ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੀ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ, 682 ਬੂਥਾਂ ’ਤੇ ਤਾਇਨਾਤ ਕੀਤਾ ਜਾਵੇਗਾ ਲੋੜੀਂਦਾ ਸਟਾਫ਼; ਨਿਗਰਾਨੀ ਲਈ 48 ਮੋਬਾਈਲ ਟੀਮਾਂ ਅਤੇ 112 ਸੁਪਰਵਾਈਜ਼ਰ ਨਿਯੁਕਤ। 23 ਅਤੇ 24 ਨਵੰਬਰ ਨੂੰ ਟੀਮਾਂ ਘਰ-ਘਰ ਜਾ ਕੇ ਪੋਲੀਓ ਦੀਆਂ ਬੂੰਦਾਂ ਪਿਲਾਉਣਗੀਆਂ।
ਕੁਰੂਕਸ਼ੇਤਰ, 18 ਨਵੰਬਰ (ਸੰਜੀਵ ਸ਼ਰਮਾ): ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 22 ਨਵੰਬਰ ਤੋਂ 24 ਨਵੰਬਰ ਤੱਕ ਵਿਸ਼ੇਸ਼ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਦੀਆਂ ਦੋ ਬੂੰਦਾਂ ਪਿਲਾਈਆਂ ਜਾਣਗੀਆਂ। ਜ਼ਿਲ੍ਹੇ ਵਿੱਚ ਕੁੱਲ 96,168 ਬੱਚਿਆਂ ਨੂੰ ਪੋਲੀਓ ਦੀ ਖੁਰਾਕ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਲਈ 682 ਥਾਵਾਂ ’ਤੇ ਪੋਲੀਓ ਬੂਥ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ 48 ਮੋਬਾਈਲ ਟੀਮਾਂ ਅਤੇ 112 ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੋਲੀਓ ਦੇ ਮੁਕੰਮਲ ਖਾਤਮੇ ਲਈ ਲੋਕਾਂ ਦੀ ਭਾਗੀਦਾਰੀ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਬਹੁਤ ਜ਼ਰੂਰੀ ਹੈ। ਸਾਰਿਆਂ ਦਾ ਸਾਂਝਾ ਯਤਨ ਹੋਣਾ ਚਾਹੀਦਾ ਹੈ ਕਿ ਕੁਰੂਕਸ਼ੇਤਰ ਜ਼ਿਲ੍ਹੇ ਦਾ ਕੋਈ ਵੀ ਬੱਚਾ ਪੋਲੀਓ ਦੀਆਂ ਦੋ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਬੁੱਧਵਾਰ ਨੂੰ ਲਘੂ ਸਕੱਤਰੇਤ ਦੇ ਸਭਾ ਘਰ ਵਿੱਚ ਸਿਹਤ ਵਿਭਾਗ ਦੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ਦੌਰਾਨ ਅਨੀਮੀਆ ਮੁਕਤ ਹਰਿਆਣਾ ਮੁਹਿੰਮ, ਨਿਯਮਤ ਟੀਕਾਕਰਨ, ਬੱਚਿਆਂ ਦੀ ਮੌਤ ਦਰ ਅਤੇ ਮਾਤਾ ਮੌਤ ਦਰ ਸਬੰਧੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲੀਓ ਮੁਹਿੰਮ ਦੌਰਾਨ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕੀਤਾ ਜਾਵੇ, ਤਾਂ ਜੋ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਦਵਾਈ ਦੀਆਂ ਦੋ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਤੋਂ ਇਲਾਵਾ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠਿਆਂ, ਉਸਾਰੀ ਵਾਲੀਆਂ ਥਾਵਾਂ ਅਤੇ ਹੋਰ ਜੋਖਮ ਵਾਲੇ ਇਲਾਕਿਆਂ ਵਿੱਚ ਰਹਿਣ ਵਾਲੇ ਬੱਚਿਆਂ ਤੱਕ ਵੀ ਸਿਹਤ ਵਿਭਾਗ ਦੀਆਂ ਟੀਮਾਂ ਲਾਜ਼ਮੀ ਤੌਰ ’ਤੇ ਪਹੁੰਚਣ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ, 22 ਨਵੰਬਰ ਨੂੰ ਜ਼ਿਲ੍ਹੇ ਭਰ ਵਿੱਚ ਨਿਰਧਾਰਤ ਪੋਲੀਓ ਬੂਥਾਂ ’ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਦੋ ਬੂੰਦਾਂ ਪਿਲਾਈਆਂ ਜਾਣਗੀਆਂ। ਦੂਜੇ ਦਿਨ, 23 ਨਵੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਨੂੰ ਪੋਲੀਓ ਦੀ ਖੁਰਾਕ ਦੇਣਗੀਆਂ, ਜਿਹੜੇ ਪਹਿਲੇ ਦਿਨ ਬੂਥਾਂ ’ਤੇ ਨਹੀਂ ਪਹੁੰਚ ਸਕੇ। ਤੀਜੇ ਦਿਨ, 24 ਨਵੰਬਰ ਨੂੰ ਵੀ ਟੀਮਾਂ ਘਰ-ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣਗੀਆਂ, ਤਾਂ ਜੋ ਮੁਹਿੰਮ ਦਾ 100 ਫ਼ੀਸਦੀ ਟੀਚਾ ਹਾਸਲ ਕੀਤਾ ਜਾ ਸਕੇ।
ਸਿਵਲ ਸਰਜਨ ਡਾ. ਵਿਮਲ ਨੇ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਦੀ ਮਾਈਕ੍ਰੋ ਪਲਾਨਿੰਗ ਅਨੁਸਾਰ ਸਾਰੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕੀਤੀਆਂ ਜਾਣ। ਇਸ ਦੇ ਨਾਲ ਹੀ ਪੋਲੀਓ ਬੂਥਾਂ ਅਤੇ ਘਰ-ਘਰ ਜਾ ਕੇ ਚਲਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਨਿਰਧਾਰਤ ਪੋਲੀਓ ਬੂਥਾਂ ’ਤੇ ਲੈ ਕੇ ਜਾਣ ਅਤੇ ਉਨ੍ਹਾਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਦੋ ਬੂੰਦਾਂ ਜ਼ਰੂਰ ਪਿਲਵਾਉਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਮਾਪੇ ਆਪਣਾ ਪੂਰਾ ਸਹਿਯੋਗ ਦੇਣ। ਇਸ ਮੀਟਿੰਗ ਵਿੱਚ ਸੀਐਮਓ ਡਾ. ਵਿਮਲ, ਡਾ. ਸੈਲਜਾ, ਡਾ. ਅੰਜਲੀ ਵੈਦਿਆ, ਡਾ. ਜਗ ਮਹਿੰਦਰ, ਡਾ. ਕਰੁਣਾ ਢੀਂਗੜਾ ਸਮੇਤ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।






