ਫ਼ਤਿਹਗੜ੍ਹ ਸਾਹਿਬ, 24 ਨਵੰਬਰ, 2026 (ਗੁਰਮੀਤ ਸਿੰਘ ਤੁੰਗ ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਇਤਿਹਾਸ ਵਿਭਾਗ ਵੱਲੋਂ ਵਿਸ਼ੇਸ਼ ਦੁੱਧ ਦੀ ਸੇਵਾ ਦਾ ਆਯੋਜਨ ਕੀਤਾ ਗਿਆ। ਇਸ ਉਪਰਾਲੇ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬਸਾਂਝੇ ਸੰਦੇਸ਼ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਲੋਕਾਂ ਤੱਕ ਪਹੁੰਚਾਉਣਾ ਸੀ। ਇਹ ਸਿੱਖਿਆਵਾਂ ਮਨੁੱਖਤਾ, ਸਮਾਨਤਾ, ਵੰਡ ਕੇ ਛਕਣ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਦਾ ਸੰਦੇਸ਼ ਦਿੰਦੀਆਂ ਹਨ।
ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਅਤੇ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਅਧਿਆਪਕਾਂ ਅਤੇ ਹੋਰ ਭਾਗੀਦਾਰਾਂ ਨਾਲ ਮਿਲ ਕੇ ਸੇਵਾ ਵਿੱਚ ਯੋਗਦਾਨ ਪਾਇਆ। ਉਨ੍ਹਾਂ ਦੀ ਸ਼ਮੂਲੀਅਤ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਪ੍ਰਫੁੱਲਤ ਕਰਨ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦਰਸਾਇਆ। ਇਸ ਉਪਰਾਲੇ ਦਾ ਸੰਚਾਲਨ ਇਤਿਹਾਸ ਵਿਭਾਗ ਦੇ ਪ੍ਰੋਗਰਾਮ ਕਨਵੀਨਰ ਡਾ. ਜਸਪ੍ਰੀਤ ਕੌਰ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਕਾਦਮਿਕ ਦਾਇਰੇ ਤੋਂ ਬਾਹਰ ਸਮਾਜਿਕ ਸਰੋਕਾਰਾਂ ਨਾਲ ਜੋੜਨਾ ਅਤੇ ਵਿਦਿਆਰਥੀਆਂ ਤੇ ਸਮਾਜ ਵਿੱਚ ਸੇਵਾ, ਦਇਆ, ਸਾਂਝ ਅਤੇ ਨਿਸ਼ਕਾਮ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।






