Homeਹਰਿਆਣਾਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਝੂਠੇ...

ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਝੂਠੇ ਵਾਅਦੇ, ਜਨਤਾ ਨੂੰ ਮਿਲਿਆ ਨਸ਼ਾ ਅਤੇ ਬੇਰੁਜ਼ਗਾਰੀ: ਨਾਇਬ ਸਿੰਘ ਸੈਣੀ

Nayab Singh Saini Accuses Congress and AAP of Making False Promises in Punjab, Says People Were Left Facing Drugs and Unemployment.

ਚੰਡੀਗੜ੍ਹ, 14 ਨਵੰਬਰ, 2026 (ਸੰਜੀਵ ਸ਼ਰਮਾ ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 1 ਨਵੰਬਰ 1966 ਨੂੰ ਹਰਿਆਣਾ ਪੰਜਾਬ ਤੋਂ ਵੱਖ ਹੋ ਕੇ ਇੱਕ ਨਵੇਂ ਸੂਬੇ ਵਜੋਂ ਹੋਂਦ ਵਿੱਚ ਆਇਆ ਸੀ। ਉਸ ਸਮੇਂ ਅਨੇਕਾਂ ਲੋਕਾਂ ਦੇ ਮਨ ਵਿੱਚ ਇਹ ਚਿੰਤਾ ਸੀ ਕਿ ਸੀਮਤ ਸਾਧਨਾਂ ਨਾਲ ਹਰਿਆਣਾ ਕਿਸ ਤਰ੍ਹਾਂ ਆਪਣੀ ਪਛਾਣ ਬਣਾ ਸਕੇਗਾ, ਪਰ ਅੱਜ 60 ਸਾਲਾਂ ਦੇ ਸਫ਼ਰ ਵਿੱਚ ਹਰਿਆਣਾ ਨੇ ਦੇਸ਼ ਅਤੇ ਦੁਨੀਆ ਵਿੱਚ ਆਪਣੀ ਇੱਕ ਵੱਖਰੀ ਪਛਾਣ ਸਥਾਪਿਤ ਕੀਤੀ ਹੈ। ਹਰਿਆਣਾ ਨੇ ਆਪਣੀ ਹੀਰਕ ਜੈਅੰਤੀ ਦੇ ਮੌਕੇ ‘ਤੇ ਵਿਕਾਸ, ਖੁਸ਼ਹਾਲੀ ਅਤੇ ਜਨ-ਕਲਿਆਣ ਦੇ ਨਵੇਂ ਸੰਕਲਪ ਲਏ ਹਨ। ਹਾਲ ਹੀ ਵਿੱਚ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਵੀ ਹੀਰਕ ਜੈਅੰਤੀ ਸਮਾਰੋਹ ਵਿੱਚ ਹਿੱਸਾ ਲੈ ਕੇ ਸੂਬੇ ਦੀ ਗੌਰਵਸ਼ਾਲੀ ਯਾਤਰਾ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਪੰਜਾਬ, ਹੁਸ਼ਿਆਰਪੁਰ ਦੇ ਦਸੂਹਾ ਵਿਖੇ ਆਯੋਜਿਤ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਵਾਲੇ ਹਰ ਦਸਵੇਂ ਜਵਾਨ ਦਾ ਸਬੰਧ ਹਰਿਆਣਾ ਨਾਲ ਹੈ। ਖੇਡਾਂ ਦੇ ਖੇਤਰ ਵਿੱਚ ਵੀ ਹਰਿਆਣਾ ਦੇ ਖਿਡਾਰੀਆਂ ਨੇ ਓਲੰਪਿਕ, ਪੈਰਾਲੰਪਿਕ ਅਤੇ ਏਸ਼ੀਅਨ ਖੇਡਾਂ ਸਮੇਤ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਦੇਸ਼ ਨੂੰ ਤਗਮੇ ਦਿਵਾਉਣ ਵਿੱਚ ਹਰਿਆਣਾ ਦੇ ਖਿਡਾਰੀਆਂ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ। ਉਦਯੋਗ ਅਤੇ ਨਿਵੇਸ਼ ਦੇ ਖੇਤਰ ਵਿੱਚ ਵੀ ਹਰਿਆਣਾ ਇੱਕ ਪ੍ਰਮੁੱਖ ਕੇਂਦਰ ਬਣ ਕੇ ਉੱਭਰਿਆ ਹੈ। ਦੁਨੀਆ ਦੀ ਕੋਈ ਵੀ ਕੰਪਨੀ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀ ਹੈ ਤਾਂ ਉਸ ਦੀਆਂ ਤਰਜੀਹਾਂ ਵਿੱਚ ਹਰਿਆਣਾ ਸ਼ਾਮਲ ਰਹਿੰਦਾ ਹੈ।

ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ

ਮੁੱਖ ਮੰਤਰੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਦੇ ਸਮੇਂ ਇਨ੍ਹਾਂ ਪਾਰਟੀਆਂ ਵੱਲੋਂ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਪ੍ਰਚਾਰ ਅਤੇ ਇਸ਼ਤਿਹਾਰਾਂ ‘ਤੇ ਜ਼ਿਆਦਾ ਧਿਆਨ ਦਿੱਤਾ ਜਾਂਦਾ ਹੈ। ਅੱਜ ਨਸ਼ੇ ਦੀ ਸਮੱਸਿਆ ਵਿਕਰਾਲ ਹੋ ਚੁੱਕੀ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਵੀ ਪੂਰੇ ਨਹੀਂ ਹੋਏ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇ ਕਾਰਜਕਾਲ ਵਿੱਚ ਪੰਜਾਬ ਦੇ ਲੋਕਾਂ ਨੂੰ ਜਿਨ੍ਹਾਂ ਸਮੱਸਿਆਵਾਂ ਨਾਲ ਜੂਝਣਾ ਪਿਆ ਹੈ, ਉਨ੍ਹਾਂ ਦਾ ਜਵਾਬ ਇਨ੍ਹਾਂ ਪਾਰਟੀਆਂ ਨੂੰ ਜਨਤਾ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਜਨਤਾ ਨਾਲ ਕੀਤੇ ਗਏ 217 ਸੰਕਲਪਾਂ ਵਿੱਚੋਂ 74 ਸੰਕਲਪ ਪੂਰੇ ਕਰ ਦਿੱਤੇ ਹਨ ਅਤੇ ਬਾਕੀ 143 ਸੰਕਲਪਾਂ ‘ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਔਰਤਾਂ ਦੇ ਸਸ਼ਕਤੀਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦੇ ਵਾਅਦੇ ਕੀਤੇ, ਪਰ ਪੰਜਾਬ ਵਿੱਚ ਔਰਤਾਂ ਨੂੰ ਅੱਜ ਵੀ ਆਪਣੇ ਹੱਕ ਦੀ ਰਾਸ਼ੀ ਲਈ ਇੰਤਜ਼ਾਰ ਕਰਨਾ ਪੈ ਰਿਹਾ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਵਿੱਚ ਨਸ਼ੇ ਦੀ ਵਧਦੀ ਸਮੱਸਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਨੌਜਵਾਨਾਂ ਵਿੱਚ ਪ੍ਰਤਿਭਾ ਅਤੇ ਊਰਜਾ ਦੀ ਕੋਈ ਕਮੀ ਨਹੀਂ ਹੈ, ਲੋੜ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਦੀ ਹੈ। ਮੰਦਭਾਗਾ ਹੈ ਕਿ ਨੌਜਵਾਨ ਨਸ਼ੇ ਦੇ ਜਾਲ ਵਿੱਚ ਫਸਦੇ ਜਾ ਰਹੇ ਹਨ। ਆਮ ਆਦਮੀ ਪਾਰਟੀ ਨੇ ਛੇ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਖਤਮ ਹੋਣ ਦੀ ਬਜਾਏ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਨੇਕਾਂ ਲੋਕ ਉਨ੍ਹਾਂ ਨੂੰ ਮਿਲ ਕੇ ਸ਼ਿਕਾਇਤ ਕਰਦੇ ਹਨ ਕਿ ਨਸ਼ੇ ਦੇ ਕਾਰੋਬਾਰ ਖ਼ਿਲਾਫ਼ ਸ਼ਿਕਾਇਤ ਕਰਨ ‘ਤੇ ਸ਼ਿਕਾਇਤਕਰਤਾਵਾਂ ਨੂੰ ਹੀ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾਂਦੇ ਹਨ। ਦੇਸ਼ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਸਰਕਾਰ ਦੀ ਤਰਜੀਹ ਹੈ। ਹਰਿਆਣਾ ਵਿੱਚ ਨੌਜਵਾਨਾਂ ਨੂੰ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਮਹੀਨੇ ਇੱਕ ਲੱਖ ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਮੈਰਾਥਨ ਰਾਹੀਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਨਸ਼ੇ ਤੋਂ ਦੂਰ ਰਹਿਣ ਦਾ ਸੰਦੇਸ਼ ਦਿੰਦੇ ਹਨ। ਮੁੱਖ ਮੰਤਰੀ ਨੇ ਪੰਜਾਬ ਵਿੱਚ ਆਏ ਹੜ੍ਹਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੰਕਟ ਦੀ ਉਸ ਘੜੀ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਲਈ 1,600 ਕਰੋੜ ਰੁਪਏ ਅਤੇ ਹਿਮਾਚਲ ਪ੍ਰਦੇਸ਼ ਲਈ 1,500 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਸੀ। ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਨੂੰ ਲੈ ਕੇ ਸਵਾਲ ਚੁੱਕੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੂੰ ਜਨਤਾ ਨੂੰ ਦੱਸਣਾ ਚਾਹੀਦਾ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਅਤੇ ਮੁੜ ਵਸੇਬੇ ਲਈ ਇਨ੍ਹਾਂ ਸਾਧਨਾਂ ਦੀ ਕਿੰਨੀ ਵਰਤੋਂ ਕੀਤੀ ਗਈ ਅਤੇ ਇਸ਼ਤਿਹਾਰਾਂ ਤੇ ਹੋਰਡਿੰਗਾਂ ‘ਤੇ ਕਿੰਨਾ ਖਰਚ ਕੀਤਾ ਗਿਆ।

ਬਜ਼ੁਰਗਾਂ, ਗਰੀਬਾਂ ਅਤੇ ਔਰਤਾਂ ਦੀ ਭਲਾਈ ਲਈ ਹਰਿਆਣਾ ਵਿੱਚ ਹੋ ਰਿਹਾ ਕੰਮ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਗਰੀਬ, ਕਿਸਾਨ, ਨੌਜਵਾਨ, ਔਰਤਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਹਰਿਆਣਾ ਵਿੱਚ ਇਨ੍ਹਾਂ ਯੋਜਨਾਵਾਂ ਰਾਹੀਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਦਾ ਸੰਕਲਪ ਹੈ ਕਿ ਇਨ੍ਹਾਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਪੰਜਾਬ ਦੇ ਲੋਕਾਂ ਤੱਕ ਵੀ ਪਹੁੰਚੇ, ਤਾਂ ਜੋ ਕਿਸਾਨ ਨੂੰ ਉਸ ਦੀ ਫ਼ਸਲ ਦਾ ਉਚਿਤ ਮੁੱਲ ਮਿਲੇ, ਔਰਤਾਂ ਨੂੰ ਆਰਥਿਕ ਸੁਰੱਖਿਆ ਮਿਲੇ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬਜ਼ੁਰਗਾਂ ਨੂੰ ਸਨਮਾਨਜਨਕ ਜੀਵਨ ਮਿਲੇ।

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਜਪਾ ਸਰਕਾਰ ਜ਼ਰੂਰੀ: ਰਣਬੀਰ ਗੰਗਵਾ

ਹਰਿਆਣਾ ਦੇ ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਨਸ਼ੇ ਅਤੇ ਚਿੱਟੇ ਦਾ ਕਾਰੋਬਾਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਸ ਉਮੀਦ ਨਾਲ ਵੋਟ ਦਿੱਤੀ ਸੀ ਕਿ ਸੂਬੇ ਵਿੱਚੋਂ ਨਸ਼ੇ ਦਾ ਖਾਤਮਾ ਹੋਵੇਗਾ, ਪਰ ਅੱਜ ਸਥਿਤੀ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਜੋ ਭਗਵੰਤ ਮਾਨ ਖੁਦ ਆਪਣੇ ਉੱਪਰ ਨਸ਼ੇ ‘ਤੇ ਰੋਕ ਲਾਉਣ ਵਿੱਚ ਅਸਫਲ ਰਹੇ ਹਨ, ਉਹ ਪੰਜਾਬ ਨੂੰ ਨਸ਼ਾ ਮੁਕਤ ਕਿਵੇਂ ਬਣਾਉਣਗੇ। ਕਦੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਇਆ ਕਰਦਾ ਸੀ, ਪਰ ਨਸ਼ੇ ਦੀ ਸਮੱਸਿਆ ਨੇ ਸੂਬੇ ਦੀ ਤਰੱਕੀ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਨੌਜਵਾਨਾਂ ਦੇ ਭਵਿੱਖ ‘ਤੇ ਗੰਭੀਰ ਸੰਕਟ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਦੇਣ ਲਈ ਵਚਨਬੱਧ ਹੈ। ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਹਰਿਆਣਾ ਦੀ ਤਰਜ਼ ‘ਤੇ ਲੋਕ-ਭਲਾਈ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ, ਤਾਂ ਜੋ ਕਿਸਾਨ, ਨੌਜਵਾਨ, ਔਰਤਾਂ, ਬਜ਼ੁਰਗ ਅਤੇ ਗਰੀਬ ਪਰਿਵਾਰ ਸਾਰੇ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਚੋਣਾਂ ਦੇ ਸਮੇਂ ਵੱਡੇ-ਵੱਡੇ ਵਾਅਦੇ ਕਰਦੀਆਂ ਹਨ, ਜਦੋਂਕਿ ਭਾਜਪਾ ਸਰਕਾਰ ਜੋ ਵਾਅਦਾ ਕਰਦੀ ਹੈ, ਉਸ ਨੂੰ ਪੂਰਾ ਕਰਨ ਲਈ ਕੰਮ ਕਰਦੀ ਹੈ।ਇਸ ਮੌਕੇ ਸਾਬਕਾ ਸੰਸਦ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ, ਸ੍ਰੀ ਸਤਬੀਰ ਵਰਮਾ, ਸ੍ਰੀ ਰਵਿੰਦਰ ਰਵੀ ਸਮੇਤ ਅਨੇਕਾਂ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments