ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਨਿਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ‘ਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ – ਡਾ. ਪ੍ਰੀਤੀ ਯਾਦਵ
ਪਟਿਆਲਾ, 2 ਨਵੰਬਰ (ਛਤਰਪਾਲ ਸਿੰਘ): ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪੋਲੋ ਗਰਾਊਂਡ ਵਿੱਚ 4 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਸ਼ੋਅ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਹੈ।

ਡਾ. ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਅਤੇ ਸ਼ਹੀਦੀ ਇਤਿਹਾਸ ਨਾਲ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਪੋਲੋ ਗਰਾਊਂਡ ਆ ਕੇ ਇਸ ਰੂਹਾਨੀ ਅਨੁਭਵ ਦਾ ਹਿੱਸਾ ਬਣਨਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਸ਼ੋਅ ਸ਼ਾਮ 5 ਵਜੇ ਸ਼ੁਰੂ ਹੋਵੇਗਾ ਅਤੇ ਰਾਤ 8:30 ਵਜੇ ਤੱਕ ਚੱਲੇਗਾ। ਸ਼ੋਅ ਲਈ ਦਾਖਲਾ ਮੁਫ਼ਤ ਹੋਵੇਗਾ ਅਤੇ ਕਿਸੇ ਵੀ ਪ੍ਰਵੇਸ਼ ਪਾਸ ਦੀ ਲੋੜ ਨਹੀਂ ਹੈ। ਸ਼ੋਅ ਤੋਂ ਪਹਿਲਾਂ 5:30 ਤੋਂ 6:30 ਵਜੇ ਤੱਕ ਢਾਡੀ ਵਾਰਾਂ ਰਾਹੀਂ ਗੁਰੂ ਸਾਹਿਬ ਦੇ ਇਤਿਹਾਸ ਨਾਲ ਸੰਗਤ ਨੂੰ ਜਾਣੂ ਕਰਵਾਇਆ ਜਾਵੇਗਾ। ਲਾਈਟ ਐਂਡ ਸਾਊਂਡ ਪ੍ਰੋਗਰਾਮ ਲਗਭਗ 45 ਮਿੰਟ ਦਾ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸ਼ੋਅ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ। ਤਿਆਰੀਆਂ ਦੀ ਸਮੀਖਿਆ ਦੌਰਾਨ ਐਸ.ਪੀ. ਵੈਭਵ ਚੌਧਰੀ, ਏ.ਡੀ.ਸੀ. ਵਿਕਾਸ ਦਮਨਜੀਤ ਸਿੰਘ ਮਾਨ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ, ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।







