ਨਵੀਂ ਦਿੱਲੀ, 26 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਸਿਆਸੀ ਸਾਂਝ ਬਣਨ ਤੋਂ ਬਾਅਦ ਹੁਣ ਦੋਵੇਂ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਦਸੰਬਰ ਨੂੰ ਪੰਜਾਬ ਦੇ ਮੋਗਾ ਵਿਖੇ ਹੋਣ ਵਾਲੀ ਐਨਡੀਏ ਦੀ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਦਿੱਲੀ ਭਾਜਪਾ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੋਗਾ ਵਿੱਚ ਹੋਣ ਵਾਲੀ ਇਸ ਰੈਲੀ ਦਾ ਆਯੋਜਨ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ’ਤੇ ਕੀਤਾ ਜਾਵੇਗਾ। ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਤੋਂ ਬਾਅਦ ਪੰਜਾਬ ਵਿੱਚ ਇਹ ਐਨਡੀਏ ਦੀ ਪਹਿਲੀ ਵੱਡੀ ਸਿਆਸੀ ਰੈਲੀ ਹੋਵੇਗੀ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਪੰਜਾਬ ਦੀ ਆਉਣ ਵਾਲੀ ਸਿਆਸਤ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।






