‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਵਿੱਚ 23 ਜ਼ਿਲ੍ਹਿਆਂ ਦੀਆਂ ਟੀਮਾਂ ਨੂੰ ਪਛਾੜ ਕੇ ਪਹਿਲਾ ਸਥਾਨ; ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਵੀ ਜਿੱਤਿਆ ਪਹਿਲਾ ਸਥਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, 29 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ): ਫ਼ਤਿਹਗੜ੍ਹ ਸਾਹਿਬ ਦੀ ਗੱਤਕਾ ਟੀਮ ਨੇ ਦੋ ਵੱਕਾਰੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਟੀਮ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਵਿੱਚ 23 ਜ਼ਿਲ੍ਹਿਆਂ ਦੀਆਂ ਟੀਮਾਂ ਨੂੰ ਪਛਾੜ ਕੇ ਸੋਨ ਤਗ਼ਮਾ ਜਿੱਤਿਆ। ਇਸੇ ਤਰ੍ਹਾਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ-2026 ਦੇ ਗੱਤਕਾ ਪ੍ਰਦਰਸ਼ਨੀ ਮੁਕਾਬਲੇ ਵਿੱਚ ਵੀ ਪਹਿਲਾ ਸਥਾਨ ਹਾਸਲ ਕੀਤਾ।
ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਗੱਤਕਾ ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ ਲਗਭਗ 1200 ਖਿਡਾਰੀਆਂ ਨੇ ਭਾਗ ਲਿਆ। ਯੂਨੀਵਰਸਿਟੀ ਦੀ ਟੀਮ ਨੇ ਅੰਡਰ-21 ਲੜਕਿਆਂ ਦੇ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗ਼ਮਾ ਜਿੱਤਿਆ। ਜੇਤੂ ਖਿਡਾਰੀਆਂ ਨੂੰ 10,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਵੀ ਦਿੱਤੀ ਜਾਵੇਗੀ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਕਰਵਾਏ ਗਏ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਨੌਂ ਯੂਨੀਵਰਸਿਟੀਆਂ ਦੀਆਂ ਟੀਮਾਂ ਨੇ ਗੱਤਕਾ ਪ੍ਰਦਰਸ਼ਨੀ ਮੁਕਾਬਲੇ ਵਿੱਚ ਭਾਗ ਲਿਆ। ਇਸ ਮੁਕਾਬਲੇ ਵਿੱਚ ਯੂਨੀਵਰਸਿਟੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਟਰਾਫ਼ੀ ਅਤੇ ਤਗ਼ਮੇ ਜਿੱਤੇ।
ਯੂਨੀਵਰਸਿਟੀ ਪਹੁੰਚਣ ‘ਤੇ ਉਪ-ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹਨ। ਉਨ੍ਹਾਂ ਨੇ ਖੇਡਾਂ ਅਤੇ ਸਿੱਖ ਵਿਰਾਸਤੀ ਮਾਰਸ਼ਲ ਆਰਟਸ ਨੂੰ ਉਤਸ਼ਾਹਿਤ ਕਰਨ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਵੀ ਦੁਹਰਾਈ।
ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਯੂਨੀਵਰਸਿਟੀ ਵਿਖੇ ਗੱਤਕੇ ਦਾ ਇੱਕ ਸਾਲਾ ਡਿਪਲੋਮਾ ਕੋਰਸ ਚਲਾਇਆ ਜਾ ਰਿਹਾ ਹੈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਇਸ ਰਵਾਇਤੀ ਸਿੱਖ ਮਾਰਸ਼ਲ ਆਰਟ ਦੀ ਵਿਗਿਆਨਕ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ।
ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਗੱਤਕਾ ਟੀਮ ਪਿਛਲੇ ਸਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਕਰਵਾਈ ਗਈ ਅੰਤਰ-ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ ਵਿੱਚ ਵੀ ਪਹਿਲਾ ਸਥਾਨ ਹਾਸਲ ਕਰ ਚੁੱਕੀ ਹੈ।
ਗੱਤਕਾ ਕੋਚ ਸ. ਤਲਵਿੰਦਰ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਦੀ ਨਿਰੰਤਰ ਮਿਹਨਤ, ਅਭਿਆਸ ਅਤੇ ਟੀਮ ਭਾਵਨਾ ਸਦਕਾ ਇਹ ਸਫ਼ਲਤਾ ਸੰਭਵ ਹੋਈ ਹੈ।
ਇਸ ਮੌਕੇ ਡਾ. ਹਰਨੀਤ ਬਿਲਿੰਗ, ਡੀਨ, ਸਿੱਖਿਆ ਅਤੇ ਸੂਚਨਾ ਵਿਗਿਆਨ ਫੈਕਲਟੀ; ਡਾ. ਹਰਦੇਵ ਸਿੰਘ, ਡੀਨ, ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਫੈਕਲਟੀ; ਡਾ. ਜਗਜੀਤ ਸਿੰਘ, ਡਾ. ਵਰਿੰਦਰ ਸਿੰਘ ਭੁੱਲਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਵੀ ਹਾਜ਼ਰ ਸਨ।






