Homeਪੰਜਾਬਸਵੈ-ਸਹਾਇਤਾ ਸਮੂਹਾਂ ਰਾਹੀਂ ਔਰਤਾਂ ਨੂੰ ਉੱਦਮੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ-ਤਰੁਣਪ੍ਰੀਤ ਸਿੰਘ...

ਸਵੈ-ਸਹਾਇਤਾ ਸਮੂਹਾਂ ਰਾਹੀਂ ਔਰਤਾਂ ਨੂੰ ਉੱਦਮੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ-ਤਰੁਣਪ੍ਰੀਤ ਸਿੰਘ ਸੌਂਦ

Punjab Government Promotes Women Entrepreneurship Through Self-Help Groups: Tarunpreet Singh Sond

30 ਪਿੰਡਾਂ ਦੀਆਂ ਔਰਤਾਂ ਨੂੰ ਪਸ਼ੂ ਪਾਲਣ ਅਤੇ ਡੇਅਰੀ ਫਾਰਮਿੰਗ ਸਬੰਧੀ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ

ਫਤਹਿਗੜ੍ਹ ਸਾਹਿਬ, 18 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਊਰਜਾ ਮੰਤਰੀ ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਫਤਹਿਗੜ੍ਹ ਸਾਹਿਬ ਵਿਖੇ ਸਥਿਤ ਕਮਿਊਨਿਟੀ ਮੈਨੇਜਡ ਟ੍ਰੇਨਿੰਗ ਸੈਂਟਰ ਵਿੱਚ ਸੈਲਫ ਹੈਲਪ ਗਰੁੱਪਾਂ ਨਾਲ ਸਬੰਧਤ ਔਰਤਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੋੜਨ ਅਤੇ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ 30 ਦਿਨਾਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।

ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਔਰਤਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਰੁਜ਼ਗਾਰ ਦੇ ਅਜਿਹੇ ਮੌਕੇ ਮੁਹੱਈਆ ਕਰਵਾਏ ਜਾਣ, ਜਿਸ ਨਾਲ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ ਅਤੇ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਤੀਤ ਕਰ ਸਕਣ।  ਜਿਸ ਲਈ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਇਹ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 30 ਪਿੰਡਾਂ ਵਿੱਚੋਂ ਔਰਤਾਂ ਦੀ ਚੋਣ ਕਰਕੇ ਇਸ ਪ੍ਰੋਗਰਾਮ ਨੂੰ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਔਰਤਾਂ ਨੂੰ ਲਗਾਤਾਰ 30 ਦਿਨ ਪਸ਼ੂ ਪਾਲਣ, ਡੇਅਰੀ ਫਾਰਮਿੰਗ ਅਤੇ ਪਸ਼ੂਆਂ ਦੀ ਸਾਂਭ-ਸੰਭਾਲ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਉਪਰਾਲਾ ਸਿਰਫ਼ ਚੁਣੀਆਂ ਗਈਆਂ ਔਰਤਾਂ ਤੱਕ ਹੀ ਸੀਮਤ ਨਹੀਂ ਹੈ, ਸਗੋਂ ਪਸ਼ੂ ਪਾਲਣ ਦਾ ਕਿੱਤਾ ਸਿੱਖਣ ਦੇ ਚਾਹਵਾਨ ਕੋਈ ਵੀ ਵਿਅਕਤੀ ਵੀ ਇਸ ਤੋਂ ਲਾਭ ਲੈ ਸਕਦਾ ਹੈ।

ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਜਿਵੇਂ ਪਨੀਰ, ਮੱਖਣ, ਘਿਓ ਆਦਿ ਦੀ ਮੰਗ ਲਗਾਤਾਰ ਵਧ ਰਹੀ ਹੈ। ਵਧਦੀ ਆਬਾਦੀ ਦੇ ਨਾਲ ਇਨ੍ਹਾਂ ਉਤਪਾਦਾਂ ਦੀ ਲੋੜ ਵੀ ਵਧ ਰਹੀ ਹੈ, ਪਰ ਦੂਜੇ ਪਾਸੇ ਪਿੰਡਾਂ ਵਿੱਚ ਪਸ਼ੂ ਪਾਲਣ ਦਾ ਰਵਾਇਤੀ ਕਿੱਤਾ ਘਟਦਾ ਜਾ ਰਿਹਾ ਹੈ। ਇਸ ਲਈ ਇਸ ਕਿੱਤੇ ਨੂੰ ਮੁੜ ਪ੍ਰਫੁੱਲਿਤ ਕਰਨ ਅਤੇ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਅਜਿਹੇ ਸਿਖਲਾਈ ਪ੍ਰੋਗਰਾਮ ਬੇਹੱਦ ਸਹਾਈ ਸਿੱਧ ਹੋਣਗੇ। ਇਸ ਮੌਕੇ ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੋਵਾਂ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਪੇਂਡੂ ਔਰਤਾਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਮਦਦ ਮਿਲੇਗੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫਤਹਿਗੜ ਸਾਹਿਬ ਸ੍ਰੀ ਸਿੰਗਾਰਾ ਸਿੰਘ ਸਲਾਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਨਵਰੀਤ ਕੌਰ ਸੇਖੋਂ, ਸਰਬਜੀਤ ਸਿੰਘ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਸਰਬਜੀਤ ਸਿੰਘ, ਡੀ ਡੀ ਪੀ ਓ ਦਿਲਾਵਰ ਕੌਰ,  ਪੀ.ਡੀ.ਸੀ ਮੈਂਬਰ ਸ੍ਰੀ ਵੈਭਵ ਮਹੇਸ਼ਵਰੀ, ਡਾ. ਰਣਜੀਤ ਕੌਰ (ਡਿਪਟੀ ਅਡਵਾਇਜਰ), ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਟਰੇਡ ਵਿੰਗ ਖੰਨਾ ਦੇ ਚੇਅਰਮੈਨ ਵਿਕਾਸ ਭਾਟੀਆ, ਅਮਰਜੀਤ ਵਾਲੀਆ ਅਤੇ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments