ਸ਼ੋਅ ‘ਚ ‘ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ’
ਪਟਿਆਲਾ, (ਸ਼ਹੀਦ—ਏ—ਆਜ਼ਮ ਬਿਓਰੋ):

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ‘ਤੇ ਆਧਾਰਿਤ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਨੇ ਮੰਗਲਵਾਰ ਦੀ ਸ਼ਾਮ ਨੂੰ ਪੋਲੋ ਗਰਾਊਂਡ ਵਿਖੇ ਪੁੱਜੀ ਵੱਡੀ ਗਿਣਤੀ ਸੰਗਤ ਨੂੰ ਭਾਵੁਕ ਕਰ ਦਿੱਤਾ।
‘ਹਿੰਦ ਦੀ ਚਾਦਰ’ ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ‘ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ’ ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ।


ਇਸ ਦੌਰਾਨ ਢਾਡੀ ਸੁਖਦੇਵ ਸਿੰਘ ਬੂਹ ਦੇ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਸ਼ੋਅ ਮੌਕੇ ਸੰਗਤ, ਜਿਸ ‘ਚ ਬੱਚੇ, ਬਜ਼ੁਰਗ ਤੇ ਜਵਾਨ ਸ਼ਾਮਲ ਸਨ, ਨੇ ਧੰਨ ਗੁਰੂ ਤੇਗ ਬਹਾਦਰ ਜੀ ਉਚਾਰਦੇ ਹੋਏ ਜੈਕਾਰੇ ਵੀ ਲਗਾਏ।
ਸੰਗਤ ‘ਚ ਸ਼ਾਮਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਨਿਮਾਣੇ ਸੇਵਕ ਵਜੋਂ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਕੱਢੇ ਜਾਣੇ ਹਨ। ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਚੱਲਕੇ 21 ਨਵੰਬਰ ਨੂੰ ਪਟਿਆਲਾ ਵਿਖੇ ਪ੍ਰਵੇਸ਼ ਕਰੇਗਾ ਅਤੇ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ਹਰ ਜ਼ਿਲ੍ਹੇ ਵਿੱਚ ਪਹੁੰਚਣ ‘ਤੇ ਨਗਰ ਕੀਰਤਨ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਜਾਵੇਗਾ।
‘ਹਿੰਦ ਦੀ ਚਾਦਰ’ ਸ਼ੋਅ ਦੇਖ ਕੇ ਅਨੋਖਾ ਅਨੁਭਵ ਹੋਇਆ- ਸੰਗਤ
ਇਸ ਮੌਕੇ ਸੰਗਤ ਨੇ ਭਾਵੁਕ ਹੁੰਦਿਆਂ ਦੱਸਿਆ ਕਿ ‘ਹਿੰਦ ਦੀ ਚਾਦਰ’ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਉਨ੍ਹਾਂ ਨੂੰ ਅਨੋਖਾ ਅਨੁਭਵ ਹੋਇਆ ਹੈ, ਜਿਸ ਨਾਲ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ ਹੈ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਪ੍ਰੋਫੈਸਰ ਪਰਮਵੀਰ ਸਿੰਘ, ਡਾ ਜਸਵੀਰ ਕੌਰ, ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਆਪ ਸ਼ਹਿਰੀ ਪ੍ਰਧਾਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਤੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜੱਸੀ ਸੋਹੀਆਂ ਵਾਲਾ, ਬਲਵਿੰਦਰ ਸਿੰਘ ਝਾੜਵਾਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਸਮੂਹ ਕੌਂਸਲਰ ਸਾਹਿਬਾਨ, ਆਪ ਦੇ ਸਮੂਹ ਬਲਾਕ ਪ੍ਰਧਾਨ ਤੇ ਵਲੰਟੀਅਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ ਐਸ ਪੀ ਵਰੁਣ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਐਸ.ਪੀ. ਵੈਭਵ ਚੌਧਰੀ, ਏਡੀਸੀਜ ਦਮਨਜੀਤ ਸਿੰਘ ਮਾਨ, ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ ਸਮੇਤ ਸ਼ਹਿਰ ਤੇ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਤੇ ਹੋਰ ਵਸਨੀਕਾਂ ਨੇ ਸ਼ਿਰਕਤ ਕੀਤੀ।







