ਲੁਧਿਆਣਾ, 27 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ ) : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਾਲਜ ਆਫ਼ ਡੇਅਰੀ ਐਂਡ ਫੂਡ ਸਾਇੰਸ ਟੈਕਨਾਲੋਜੀ ਵੱਲੋਂ ‘ਦੁੱਧ ਪ੍ਰੋਟੀਨ ਅਤੇ ਸਿਹਤ’ ਵਿਸ਼ੇ ਤਹਿਤ ਕੌਮੀ ਦੁੱਧ ਦਿਵਸ-2026 ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਵੱਲੋਂ ਸਿਹਤ ਅਤੇ ਪਾਚਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਵਿਸ਼ੇਸ਼ ਡੇਅਰੀ ਉਤਪਾਦ ‘ਪ੍ਰੋਬਾਇਓਟਿਕ ਦਹੀਂ’ ਲੋਕ ਅਰਪਣ ਕੀਤਾ ਗਿਆ। ਲਾਭਦਾਇਕ ਪ੍ਰੋਬਾਇਓਟਿਕ ਬੈਕਟੀਰੀਆ ਨਾਲ ਭਰਪੂਰ ਇਹ ਦਹੀਂ ਪੌਸ਼ਟਿਕ ਖੁਰਾਕ ਵਜੋਂ ਕੰਮ ਕਰੇਗਾ। ਯੂਨੀਵਰਸਿਟੀ ਵੱਲੋਂ ਇਹ ਉਤਪਾਦ ਖਪਤਕਾਰਾਂ ਲਈ ਆਪਣੇ ਦੁੱਧ ਪਾਰਲਰਾਂ ਵਿੱਚ ਵਿਕਰੀ ਵਾਸਤੇ ਉਪਲਬਧ ਕਰਵਾਇਆ ਜਾਵੇਗਾ।

ਦੁੱਧ ਦੀ ਸ਼ੁੱਧਤਾ ਅਤੇ ਗੁਣਵੱਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 19 ਤੋਂ 26 ਨਵੰਬਰ ਤੱਕ ਦੁੱਧ ਵਿੱਚ ਮਿਲਾਵਟ ਦੀ ਜਾਂਚ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਪ੍ਰਯੋਗਿਕ ਡੇਅਰੀ ਪਲਾਂਟ ਦੇ ਕਰਮਚਾਰੀਆਂ ਲਈ ਸਿਖਲਾਈ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਵਿੱਚ ਸਾਫ਼-ਸੁਥਰੇ ਦੁੱਧ ਦੀ ਸੰਭਾਲ, ਸੁਰੱਖਿਅਤ ਪ੍ਰੋਸੈਸਿੰਗ ਅਤੇ ਗੁਣਵੱਤਾ ਯਕੀਨੀ ਬਣਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਭਾਰਤੀ ਮਾਪਦੰਡ ਬਿਊਰੋ, ਚੰਡੀਗੜ੍ਹ ਦੀ ਡਾਇਰੈਕਟਰ/ਵਿਗਿਆਨੀ ਡਾ. ਨਵਿਤਾ ਯਾਦਵ ਨੇ ਦੁੱਧ ਦੀ ਗੁਣਵੱਤਾ ਦੀ ਜਾਂਚ, ਖੁਰਾਕ ਸੁਰੱਖਿਆ ਦੇ ਮਾਪਦੰਡਾਂ ਅਤੇ ਡੇਅਰੀ ਉਤਪਾਦਾਂ ਦੀ ਸ਼ੁੱਧਤਾ ਯਕੀਨੀ ਬਣਾਉਣ ਵਿੱਚ ਆਉਣ ਵਾਲੀਆਂ ਚੁਣੌਤੀਆਂ ਬਾਰੇ ਵਿਸ਼ੇਸ਼ ਭਾਸ਼ਣ ਦਿੱਤਾ। ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ‘ਦੁੱਧ ਪ੍ਰੋਟੀਨ ਅਤੇ ਸਿਹਤ’ ਵਿਸ਼ੇ ਉੱਤੇ ਪੋਸਟਰ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ। ਮੁਕਾਬਲੇ ਵਿੱਚ ਪਹਿਲਾ ਇਨਾਮ ਗਗਨ ਪਟੇਲ ਅਤੇ ਹਰਬਿੰਦਰ ਕੌਰ ਨੇ ਪ੍ਰਾਪਤ ਕੀਤਾ, ਜਦਕਿ ਦੂਜਾ ਇਨਾਮ ਖੁਸ਼ਬੂ ਅਤੇ ਤੀਜਾ ਇਨਾਮ ਯਾਚਨਾ ਹਰਮੁਖ ਅਤੇ ਸੰਦੀਪ ਕੌਰ ਨੂੰ ਦਿੱਤਾ ਗਿਆ।
ਇਸ ਦੌਰਾਨ ਅਧਿਆਪਕਾਂ ਵੱਲੋਂ ਤਿਆਰ ਕੀਤੀਆਂ ਤਿੰਨ ਸਿੱਖਿਆਦਾਇਕ ਵੀਡੀਓਜ਼ ਵੀ ਜਾਰੀ ਕੀਤੀਆਂ ਗਈਆਂ। ਇਨ੍ਹਾਂ ਵੀਡੀਓਜ਼ ਵਿੱਚ ਦੁੱਧ ਵਿੱਚ ਮਿਲਾਵਟ, ਇਸ ਦੀ ਗੁਣਵੱਤਾ ਅਤੇ ਸੁਰੱਖਿਆ ਨਾਲ ਜੁੜੇ ਅਹਿਮ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੀਏਯੂ ਕੈਂਪਸ, ਲੁਧਿਆਣਾ ਦੇ 75 ਤੋਂ ਵੱਧ ਵਿਦਿਆਰਥੀਆਂ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਅਮੂਲ ਅਤੇ ਵੇਰਕਾ ਵੱਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ। ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਰਵਿੰਦਰ ਸਿੰਘ ਗਰੇਵਾਲ ਨੇ ਜਨਤਕ ਸਿਹਤ ਦੀ ਸੁਰੱਖਿਆ ਲਈ ਦੁੱਧ ਦੀ ਗੁਣਵੱਤਾ ਅਤੇ ਸ਼ੁੱਧਤਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਕਾਲਜ ਆਫ਼ ਡੇਅਰੀ ਐਂਡ ਫੂਡ ਸਾਇੰਸ ਟੈਕਨਾਲੋਜੀ ਦੇ ਡੀਨ ਡਾ. ਸਰਵਪ੍ਰੀਤ ਸਿੰਘ ਘੁੰਮਣ ਨੇ ਆਪਣੇ ਸੰਬੋਧਨ ਵਿੱਚ ਖਪਤਕਾਰਾਂ ਦਾ ਭਰੋਸਾ ਮਜ਼ਬੂਤ ਕਰਨ, ਵਿਗਿਆਨਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਡੇਅਰੀ ਖੇਤਰ ਵਿੱਚ ਸਫ਼ਾਈ ਤੇ ਸੁਰੱਖਿਆ ਦੇ ਮਿਆਰਾਂ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।






