇਂਦਰੀ ਜੇਲ੍ਹ, ਪਟਿਆਲਾ ਦਾ ਦੌਰਾ ਕੀਤਾ ਅਤੇ ਆਪਣੀ ਹਾਜ਼ਰੀ ਨਾਲ ਇਸ ਮੌਕੇ ਦੀ ਸ਼ੋਭਾ ਵਧਾਈ। ਇਸ ਮੌਕੇ ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸ੍ਰੀ ਅਰੁਣ ਕੁਮਾਰ ਅਗਰਵਾਲ ਨੇ ਜੇਲ੍ਹ ਦੇ ਕੈਦੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਦੀ ਮਹੱਤਤਾ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਉਪਲਬਧਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਲਾਭਾਂ ਬਾਰੇ ਸਰਲ ਅਤੇ ਆਸਾਨ ਭਾਸ਼ਾ ਵਿੱਚ ਜਾਣਕਾਰੀ ਦਿੱਤੀ।

ਇਸ ਪ੍ਰੋਗਰਾਮ ਦੌਰਾਨ ਯੋਗ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਦੀ ਮਹੱਤਤਾ ਅਤੇ ਕਾਨੂੰਨੀ ਜਾਗਰੂਕਤਾ ਫੈਲਾਉਣ, ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਲੋਕਾਂ ਦੇ ਝਗੜਿਆਂ ਦਾ ਨਿਪਟਾਰਾ ਕਰਨ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਭੂਮਿਕਾ ਬਾਰੇ ਵੀ ਚਾਨਣਾ ਪਾਇਆ ਗਿਆ। ਕੈਦੀਆਂ ਨੂੰ ਦੱਸਿਆ ਗਿਆ ਕਿ ਲੋਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਦਫ਼ਤਰ ਵਿਖੇ ਨਿੱਜੀ ਤੌਰ ‘ਤੇ ਪਹੁੰਚ ਕੇ ਜਾਂ ਫ਼ੋਨ ਨੰਬਰ 0175-2306500 ‘ਤੇ ਸੰਪਰਕ ਕਰਕੇ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਨਾਲਸਾ ਦੀ ਟੋਲ-ਫ੍ਰੀ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਣੂ ਕਰਵਾਇਆ ਗਿਆ। ਜੇਲ੍ਹ ਵਿੱਚ ਬੰਦ ਕੈਦੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਜੇਲ੍ਹ ਪਰਿਸਰ ਵਿੱਚ ਉਨ੍ਹਾਂ ਲਈ ਢੁਕਵੀਆਂ ਸਿਹਤ ਅਤੇ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਸਬੰਧੀ ਜੇਲ੍ਹ ਅਧਿਕਾਰੀਆਂ ਅਤੇ ਸਬੰਧਤ ਸਟਾਫ਼ ਨੂੰ ਕੈਦੀਆਂ ਦੀ ਭਲਾਈ ਅਤੇ ਬਿਹਤਰੀ ਲਈ ਲੋੜੀਂਦੇ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ ਗਏ।

ਗੱਲਬਾਤ ਦੌਰਾਨ ਮਾਨਯੋਗ ਮੈਂਬਰ ਸਕੱਤਰ (ਇੰਚਾਰਜ) ਨੇ ਕੈਦੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਜੇਲ੍ਹ ਵਿੱਚ ਚਲਾਏ ਜਾ ਰਹੇ ਕਿੱਤਾਮੁਖੀ ਸਿਖਲਾਈ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਕੈਦੀਆਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਹੱਕਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਦੌਰੇ ਦੌਰਾਨ ਸ੍ਰੀ ਅਰੁਣ ਕੁਮਾਰ ਅਗਰਵਾਲ ਵੱਲੋਂ ਜੇਲ੍ਹ ਵਿੱਚ ਸਥਿਤ ਕਾਨੂੰਨੀ ਸਹਾਇਤਾ ਕਲੀਨਿਕ, ਵੱਖ-ਵੱਖ ਬੈਰਕਾਂ, ਜੇਲ੍ਹ ਦੀ ਰਸੋਈ ਅਤੇ ਮਹਿਲਾ ਕੈਦੀਆਂ ਲਈ ਚਲਾਏ ਜਾ ਰਹੇ ਕਿੱਤਾਮੁਖੀ ਸਿਖਲਾਈ ਕੇਂਦਰ ਦਾ ਨਿੱਜੀ ਤੌਰ ‘ਤੇ ਨਿਰੀਖਣ ਕੀਤਾ ਗਿਆ। ਇਸ ਮੌਕੇ ਬਿਊਟੀਸ਼ੀਅਨ ਕੋਰਸ ਸਫਲਤਾਪੂਰਵਕ ਪੂਰਾ ਕਰਨ ਵਾਲੀਆਂ ਮਹਿਲਾ ਕੈਦੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ।

RELATED ARTICLES
- Advertisment -
Google search engine
Google search engine
Google search engine

Most Popular

Recent Comments