ਸਰਹਿੰਦ, 30 ਅਕਤੂਬਰ (ਚੌਧਰੀ ਛਤਰਪਾਲ ਸਿੰਘ) : ਕੌਮੀ ਇਨਸਾਫ਼ ਮੋਰਚੇ ਨੇ ਐਲਾਨ ਕੀਤਾ ਹੈ ਕਿ 1 ਨਵੰਬਰ 2025 ਨੂੰ ਦੁਨੀਆ ਭਰ ਦੇ ਹਰ ਗੁਰਦੁਆਰਾ ਸਾਹਿਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸਾਂ ਕੀਤੀਆਂ ਜਾਣਗੀਆਂ। ਇਹ ਫੈਸਲਾ ਸਿੱਖ ਕੌਮ ਦੀਆਂ ਵੱਖ-ਵੱਖ ਧਾਰਮਿਕ ਤੇ ਰਾਜਨੀਤਕ ਜਥੇਬੰਦੀਆਂ ਨਾਲ ਮਿਲ ਕੇ ਸਾਂਝੇ ਰੂਪ ਵਿੱਚ ਲਿਆ ਗਿਆ ਹੈ।
ਇਸ ਮੁਹਿੰਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.), ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਕਿਸਾਨ ਜਥੇਬੰਦੀਆਂ, ਧਾਰਮਿਕ ਤੇ ਪੰਥਕ ਸੰਗਠਨਾਂ ਸਮੇਤ ਦੱਲ ਖਾਲਸਾ, ਨਿਹੰਗ ਜਥੇਬੰਦੀਆਂ ਤੇ ਸੰਤ ਸੰਪਰਦਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਸਾਬਕਾ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸਿੱਖ ਕੌਮ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੀ ਹੈ, ਪਰ ਹਰ ਸਰਕਾਰ ਨੇ ਘੱਟ ਗਿਣਤੀਆਂ ਨਾਲ ਧੱਕੇਸ਼ਾਹੀ ਅਤੇ ਅਨਿਆਇ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖਾਂ ਦਾ ਦੇਸ਼ ਭਰ ਵਿੱਚ ਯੋਜਨਾਬੱਧ ਕਤਲੇਆਮ ਹੋਇਆ, ਪਰ ਦੋਸ਼ੀਆਂ ਨੂੰ ਅੱਜ ਤੱਕ ਸਜ਼ਾ ਨਹੀਂ ਮਿਲੀ, ਜਦਕਿ ਸਿੱਖ ਕੈਦੀ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ।
ਜਥੇਦਾਰ ਪੰਜੋਲੀ ਨੇ ਅਪੀਲ ਕੀਤੀ ਕਿ ਸਾਰੀ ਸਿੱਖ ਸੰਗਤ ਇੱਕ ਜੁਟ ਹੋ ਕੇ 1 ਨਵੰਬਰ ਨੂੰ ਅਰਦਾਸ ਵਿੱਚ ਸ਼ਾਮਲ ਹੋਵੇ, ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਹੋਰ ਮਜ਼ਬੂਤੀ ਨਾਲ ਉਠਾਈ ਜਾ ਸਕੇ।







