ਡਾ. ਬਲਜੀਤ ਕੌਰ ਨੇ ਕਿਹਾ – ਹਰ ਹੱਕਦਾਰ ਤੱਕ ਪਹੁੰਚੇ ਸਹਾਇਤਾ
ਚੰਡੀਗੜ੍ਹ (ਰਾਜੇਸ਼ ਕੁਮਾਰ): ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖ਼ਾਸ ਤੌਰ ‘ਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਅਤੇ ਉਨ੍ਹਾਂ ਦੀ ਜੀਵਨ-ਗੁਣਵੱਤਾ ਸੁਧਾਰਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਰਾਜ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ 287.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਦਾ ਲਾਭ 2 ਲੱਖ 76 ਹਜ਼ਾਰ 175 ਯੋਗ ਲਾਭਪਾਤਰੀਆਂ ਤੱਕ ਪਹੁੰਚ ਚੁੱਕਾ ਹੈ।
ਡਾ. ਕੌਰ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2025-26 ਲਈ ਸਰਕਾਰ ਨੇ ਇਸ ਯੋਜਨਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ 495 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਜ਼ੋਰ ਦਿੱਤਾ ਕਿ ਵਿੱਤੀ ਸਹਾਇਤਾ ਦੇ ਨਾਲ ਨਾਲ ਰੋਜ਼ਗਾਰ ਮੌਕੇ, ਹੁਨਰ ਵਿਕਾਸ ਪ੍ਰੋਗਰਾਮ ਅਤੇ ਸੁਵਿਧਾਜਨਕ ਬੁਨਿਆਦੀ ਢਾਂਚੇ ਰਾਹੀਂ ਦਿਵਿਆਂਗਾਂ ਨੂੰ ਆਤਮ-ਨਿਰਭਰ ਬਣਾਉਣ ਲਈ ਸਰਕਾਰ ਤੇਜ਼ੀ ਨਾਲ ਕਦਮ ਚੁੱਕ ਰਹੀ ਹੈ।
ਅੰਤ ਵਿੱਚ, ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਲਾਭਪਾਤਰੀ ਸਹਾਇਤਾ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਹਰ ਹੱਕਦਾਰ ਤੱਕ ਇਸ ਯੋਜਨਾ ਦਾ ਲਾਭ ਪਹੁੰਚਣਾ ਯਕੀਨੀ ਬਣਾਇਆ ਜਾਵੇ।







