ਬਾਲ ਵਿਆਹ ਮੁਕਤ ਸਮਾਜ ਦੀ ਸਿਰਜਣਾ ਲਈ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੇ ਲਿਆ ਪ੍ਰਣ
ਅਮਲੋਹ/ਫਤਹਿਗੜ੍ਹ ਸਾਹਿਬ, 27 ਨਵੰਬਰ, 2026 (ਛਤਰਪਾਲ ਸਿੰਘ ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਜਾਰੀ ਹਦਾਇਤਾਂ ਅਨੁਸਾਰ, ਸਰਕਾਰੀ ਕੰਨਿਆ ਸਕੂਲ ਅਮਲੋਹ ਵਿਖੇ ਬਾਲ ਵਿਆਹ ਦੀ ਰੋਕਥਾਮ ਅਤੇ ਬਾਲ ਸੁਰੱਖਿਆ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਕੂਲ ਪ੍ਰਬੰਧਕਾਂ, ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਵੱਲੋਂ ਬਾਲ ਵਿਆਹ ਵਰਗੀ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਤੇ ਬਾਲ ਵਿਆਹ ਮੁਕਤ ਸਮਾਜ ਸਿਰਜਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਕੁਰੀਤੀ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਛੋਟੀ ਉਮਰ ਵਿੱਚ ਵਿਆਹ ਕਰਵਾਉਣ ਨਾਲ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਵਿੱਚ ਰੁਕਾਵਟ ਆਉਂਦੀ ਹੈ, ਜਿਸ ਨਾਲ ਉਨ੍ਹਾਂ ਦਾ ਭਵਿੱਖ ਅਤੇ ਸਿੱਖਿਆ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ‘ਬਾਲ ਵਿਆਹ ਰੋਕੂ ਐਕਟ’ ਤਹਿਤ ਬਾਲ ਵਿਆਹ ਕਰਵਾਉਣਾ, ਇਸ ਵਿੱਚ ਸ਼ਾਮਲ ਹੋਣਾ ਜਾਂ ਇਸ ਨੂੰ ਉਤਸ਼ਾਹਿਤ ਕਰਨਾ ਇੱਕ ਸਜ਼ਾਯੋਗ ਕਾਨੂੰਨੀ ਅਪਰਾਧ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਬਾਲ ਅਧਿਕਾਰਾਂ (ਜਿਵੇਂ ਕਿ ਸਿੱਖਿਆ ਦਾ ਅਧਿਕਾਰ, ਸੁਰੱਖਿਆ ਦਾ ਅਧਿਕਾਰ ਅਤੇ ਵਿਕਾਸ ਦਾ ਅਧਿਕਾਰ) ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਚਾਈਲਡ ਹੈਲਪਲਾਈਨ ਨੰਬਰ 1098 ਦੀ ਕਾਰਜਪ੍ਰਣਾਲੀ ਅਤੇ ਮਹੱਤਤਾ ਬਾਰੇ ਦੱਸਿਆ ਗਿਆ। ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਜੇਕਰ ਉਨ੍ਹਾਂ ਨੂੰ ਖੁਦ ਜਾਂ ਉਨ੍ਹਾਂ ਦੇ ਆਲੇ-ਦੁਆਲੇ ਕਿਸੇ ਵੀ ਬੱਚੇ ਨੂੰ ਕਿਸੇ ਕਿਸਮ ਦੀ ਮੁਸ਼ਕਲ, ਸ਼ੋਸ਼ਣ ਜਾਂ ਬਾਲ ਵਿਆਹ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ, ਤਾਂ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਤੁਰੰਤ 24 ਘੰਟੇ ਚੱਲਣ ਵਾਲੇ ਟੋਲ-ਫ੍ਰੀ ਨੰਬਰ 1098 ‘ਤੇ ਸੰਪਰਕ ਕਰਕੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ, ਜਿੱਥੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।
ਇਸ ਮੌਕੇ ਤੇ ਹਰਸੁਖਨਿੰਦਰ ਕੈਰ (ਮੈਨੇਜਰ ਕੋਆਰਡੀਨੇਸ਼ਨ ਅਤੇ ਹਰਿੰਦਰ ਕੌਰ (ਸੋਸਲ ਵਰਕਰ ) ਹਾਜ਼ਰ ਸਨ।






