Homeਹਰਿਆਣਾਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸ਼ਹਿਰੀ ਸਵਾਮਿਤਵ ਯੋਜਨਾ ਦੀ ਸਮੀਖਿਆ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸ਼ਹਿਰੀ ਸਵਾਮਿਤਵ ਯੋਜਨਾ ਦੀ ਸਮੀਖਿਆ

CM Nayab Singh Saini Reviews Urban Ownership Scheme Implementation in Haryana

ਚੰਡੀਗੜ੍ਹ, 17 ਨਵੰਬਰ, 2026 (ਸੰਜੀਵ ਸ਼ਰਮਾ ) : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸ਼ਹਿਰੀ ਸਵਾਮਿਤਵ ਯੋਜਨਾ 1.0 ਅਤੇ ਸ਼ਹਿਰੀ ਸਵਾਮਿਤਵ ਯੋਜਨਾ 2.0 ਤਹਿਤ ਦੁਕਾਨਦਾਰਾਂ ਨੂੰ ਮਾਲਕਾਨਾ ਹੱਕ ਪ੍ਰਦਾਨ ਕਰਨ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦਾ ਇੱਕ ਮਹੀਨੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਯੋਗ ਦੁਕਾਨਦਾਰਾਂ ਨੂੰ ਉਨ੍ਹਾਂ ਦੀਆਂ ਦੁਕਾਨਾਂ ਦਾ ਮਾਲਕਾਨਾ ਹੱਕ ਦੇਣ ਵਿੱਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਇਸ ਦੇ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੰਬਿਤ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ। ਮੁੱਖ ਮੰਤਰੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਸਵਾਮਿਤਵ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਸ਼ਹਿਰੀ ਸਥਾਨਕ ਸਰਕਾਰ ਵਿਭਾਗ, ਮਾਲ ਵਿਭਾਗ, ਵਿਕਾਸ ਅਤੇ ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ, ਸਿੱਖਿਆ ਵਿਭਾਗ ਅਤੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ (HSVP) ਨਾਲ ਸਬੰਧਤ ਲੰਬਿਤ ਮਾਮਲਿਆਂ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕ ਹਿੱਤ ਵਿੱਚ ਇਤਿਹਾਸਕ ਫੈਸਲਾ ਲੈਂਦਿਆਂ 20 ਸਾਲ ਤੋਂ ਵੱਧ ਸਮੇਂ ਤੋਂ ਕਿਰਾਏ, ਲੀਜ਼ ਜਾਂ ਲਾਇਸੈਂਸ ਫੀਸ ਦੇ ਆਧਾਰ ‘ਤੇ ਚੱਲ ਰਹੀਆਂ ਨਗਰ ਨਿਗਮਾਂ/ਨਿਕਾਏ ਦੀਆਂ ਦੁਕਾਨਾਂ ਦਾ ਮਾਲਕਾਨਾ ਹੱਕ ਉਨ੍ਹਾਂ ‘ਤੇ ਕਾਬਜ਼ ਯੋਗ ਵਿਅਕਤੀਆਂ ਨੂੰ ਦੇਣ ਦਾ ਫੈਸਲਾ ਲਿਆ ਸੀ। ਇਸੇ ਉਦੇਸ਼ ਨਾਲ ਮੁੱਖ ਮੰਤਰੀ ਸ਼ਹਿਰੀ ਸਵਾਮਿਤਵ ਯੋਜਨਾ ਸ਼ੁਰੂ ਕੀਤੀ ਗਈ ਸੀ, ਤਾਂ ਜੋ ਸਾਲਾਂ ਤੋਂ ਦੁਕਾਨਾਂ ਚਲਾ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਅਧਿਕਾਰ ਮਿਲ ਸਕੇ ਅਤੇ ਉਹ ਸਤਿਕਾਰ ਤੇ ਆਤਮ-ਵਿਸ਼ਵਾਸ ਨਾਲ ਆਪਣਾ ਕਾਰੋਬਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਤਰਜੀਹ ਆਮ ਨਾਗਰਿਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਪੂਰਾ, ਜਾਇਜ਼ ਅਤੇ ਨਿਰਵਿਵਾਦ ਮਾਲਕਾਨਾ ਅਧਿਕਾਰ ਦਿਵਾਉਣਾ ਹੈ। ਮਾਲਕਾਨਾ ਅਧਿਕਾਰ ਮਿਲਣ ਨਾਲ ਦੁਕਾਨਦਾਰਾਂ ਨੂੰ ਨਾ ਸਿਰਫ਼ ਸਥਿਰਤਾ ਮਿਲੇਗੀ, ਸਗੋਂ ਉਹ ਆਪਣੀ ਜਾਇਦਾਦ ਦੀ ਬਿਹਤਰ ਵਰਤੋਂ ਵੀ ਕਰ ਸਕਣਗੇ। ਸਰਕਾਰ ਦੀ ਮਨਸ਼ਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਦਾ ਲਾਭ ਸਮਾਂਬੱਧ ਤਰੀਕੇ ਨਾਲ ਮਿਲੇ ਅਤੇ ਕਿਸੇ ਵੀ ਵਿਅਕਤੀ ਨੂੰ ਵਿਭਾਗੀ ਪ੍ਰਕਿਰਿਆਵਾਂ ਕਾਰਨ ਬੇਲੋੜੀ ਪ੍ਰੇਸ਼ਾਨੀ ਨਾ ਝੱਲਣੀ ਪਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਮਾਮਲਿਆਂ ਵਿੱਚ ਵੱਖ-ਵੱਖ ਵਿਭਾਗਾਂ ਦੀ ਇਤਰਾਜ਼ਹੀਣਤਾ, ਦਸਤਾਵੇਜ਼ਾਂ ਦੀ ਤਸਦੀਕ ਜਾਂ ਹੋਰ ਰਸਮੀ ਕਾਰਵਾਈਆਂ ਕਾਰਨ ਕੰਮ ਲੰਬਿਤ ਹੈ, ਉਨ੍ਹਾਂ ਦਾ ਆਪਸੀ ਤਾਲਮੇਲ ਨਾਲ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਰਧਾਰਤ ਇੱਕ ਮਹੀਨੇ ਦੀ ਸਮਾਂ-ਸੀਮਾ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਯਕੀਨੀ ਬਣਾਉਣ ਲਈ ਅਧਿਕਾਰੀ ਨਿੱਜੀ ਤੌਰ ‘ਤੇ ਜ਼ਿੰਮੇਵਾਰੀ ਲੈ ਕੇ ਕੰਮ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਹਿਤੈਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਯੋਜਨਾਵਾਂ ਦਾ ਅਸਲ ਲਾਭ ਯੋਗ ਲੋਕਾਂ ਤੱਕ ਪਹੁੰਚਾਉਣਾ ਹੀ ਸਰਕਾਰ ਦੀ ਕਾਰਜਸ਼ੈਲੀ ਦਾ ਮੂਲ ਆਧਾਰ ਹੈ।

ਮੀਟਿੰਗ ਵਿੱਚ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਸ਼ਹਿਰੀ ਸਵਾਮਿਤਵ ਯੋਜਨਾ 1.0 ਤਹਿਤ ਹੁਣ ਤੱਕ ਕੁੱਲ 13,601 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 7,224 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ, ਜਦਕਿ 47 ਮਾਮਲੇ ਲੰਬਿਤ ਹਨ। ਇਸੇ ਤਰ੍ਹਾਂ, ਸ਼ਹਿਰੀ ਸਵਾਮਿਤਵ ਯੋਜਨਾ 2.0 ਤਹਿਤ ਕੁੱਲ 1,781 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 311 ਮਾਮਲਿਆਂ ਵਿੱਚ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਚੁੱਕੀ ਹੈ। ਮੀਟਿੰਗ ਵਿੱਚ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ, ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਏ.ਕੇ. ਸਿੰਘ, ਨਗਰ ਅਤੇ ਗ੍ਰਾਮ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਅਨੁਰਾਗ ਅਗਰਵਾਲ, ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਵਿਜੇ ਦਹੀਆ, ਸ਼ਹਿਰੀ ਸਥਾਨਕ ਨਿਕਾਏ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼੍ਰੀ ਅਸ਼ੋਕ ਕੁਮਾਰ ਮੀਣਾ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਡਾ. ਯਸ਼ ਪਾਲ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ਼੍ਰੀ ਅਜੇ ਕੁਮਾਰ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments