ਬੱਚਿਆਂ ਅੰਦਰ ਆਤਮ ਵਿਸ਼ਵਾਸ ਪੈਦਾ ਕਰਨਾ ਜਰੂਰੀ : ਪ੍ਰਿਥੀ ਸਿੰਘ
ਪਟਿਆਲਾ, 13 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਜਿਲਾ ਸਿੱਖਿਆ ਅਫਸਰ (ਸੈ. ਸਿੱ.) ਪਟਿਆਲਾ ਮਮਤਾ ਖੁਰਾਣਾ ਸੇਠੀ ਦੀ ਰਹਿਨੁਮਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਢਿੱਲੋਂ ਫਨ ਵਰਲਡ ਪਟਿਆਲਾ ਵਿਖੇ ਕਰਵਾਇਆ ਗਿਆ। ਜਿਸ ਨੂੰ ਸਿੱਖਿਆ ਵਿਭਾਗ ਦੇ ਬਲਾਕ ਪਟਿਆਲਾ-2 ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਨੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਇਸ ਵਿਦਿਅਕ ਦੌਰੇ ਦਾ ਮੁੱਖ ਉਦੇਸ਼ ਇਹਨਾਂ ਬੱਚਿਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਵਿਹਾਰਕ ਜਾਣਕਾਰੀ ਦੇਣਾ, ਉਹਨਾਂ ਆਤਮ-ਵਿਸ਼ਵਾਸ ਪੈਦਾ ਕਰਨਾ ਅਤੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਉਹਨਾਂ ਅੱਗੇ ਕਿਹਾ ਕਿ ਅਜਿਹੇ ਵਿੱਦਿਅਕ ਦੌਰਿਆਂ ਨਾਲ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਹੋਰ ਵੀ ਬਹੁਤ ਸਾਰੀ ਜਾਣਕਾਰੀ ਹਾਸਲ ਕਰਦੇ ਹਨ ਜੋ ਕਿ ਭਵਿੱਖ ਵਿੱਚ ਉਹਨਾਂ ਦੀ ਰੋਜ਼ਮਰਾ ਦੀ ਜਿੰਦਗੀ ਵਿੱਚ ਕੰਮ ਆਉਂਦਾ ਹੈ। ਇਸ ਟੂਰ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਉਹਨਾਂ ਦੇ ਨਾਲ ਆਈਈਆਰਟੀਜ ਸਪੈਸ਼ਲ ਐਜੂਕੇਟਰ, ਸਟਾਫ਼ ਵੀ ਮੌਜੂਦ ਸੀ। ਬੱਚਿਆਂ ਦੀ ਸੁਰੱਖਿਆ, ਖਾਣ-ਪੀਣ ਅਤੇ ਆਵਾਜਾਈ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਸੇਠੀ (ਸੈ.ਸਿੱ.) ਨੇ ਦੱਸਿਆ ਕਿ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿੱਖਿਆ ਅਤੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ‘ਤੇ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਮੌਕੇ ਡੀਐਸਈਟੀ ਅਮਰਜੀਤ ਕੌਰ, ਫਿਜੀਓਥੈਰਪਿਸਟ ਰੀਤ ਕਮਲ ਕੌਰ ਅਤੇ ਰਵਿੰਦਰ ਸਿੰਘ ਵੀ ਬੱਚਿਆਂ ਦੇ ਨਾਲ ਮੌਜੂਦ ਰਹੇ।






