ਹਰਿਆਣਾ, 11 ਨਵੰਬਰ, 2026 (ਸੰਜੀਵ ਸ਼ਰਮਾ): ਹਰਿਆਣਾ ਸਰਕਾਰ ਨੇ ਆਊਟਸੋਰਸਿੰਗ ਨੀਤੀ ਦੇ ਪਾਰਟ-2 ਤਹਿਤ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਠੇਕਾ (ਕਾਂਟਰੈਕਟ) ਸੇਵਾਵਾਂ ਦੀ ਮਿਆਦ ਦੋ ਮਹੀਨਿਆਂ ਲਈ ਵਧਾ ਦਿੱਤੀ ਹੈ। ਹੁਣ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ 31 ਦਸੰਬਰ, 2026 ਤੱਕ ਜਾਰੀ ਰਹਿਣਗੀਆਂ। ਇਹ ਵਾਧਾ 1 ਨਵੰਬਰ, 2026 ਤੋਂ ਲਾਗੂ ਹੋਵੇਗਾ। ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਪੱਤਰ ਅਨੁਸਾਰ, ਮਨਜ਼ੂਰਸ਼ੁਦਾ ਅਸਾਮੀਆਂ ਦੇ ਵਿਰੁੱਧ ਆਊਟਸੋਰਸਿੰਗ ਨੀਤੀ ਦੇ ਪਾਰਟ-2 ਤਹਿਤ ਨਿਯੁਕਤ ਕੀਤੇ ਗਏ ਮੁਲਾਜ਼ਮਾਂ ਦੀ ਠੇਕਾ ਮਿਆਦ ਪਹਿਲਾਂ 31 ਅਕਤੂਬਰ, 2026 ਤੱਕ ਵਧਾਈ ਗਈ ਸੀ। ਹੁਣ ਸਰਕਾਰ ਨੇ ਇਸ ਮਾਮਲੇ ’ਤੇ ਮੁੜ ਵਿਚਾਰ ਕਰਦਿਆਂ ਇਸ ਮਿਆਦ ਨੂੰ ਅਗਲੇ ਦੋ ਮਹੀਨਿਆਂ ਲਈ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ, ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ (HKRNL) ਰਾਹੀਂ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੀਆਂ ਠੇਕਾ ਸੇਵਾਵਾਂ ਦੀ ਮਿਆਦ ਵੀ ਦੋ ਮਹੀਨਿਆਂ ਲਈ ਵਧਾ ਕੇ 31 ਦਸੰਬਰ, 2026 ਤੱਕ ਕਰ ਦਿੱਤੀ ਗਈ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਵਾਧਾ HKRN ਵੱਲੋਂ ਨਿਰਧਾਰਤ ਸ਼ਰਤਾਂ ਅਨੁਸਾਰ ਹੀ ਲਾਗੂ ਹੋਵੇਗਾ। ਇਸ ਸਬੰਧ ਵਿੱਚ ਮਨੁੱਖੀ ਸਰੋਤ ਵਿਭਾਗ ਵੱਲੋਂ ਸਾਰੇ ਸਬੰਧਤ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।






