ਸੈਮੀਨਾਰ, ਸਿੱਖ ਇਤਿਹਾਸ, ਧਾਰਮਿਕ ਸਦਭਾਵਨਾ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਸਮਕਾਲੀ ਸਮਾਜ ਨਾਲ ਜੋੜਨ ਲਈ ਇਕ ਮਹੱਤਵਪੂਰਨ ਕਦਮ- ਧਰਮਿੰਦਰ ਸਿੰਘ ਉੱਭਾ
ਪਟਿਆਲਾ, 27 ਅਕਤੂਬਰ (ਛਤਰਪਾਲ ਸਿੰਘ) — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਦੀ ਅਗਵਾਈ ਹੇਠ ਤੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ, ਖ਼ਾਲਸਾ ਕਾਲਜ, ਪਟਿਆਲਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਦਿਨਾਂ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਸੈਮੀਨਾਰ ਦਾ ਵਿਸ਼ਾ “ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ, ਬਾਣੀ ਅਤੇ ਦਰਸ਼ਨ” ਰਿਹਾ। ਇਸ ਮੌਕੇ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ, ਅਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਕਈ ਪ੍ਰਮੁੱਖ ਹਸਤੀਆਂ ਨੇ ਸ਼ਿਰਕਤ ਕੀਤੀ।
ਕਾਲਜ ਦੇ ਪ੍ਰਿੰਸੀਪਲ ਸ. ਧਰਮਿੰਦਰ ਸਿੰਘ ਉੱਭਾ ਨੇ ਆਈਆਂ ਮਹਾਨ ਸ਼ਖ਼ਸੀਅਤਾਂ ਨੂੰ ‘ਜੀ ਆਇਆਂ’ ਆਖਿਆ। ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਗੁਰੂ ਜੀ ਦੇ ਸਿਧਾਂਤਾਂ ’ਤੇ ਚੱਲ ਕੇ ਅਸੀਂ ਵਿਸ਼ਵ ਪੱਧਰੀ ਸਹਿਣਸ਼ੀਲਤਾ ਅਤੇ ਨਿਆਂ ਨੂੰ ਮਜ਼ਬੂਤ ਕਰ ਸਕਦੇ ਹਾਂ। ਸੈਮੀਨਾਰ ਵਿੱਚ ਲਗਭਗ 200 ਵਿਦਵਾਨਾਂ ਵੱਲੋਂ ਵਿਗਿਆਨਕ ਪੇਪਰ ਪੇਸ਼ ਕੀਤੇ ਗਏ।
ਮੁੱਖ ਮਹਿਮਾਨ ਵਜੋਂ ਬੋਲਦੇ ਹੋਏ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖਤਾ ਲਈ ਇੱਕ ਪ੍ਰੇਰਣਾ ਹੈ। ਉਨ੍ਹਾਂ ਕਿਹਾ, “ਅੱਜ ਦੇ ਯੁੱਗ ਵਿਚ ਸਾਨੂੰ ਗੁਰੂ ਸਾਹਿਬ ਦੇ ਬਲਿਦਾਨ ਤੋਂ ਸਿੱਖ ਲੈਣ ਦੀ ਲੋੜ ਹੈ ਤਾਂ ਜੋ ਅਸੀਂ ਧਾਰਮਿਕ ਸਦਭਾਵਨਾ ਅਤੇ ਆਪਸੀ ਪਿਆਰ ਦਾ ਸੰਦੇਸ਼ ਫੈਲਾ ਸਕੀਏ।”
ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਸੰਗੀ ਸਾਥੀਆਂ ਦੀ ਸ਼ਹਾਦਤ ਸਿੱਖ ਕੌਮ ਲਈ ਇਕ “ਚਾਨਣ ਮੁਨਾਰਾ” ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਸਾਹਿਬ ਦੀ ਸ਼ਹਾਦਤ ਦੀ ਯਾਦ ਵਿੱਚ ਕਈ ਧਾਰਮਿਕ ਤੇ ਵਿਦਿਅਕ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਿਆ ਜਾ ਰਿਹਾ ਹੈ।
ਡਾ. ਸਰਬਜਿੰਦਰ ਸਿੰਘ, ਵਾਈਸ ਚਾਂਸਲਰ ਫਿਊਚਰਿਸਟਿਕ ਯੂਨੀਵਰਸਿਟੀ, ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਰੂਹਾਨੀਅਤ ਦਾ ਜੀਵੰਤ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸੱਚ ਅਤੇ ਨਿਆਂ ਲਈ ਸਿਰ ਕਟਾ ਦਿੱਤਾ ਪਰ ਮਤ ਨਹੀਂ ਬਦਲਿਆ — ਇਹ ਸੰਦੇਸ਼ ਅੱਜ ਦੇ ਵਿਸ਼ਵ ਲਈ ਬਹੁਤ ਮਹੱਤਵਪੂਰਨ ਹੈ।
ਇਸ ਮੌਕੇ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨੂੰ ਸਮਕਾਲੀ ਪੀੜ੍ਹੀ ਲਈ “ਅਨਮੋਲ ਰੂਹਾਨੀ ਖ਼ਜ਼ਾਨਾ” ਕਹਿੰਦੇ ਹੋਏ ਵਿਸ਼ਲੇਸ਼ਣ ਪੇਸ਼ ਕੀਤਾ। ਸੁਖਮਿੰਦਰ ਸਿੰਘ, ਸਕੱਤਰ ਵਿਦਿਆ ਸੈਕਸ਼ਨ ਸ਼੍ਰੋਮਣੀ ਕਮੇਟੀ ਨੇ ਜਾਣਕਾਰੀ ਦਿੱਤੀ ਕਿ ਸਾਰੇ ਐਜੂਕੇਸ਼ਨਲ ਇੰਸਟੀਚਿਊਸ਼ਨਾਂ ਵਿੱਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸ਼ਹਾਦਤ ਬਾਰੇ ਜਾਣੂ ਕਰਨ ਲਈ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੌਕੇ ਸੁਰਜੀਤ ਸਿੰਘ ਗੜੀ, ਬਾਬਾ ਬੂਟਾ ਸਿੰਘ, ਬਲਤੇਜ ਸਿੰਘ ਖੋਖ, ਅਤੇ ਜਸਮੇਰ ਸਿੰਘ ਲਾਛੜੂ ਸਮੇਤ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਵੀ ਹਾਜ਼ਰ ਸਨ। ਸੈਮੀਨਾਰ ਵਿੱਚ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।







