ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਅਕੀਦਤ ਤੇ ਸ਼ਰਧਾ ਨਾਲ ਕੀਤੇ ਜਾ ਰਹੇ ਨੇ ਪ੍ਰਬੰਧ
ਪਟਿਆਲਾ, 12 ਨਵੰਬਰ (ਜਗਜੀਤ ਸਿੰਘ): ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਪਟਿਆਲਾ ‘ਚ ਮਹਾਨ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ। ਇਹ ਸਮਾਗਮ 18 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨੇੜੇ ਫੁਹਾਰਾ ਚੌਂਕ ਵਿਖੇ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਹੋਵੇਗਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ 21 ਨਵੰਬਰ ਨੂੰ ਪਟਿਆਲਾ ਪੁੱਜਣ ਵਾਲੇ ਮਹਾਨ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਇਸ ਮੌਕੇ ਪਟਿਆਲਾ ਪੁਲਿਸ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋਵੇਂ ਸਮਾਗਮਾਂ ਦੀਆਂ ਤਿਆਰੀਆਂ ਪੂਰੀ ਸ਼ਰਧਾ ਅਤੇ ਅਕੀਦਤ ਨਾਲ ਕੀਤੀਆਂ ਜਾ ਰਹੀਆਂ ਹਨ।
ਡਾ. ਯਾਦਵ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸੰਗਤ ਲਈ ਪਾਰਕਿੰਗ, ਜੋੜਾ ਘਰ, ਲੰਗਰ ਤੇ ਹੋਰ ਸੁਵਿਧਾਵਾਂ ਦੇ ਪ੍ਰਬੰਧਾਂ ਦੀ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਨਾਲ ਏ.ਡੀ.ਸੀਜ਼ ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ, ਐਸ.ਪੀ. ਵੈਭਵ ਚੌਧਰੀ, ਐਸ.ਡੀ.ਐਮ ਕਿਰਪਾਲਵੀਰ ਸਿੰਘ ਤੇ ਹਰਜੋਤ ਕੌਰ ਸਮੇਤ ਕਈ ਅਧਿਕਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੀਰਤਨ ਸਮਾਗਮ ਵਿੱਚ ਭਾਈ ਦਵਿੰਦਰ ਸਿੰਘ ਜੀ (ਸੋਹਾਣਾ ਸਾਹਿਬ) ਸਮੇਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਰਾਗੀ ਜਥੇ ਤੇ ਪੰਥਕ ਵਿਦਵਾਨ ਹਾਜ਼ਰੀ ਭਰਨਗੇ। ਉਹ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀ ਮਹਾਨ ਸ਼ਹੀਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੇ ਇਤਿਹਾਸ ਤੇ ਗੁਰਬਾਣੀ ਵਿਖਿਆਨ ਨਾਲ ਸੰਗਤ ਨੂੰ ਜੋੜਨਗੇ।
ਉਨ੍ਹਾਂ ਸੰਗਤ ਨੂੰ ਬੇਨਤੀ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰ ਕੇ ਇਸ ਰੂਹਾਨੀ ਸਮਾਗਮ ਦਾ ਹਿੱਸਾ ਬਣਨ। ਡਾ. ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸਦੀਵੀ ਬਲਿਦਾਨ ਨੂੰ ਸ਼ਰਧਾਂਜਲੀ ਦੇਣ ਲਈ ਇਹ ਸਮਾਗਮ ਬੜੀ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ।









