ਫ਼ਤਿਹਗੜ੍ਹ ਸਾਹਿਬ, 13 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਚੋਣ ਸਾਖਰਤਾ ਕਲੱਬ ਵੱਲੋਂ ਰਾਜਨੀਤੀ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਨੌਜਵਾਨਾਂ ਅਤੇ ਭਵਿੱਖ ਦੇ ਵੋਟਰਾਂ ਵਿੱਚ ਚੋਣ ਸਬੰਧੀ ਜਾਗਰੂਕਤਾ, ਸੂਝ-ਬੂਝ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਕੁਇਜ਼ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕੁਇਜ਼ ਮੁਕਾਬਲੇ ਵਿੱਚ 11 ਟੀਮਾਂ ਅਤੇ ਲੇਖ ਲਿਖਣ ਮੁਕਾਬਲੇ ਵਿੱਚ 25 ਵਿਦਿਆਰਥੀ ਸ਼ਾਮਲ ਹੋਏ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ, ਰਾਜਨੀਤਿਕ ਸੰਸਥਾਵਾਂ, ਚੋਣ ਪ੍ਰਕਿਰਿਆ ਅਤੇ ਜਾਗਰੂਕ ਨਾਗਰਿਕ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ, ਫ਼ਤਿਹਗੜ੍ਹ ਸਾਹਿਬ ਤੋਂ ਸ. ਪਰਵਿੰਦਰ ਸਿੰਘ, ਡਾ. ਗੁਰਇਕਬਾਲ ਸਿੰਘ ਅਤੇ ਮਿਸ ਜਸਨਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਅਜਿਹੀਆਂ ਗਤੀਵਿਧੀਆਂ ਨੂੰ ਜ਼ਿੰਮੇਵਾਰ ਅਤੇ ਸਮਾਜ ਪ੍ਰਤੀ ਸੁਚੇਤ ਨਾਗਰਿਕਾਂ ਦੇ ਨਿਰਮਾਣ ਲਈ ਮਹੱਤਵਪੂਰਨ ਦੱਸਿਆ। ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਰਾਜਨੀਤਿਕ ਚੇਤਨਾ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਨੌਜਵਾਨਾਂ ਨੂੰ ਆਪਣੀਆਂ ਲੋਕਤੰਤਰੀ ਜ਼ਿੰਮੇਵਾਰੀਆਂ ਸਮਝਣ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਕੁਇਜ਼ ਮੁਕਾਬਲੇ ਵਿੱਚ ਪਹਿਲੀ ਜੇਤੂ ਟੀਮ ਵਿੱਚ ਜੈਸਮੀਨ ਕੌਰ, ਅਰਸ਼ਦੀਪ ਕੌਰ ਅਤੇ ਅਮਨਦੀਪ ਸਿੰਘ (ਰਾਜਨੀਤੀ ਵਿਗਿਆਨ ਵਿਭਾਗ), ਜਦਕਿ ਦੂਜੀ ਜੇਤੂ ਟੀਮ ਵਿੱਚ ਜਸ਼ਨਦੀਪ ਕੌਰ, ਜਸਰੀਤ ਸਿੰਘ ਅਤੇ ਧਰਮਦੀਪ ਸਿੰਘ (ਪੰਜਾਬੀ ਵਿਭਾਗ) ਸ਼ਾਮਲ ਸਨ। ਲੇਖ ਲਿਖਣ ਮੁਕਾਬਲੇ ਵਿੱਚ ਅਰਸ਼ ਕੁਮਾਰ (ਸਿੱਖਿਆ ਵਿਭਾਗ) ਅਤੇ ਹਰਦੀਪ ਕੌਰ (ਰਾਜਨੀਤੀ ਵਿਗਿਆਨ ਵਿਭਾਗ) ਜੇਤੂ ਰਹੇ। ਇਨ੍ਹਾਂ ਗਤੀਵਿਧੀਆਂ ਦਾ ਤਾਲਮੇਲ ਡਾ. ਰਮਨਦੀਪ ਕੌਰ ਨੇ ਡਾ. ਬਲਵਿੰਦਰ ਕੌਰ ਅਤੇ ਮਿਸ ਨਵਨੀਤ ਕੌਰ ਦੇ ਸਹਿਯੋਗ ਨਾਲ ਕੀਤਾ। ਉਨ੍ਹਾਂ ਨੇ ਸਾਰੇ ਭਾਗੀਦਾਰਾਂ, ਮਹਿਮਾਨਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੀ ਸਮਾਪਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਰਾਜਨੀਤਿਕ ਜਾਗਰੂਕਤਾ ਅਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਦੇ ਮਹੱਤਵ ਦੇ ਸੰਦੇਸ਼ ਨਾਲ ਹੋਈ।






