ਨਵੇਂ ਡਿਜ਼ਾਈਨ ਨਾਲ ਪੰਜ ਪਾਸਿਆਂ ਤੋਂ ਆਉਣ ਵਾਲੀ ਆਵਾਜਾਈ ਹੋਵੇਗੀ ਸੁਚਾਰੂ; ਚਾਰ ਦਿਸ਼ਾਵਾਂ ਦਾ ਟ੍ਰੈਫਿਕ ਬਿਨਾਂ ਰੁਕੇ ਚੱਲੇਗਾ
ਸੁਨਾਮ, 25 ਨਵੰਬਰ, 2026 (ਛਤਰਪਾਲ ਸਿੰਘ ) : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਆਈ.ਟੀ.ਆਈ. ਚੌਕ ਵਿਖੇ ਸ੍ਰਿਸ਼ਟੀ ਦੇ ਰਚੇਤਾ ਅਤੇ ਕਿਰਤ ਤੇ ਹੁਨਰ ਦੇ ਪ੍ਰਤੀਕ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਨਵੇਂ ਵਿਕਸਤ ਕੀਤੇ ਗਏ ਭਗਵਾਨ ਵਿਸ਼ਵਕਰਮਾ ਚੌਕ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ।
ਇਸ ਮੌਕੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਇਹ ਚੌਕ ਜਿੱਥੇ ਕਿਰਤ, ਹੁਨਰ ਅਤੇ ਸਿਰਜਣਾਤਮਕਤਾ ਦਾ ਸੁਨੇਹਾ ਦੇਵੇਗਾ, ਉੱਥੇ ਹੀ ਇਸ ਦਾ ਆਧੁਨਿਕ ਡਿਜ਼ਾਈਨ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨ ਦੇ ਨਾਲ-ਨਾਲ ਆਵਾਜਾਈ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਮਨ ਵਿੱਚ ਲੰਬੇ ਸਮੇਂ ਤੋਂ ਇਹ ਇੱਛਾ ਸੀ ਕਿ ਸੁਨਾਮ ਸ਼ਹਿਰ ਵਿੱਚ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਇੱਕ ਸ਼ਾਨਦਾਰ ਅਤੇ ਵਿਲੱਖਣ ਚੌਕ ਵਿਕਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵਿਸ਼ਵਕਰਮਾ ਦਿਵਸ ਮੌਕੇ ਉਨ੍ਹਾਂ ਨੇ ਸੰਗਤ ਨਾਲ ਇਸ ਸਬੰਧੀ ਕੀਤਾ ਵਾਅਦਾ ਪੂਰਾ ਕਰਦਿਆਂ ਅੱਜ ਇਹ ਚੌਕ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਇਸ ਚੌਕ ਦੀ ਸਥਾਪਨਾ ਲਈ ਆਈ.ਟੀ.ਆਈ. ਤੋਂ ਵੱਧ ਢੁੱਕਵੀਂ ਕੋਈ ਹੋਰ ਥਾਂ ਨਹੀਂ ਹੋ ਸਕਦੀ ਸੀ, ਕਿਉਂਕਿ ਉਦਯੋਗਿਕ ਸਿਖਲਾਈ ਸੰਸਥਾਵਾਂ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਅਤੇ ਕਿੱਤਾਮੁਖੀ ਹੁਨਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੇ ਸਮਰੱਥ ਬਣਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਨਾਮ ਦੀ ਆਈ.ਟੀ.ਆਈ. ਦੇ ਨਵੀਨੀਕਰਨ ਅਤੇ ਸਰਵਪੱਖੀ ਵਿਕਾਸ ਉੱਤੇ ਲਗਭਗ 6 ਤੋਂ 6.5 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਸੰਸਥਾ ਤੋਂ ਤਕਨੀਕੀ ਸਿਖਲਾਈ ਹਾਸਲ ਕਰਕੇ ਹਜ਼ਾਰਾਂ ਨੌਜਵਾਨ ਵੱਖ-ਵੱਖ ਖੇਤਰਾਂ ਵਿੱਚ ਆਪਣਾ ਭਵਿੱਖ ਸੰਵਾਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਚੌਕ ਨੂੰ ਵਿਸ਼ੇਸ਼ ਅਤੇ ਆਕਰਸ਼ਕ ਢੰਗ ਨਾਲ ਡਿਜ਼ਾਈਨ ਕੀਤਾ ਗਿਆ ਹੈ। ਇਸ ਦੇ ਇੱਕ ਪਾਸੇ ਭਗਵਾਨ ਵਿਸ਼ਵਕਰਮਾ ਜੀ ਦਾ ਸੁੰਦਰ ਚਿੱਤਰ ਸੁਸ਼ੋਭਿਤ ਕੀਤਾ ਗਿਆ ਹੈ, ਜਦਕਿ ਦੂਜੇ ਪਾਸੇ ਮਿਸਤਰੀਆਂ, ਕਿਰਤੀਆਂ ਅਤੇ ਕਾਮਿਆਂ ਵੱਲੋਂ ਵਰਤੇ ਜਾਂਦੇ ਵੱਖ-ਵੱਖ ਸੰਦਾਂ ਦੀ ਝਲਕ ਪੇਸ਼ ਕੀਤੀ ਗਈ ਹੈ। ਇਹ ਸੰਦ ਮਿਹਨਤ, ਹੁਨਰ, ਸਿਰਜਣਾ ਅਤੇ ਸਵੈ-ਨਿਰਭਰਤਾ ਦੀ ਮਹੱਤਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਚੌਕ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ, ਮਿਹਨਤ ਦਾ ਸਤਿਕਾਰ ਕਰਨ ਅਤੇ ਸਵੈ-ਨਿਰਭਰ ਬਣਨ ਲਈ ਪ੍ਰੇਰਿਤ ਕਰੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖ ਧਰਮ ਵਿੱਚ ਵੀ ਕਿਰਤ ਨੂੰ ਸਰਵਉੱਚ ਸਥਾਨ ਦਿੱਤਾ ਗਿਆ ਹੈ। ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਉਪਦੇਸ਼ ਦੇ ਕੇ ਮਨੁੱਖਤਾ ਨੂੰ ਇਮਾਨਦਾਰੀ ਨਾਲ ਮਿਹਨਤ ਕਰਨ ਅਤੇ ਆਪਣੀ ਕਮਾਈ ਵਿੱਚੋਂ ਲੋੜਵੰਦਾਂ ਦੀ ਸਹਾਇਤਾ ਕਰਨ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਇਹ ਚੌਕ ਆਉਣ ਵਾਲੀਆਂ ਪੀੜ੍ਹੀਆਂ ਨੂੰ ਕਿਰਤ ਅਤੇ ਹੁਨਰ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।
ਆਵਾਜਾਈ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਆਈ.ਟੀ.ਆਈ. ਚੌਕ ਸੁਨਾਮ ਸ਼ਹਿਰ ਦੇ ਸਭ ਤੋਂ ਵਿਅਸਤ ਚੌਰਾਹਿਆਂ ਵਿੱਚੋਂ ਇੱਕ ਹੈ, ਜਿੱਥੇ ਪੰਜ ਵੱਖ-ਵੱਖ ਪਾਸਿਆਂ ਤੋਂ ਵਾਹਨਾਂ ਦੀ ਆਵਾਜਾਈ ਹੁੰਦੀ ਹੈ। ਪਹਿਲਾਂ ਚੌਕ ਦੀ ਬਣਤਰ ਕਾਰਨ ਵੱਖ-ਵੱਖ ਪਾਸਿਆਂ ਤੋਂ ਆਉਣ ਵਾਲੇ ਵਾਹਨਾਂ ਨੂੰ ਰੁਕਣਾ ਪੈਂਦਾ ਸੀ, ਜਿਸ ਨਾਲ ਭੀੜ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੁੰਦੀ ਸੀ। ਉਨ੍ਹਾਂ ਕਿਹਾ ਕਿ ਹੁਣ ਇਸ ਚੌਕ ਨੂੰ ਵਿਗਿਆਨਕ ਅਤੇ ਆਵਾਜਾਈ ਪੱਖੋਂ ਸੁਚਾਰੂ ਢੰਗ ਨਾਲ ਮੁੜ ਵਿਕਸਤ ਕੀਤਾ ਗਿਆ ਹੈ। ਨਵੀਂ ਵਿਵਸਥਾ ਤਹਿਤ ਪੰਜਾਂ ਵਿੱਚੋਂ ਚਾਰ ਪਾਸਿਆਂ ਦੀ ਆਵਾਜਾਈ ਬਿਨਾਂ ਰੁਕੇ ਨਿਰਵਿਘਨ ਚੱਲ ਸਕੇਗੀ। ਕੇਵਲ ਬਠਿੰਡਾ-ਮਾਨਸਾ ਵਾਲੇ ਪਾਸਿਓਂ ਆ ਕੇ ਲਹਿਰਾਗਾਗਾ ਵੱਲ ਜਾਣ ਵਾਲੇ ਵਾਹਨਾਂ ਨੂੰ ਹੀ ਟ੍ਰੈਫਿਕ ਨਿਯਮਾਂ ਅਨੁਸਾਰ ਰੁਕਣਾ ਪਵੇਗਾ। ਇਸ ਨਾਲ ਸ਼ਹਿਰ ਵਾਸੀਆਂ, ਵਪਾਰੀਆਂ ਅਤੇ ਰੋਜ਼ਾਨਾ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਟ੍ਰੈਫਿਕ ਜਾਮ ਤੋਂ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੇ ਕੀਮਤੀ ਸਮੇਂ ਦੀ ਵੀ ਬੱਚਤ ਹੋਵੇਗੀ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ, ਸੁੰਦਰੀਕਰਨ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੀ ਉਸਾਰੀ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦੀ ਤਰਜੀਹ ਹੈ ਕਿ ਵਿਕਾਸ ਕਾਰਜ ਨਾ ਸਿਰਫ਼ ਲੋਕਾਂ ਦੀਆਂ ਮੌਜੂਦਾ ਲੋੜਾਂ ਨੂੰ ਪੂਰਾ ਕਰਨ, ਸਗੋਂ ਭਵਿੱਖ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵੀ ਯੋਜਨਾਬੱਧ ਢੰਗ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਕਿਹਾ ਕਿ ਸੁਨਾਮ ਊਧਮ ਸਿੰਘ ਵਾਲਾ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣਾ ਉਨ੍ਹਾਂ ਦੀ ਦਿਲੀ ਇੱਛਾ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਸਿੱਖਿਆ, ਸਿਹਤ, ਸੜਕੀ ਆਵਾਜਾਈ, ਖੇਡਾਂ, ਸੀਵਰੇਜ, ਪੀਣ ਵਾਲੇ ਪਾਣੀ, ਸੁੰਦਰੀਕਰਨ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।






