Homeਪੰਜਾਬਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ...

ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 558ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Guru Granth Sahib World University Celebrates 558th Parkash Purab of Sri Guru Nanak Dev Ji with Devotion

ਫ਼ਤਿਹਗੜ੍ਹ ਸਾਹਿਬ, 23 ਨਵੰਬਰ, 2026 (ਗੁਰਮੀਤ ਸਿੰਘ ਤੁੰਗ ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 558ਵਾਂ ਪ੍ਰਕਾਸ਼ ਪੁਰਬ ਚਾਰ ਰੋਜ਼ਾ ਸਮਾਗਮਾਂ ਦੀ ਲੜੀ ਤਹਿਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਆਖਰੀ ਦਿਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੇ ਸਲੋਕਾਂ ਦਾ ਸੰਗਤੀ ਪਾਠ ਕੀਤਾ ਗਿਆ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ, ਮੁੱਖ ਗ੍ਰੰਥੀ, ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਨੇ ਕਥਾ-ਵਿਚਾਰ ਕੀਤੀ। ਡਾ. ਕੰਵਲਜੀਤ ਸਿੰਘ, ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਨੇ ਵਿਸ਼ੇਸ਼ ਭਾਸ਼ਣ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਦੀ ਸਮਕਾਲੀ ਪ੍ਰਸੰਗਿਕਤਾ ਬਾਰੇ ਵਿਚਾਰ ਸਾਂਝੇ ਕੀਤੇ। ਵਿਸ਼ੇਸ਼ ਤੌਰ ’ਤੇ ਆਸਾ ਕੀ ਵਾਰ ਦੇ ਹਵਾਲੇ ਨਾਲ ਉਨ੍ਹਾਂ ਨੇ ਸਮਕਾਲੀ ਸਮਾਜਿਕ ਮਸਲਿਆਂ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਅਜੋਕੇ ਸਮੇਂ ਵਿੱਚ ਅਹਿਮੀਅਤ ਉਜਾਗਰ ਕੀਤੀ। ਇਸ ਮੌਕੇ ਪ੍ਰੋ. ਪਰਮਵੀਰ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਵੀ ਸ਼ਿਰਕਤ ਕੀਤੀ। ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਸ. ਕੁਲਵਿੰਦਰ ਸਿੰਘ ਅਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਟਰੱਸਟ ਮੈਂਬਰ ਅਤੇ ਅਕਾਲੀ ਦਲ ਦੇ ਲੀਗਲ ਸੈੱਲ ਦੇ ਇੰਚਾਰਜ, ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੰਵਾਦ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਆਪਸੀ ਵਿਚਾਰ-ਵਟਾਂਦਰੇ ਰਾਹੀਂ ਸਮਾਜਿਕ ਮਸਲਿਆਂ ਨੂੰ ਸਮਝਣ ਅਤੇ ਸੁਲਝਾਉਣ ਦੀ ਲੋੜ ਬਾਰੇ ਗੱਲ ਕੀਤੀ। ਲੰਗਰ ਦੀ ਸੇਵਾ ਨਿਭਾਉਣ ਲਈ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਰਬ-ਸਾਂਝੀਵਾਲਤਾ, ਸਮਾਨਤਾ, ਸੇਵਾ ਅਤੇ ਵੰਡ ਛਕਣ ਦਾ ਸੰਦੇਸ਼ ਸਮੁੱਚੀ ਮਾਨਵਤਾ ਲਈ ਸਦੀਵੀ ਪ੍ਰੇਰਣਾ ਦਾ ਸਰੋਤ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਇਨ੍ਹਾਂ ਆਦਰਸ਼ਾਂ ਨੂੰ ਨਿੱਜੀ ਅਤੇ ਸਮਾਜਿਕ ਜੀਵਨ ਵਿੱਚ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਸਮਾਗਮ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਦੀ ਨਿਗਰਾਨੀ ਹੇਠ ਕਰਵਾਏ ਗਏ।

ਚਾਰ ਰੋਜ਼ਾ ਸਮਾਗਮਾਂ ਦੌਰਾਨ ਸਿਹਤ ਜਾਂਚ ਅਤੇ ਖੂਨਦਾਨ ਕੈਂਪ, ਸਥਾਈ ਵਿਕਾਸ ਵਿਸ਼ੇ ’ਤੇ ਮਾਡਲ ਮੁਕਾਬਲਾ, ਵਿਦਿਆਰਥੀ ਅਤੇ ਰਾਸ਼ਟਰੀ ਸੈਮੀਨਾਰ, ‘ਸਾਖੀ ਸੁਣਾਓ’ ਮੁਕਾਬਲਾ, ਸਫ਼ਾਈ ਮੁਹਿੰਮ ਅਤੇ ‘ਕਿਰਤ ਕਰੋ, ਵੰਡ ਛਕੋ’ ਵਿਸ਼ੇ ’ਤੇ ਪ੍ਰਦਰਸ਼ਨੀ ਕਰਵਾਈ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਆਨਲਾਈਨ ਰਾਸ਼ਟਰੀ ਕੁਇਜ਼ ਵਿੱਚ 800 ਤੋਂ ਵੱਧ ਭਾਗੀਦਾਰਾਂ ਨੇ ਹਿੱਸਾ ਲਿਆ। ਐਨ.ਐੱਸ.ਐੱਸ. ਦੀਆਂ ਇਕਾਈਆਂ ਦੇ 300 ਵਲੰਟੀਅਰਾਂ ਨੇ ਕੈਂਪਸ ਦੀ ਸਫ਼ਾਈ ਕੀਤੀ ਅਤੇ ਇਤਿਹਾਸ ਵਿਭਾਗ ਵੱਲੋਂ ਲੰਗਰ ਦੀ ਸੇਵਾ ਨਿਭਾਈ ਗਈ। ‘ਸਾਖੀ ਸੁਣਾਓ’ ਮੁਕਾਬਲੇ ਵਿੱਚ ਗਗਨਦੀਪ ਕੌਰ (ਸਿੱਖਿਆ ਵਿਭਾਗ), ਅੰਮ੍ਰਿਤ ਕੌਰ (ਕਾਮਰਸ ਅਤੇ ਮੈਨੇਜਮੈਂਟ) ਅਤੇ ਗੁਰਵਿੰਦਰ ਸਿੰਘ (ਧਾਰਮਿਕ ਅਧਿਐਨ) ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀ ਸੈਮੀਨਾਰ ਵਿੱਚ ਅੰਮ੍ਰਿਤ ਕੌਰ, ਜਸਪ੍ਰੀਤ ਕੌਰ ਅਤੇ ਰਾਜਨਦੀਪ ਕੌਰ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਲ ਕੀਤੇ। ਸੰਗੀਤ ਵਿਭਾਗ ਦੇ ਮੁਖੀ ਸ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸੰਗੀਤ ਅਤੇ ਧਾਰਮਿਕ ਅਧਿਐਨ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ। ਕਵੀਸ਼ਰੀ ਅਤੇ ਵਿਦਿਆਰਥੀਆਂ ਦੀ ਗਤਕਾ ਪੇਸ਼ਕਾਰੀ ਨੇ ਸਮਾਗਮ ਨੂੰ ਵਿਸ਼ੇਸ਼ ਰੰਗਤ ਬਖ਼ਸ਼ੀ।

ਇਸ ਮੌਕੇ ਡਾ. ਹਰਨੀਤ ਬਿਲਿੰਗ, ਡੀਨ, ਫੈਕਲਟੀ ਆਫ਼ ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸ; ਡਾ. ਅੰਕਦੀਪ ਕੌਰ ਅਟਵਾਲ, ਡਾਇਰੈਕਟਰ, ਅੰਦਰੂਨੀ ਗੁਣਵੱਤਾ ਭਰੋਸਾ ਸੈੱਲ; ਡਾ. ਹਰਦੇਵ ਸਿੰਘ, ਮੁਖੀ, ਧਾਰਮਿਕ ਅਧਿਐਨ ਵਿਭਾਗ ਤੇ ਕਨਵੀਨਰ, ਵਿਰਾਸਤੀ ਗਿਆਨ ਪ੍ਰਬੰਧ ਕੇਂਦਰ; ਸ. ਜਗਜੀਤ ਸਿੰਘ, ਡਿਪਟੀ ਰਜਿਸਟਰਾਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਮੁੱਖ ਬੁਲਾਰੇ ਅਤੇ ਪੇਸ਼ਕਾਰੀ ਕਰਨ ਵਾਲੇ ਜਥਿਆਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਡਾ. ਸਿਕੰਦਰ ਸਿੰਘ ਨੇ ਧੰਨਵਾਦ ਕੀਤਾ ਅਤੇ ਸਮਾਗਮ ਦੀ ਸਮਾਪਤੀ ਅਰਦਾਸ, ਹੁਕਮਨਾਮੇ ਤੇ ਗੁਰੂ ਕਾ ਲੰਗਰ ਵਰਤਾਉਣ ਨਾਲ ਹੋਈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments