ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿੱਚ ਭਲਕੇ 24 ਦਸੰਬਰ ਤੋਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਹੋਣਗੀਆਂ। ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਦੀ ਤਰ੍ਹਾਂ ਆਪਣੇ ਨਿਰਧਾਰਤ ਸਮੇਂ ‘ਤੇ ਖੁੱਲ੍ਹਣਗੇ। ਸਰਕਾਰ ਨੇ ਇਹ ਫ਼ੈਸਲਾ ਬੱਚਿਆਂ ਨੂੰ ਠੰਡ ਦੇ ਵਧਦੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਰਦੀਆਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤਾ ਹੈ।
ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਬਾਰਿਸ਼ ਪੈਣ ਨਾਲ ਠੰਡ ਵਧ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਈ ਮੈਦਾਨੀ ਸੂਬਿਆਂ ‘ਚ ਸੰਘਣੀ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਬੰਗਾਲ ਦੀ ਖਾੜੀ ਉੱਤੇ ਬਣੇ ਡੂੰਘੇ ਦਬਾਅ ਕਾਰਨ ਉੜੀਸਾ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਤਾਮਿਲਨਾਡੂ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧੇਗੀ। ਇੱਕ ਪਾਸੇ ਠੰਡ ਨੇ ਜ਼ੋਰ ਫੜ ਲਿਆ ਹੈ, ਦੂਜੇ ਪਾਸੇ ਭਲਕੇ ਤੋਂ ਸਕੂਲਾਂ ਦੀਆਂ ਛੁੱਟੀਆਂ ਸ਼ੁਰੂ ਹੋਣ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ