ਪਟਿਆਲਾ, 27 ਮਾਰਚ:
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਵਿਖੇ ਅੱਜ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੀਆਂ ਚੱਲ ਰਹੀਆਂ ਸਕੀਮਾਂ ਲੋਕਾਂ ਤੱਕ ਪਹੁੰਚਾਉਣ ਲਈ ਅਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਵੱਖ ਵੱਖ ਵਿਭਾਗ ਜਿਨ੍ਹਾਂ ਵਿੱਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜ਼ਿਲ੍ਹਾ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ, ਜ਼ਿਲ੍ਹਾ ਖੇਡ ਅਫ਼ਸਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਜ਼ਿਲ੍ਹਾ ਮੈਨੇਜਰ ਬੀ.ਸੀ ਕਾਰਪੋਰੇਸ਼ਨ, ਜ਼ਿਲ੍ਹਾ ਮੈਨੇਜਰ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੂਮੀ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਪਾਸੋਂ ਵਿਭਾਗਾਂ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ।
ਉਨ੍ਹਾਂ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਸ ਮੌਕੇ ਚੇਅਰਮੈਨ ਜੱਸੀ ਸੋਹੀਆ ਵੱਲੋਂ ਖੇਡ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਦੇ ਅਧਿਕਾਰੀਆਂ ਨਾਲ ਪਿੰਡਾਂ ਵਿੱਚ ਯੂਥ ਕਲੱਬਾਂ ਨੂੰ ਮੁੜ ਤੋਂ ਸੁਰਜੀਤ ਕਰਕੇ ਨੌਜਵਾਨ ਵਰਗ ਅੰਦਰ ਖੇਡਾਂ ਅਤੇ ਸਮਾਜ ਸੇਵੀ ਕੰਮਾਂ ਪ੍ਰਤੀ ਉਨ੍ਹਾਂ ਦੀ ਰੁਚੀ ਵਧਾਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ। ਉਹਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹੇ ਅੰਦਰ ਜਿੱਥੇ ਵੱਡੀ ਪੱਧਰ ਤੇ ਪਿੰਡਾਂ ਵਿੱਚ ਨੌਜਵਾਨਾਂ ਦੇ ਖੇਡਾਂ ਲਈ ਵਧੀਆ ਖੇਡ ਗਰਾਊਂਡ ਬਣਾਏ ਜਾ ਰਹੇ ਹਨ ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਦੀ ਕੋਚਿੰਗ ਲਈ ਜ਼ਿਲ੍ਹੇ ਭਰ ਅੰਦਰ ਬਹੁਤ ਸਾਰੇ ਪਿੰਡਾਂ ਵਿੱਚ ਖੇਡ ਨਰਸਰੀਆਂ ਵੀ ਬਣਾਈਆਂ ਜਾ ਰਹੀਆਂ ਤਾਂ ਜੋ ਸਾਡੀ ਨੌਜਵਾਨੀ ਦਾ ਧਿਆਨ ਮੁੜ ਤੋਂ ਖੇਡਾਂ ਵੱਲ ਉਤਸ਼ਾਹਿਤ ਹੋ ਸਕੇ ਅਤੇ ਪੰਜਾਬ ਨੂੰ ਮੁੜ ਤੋਂ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇ।
ਮੀਟਿੰਗ ਦੌਰਾਨ ਤਹਿਸੀਲ ਭਲਾਈ ਅਫ਼ਸਰ ਸੁਖਪ੍ਰੀਤ ਕੌਰ, ਮੈਨੇਜਰ ਅਨੁਸੂਚਿਤ ਜਾਤੀਆਂ ਕਾਰਪੋਰੇਸ਼ਨ ਮੰਜੂ ਬਾਲਾ ਅਤੇ ਮੈਨੇਜਰ ਪਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਮਨਪ੍ਰੀਤ ਸਿੰਘ, ਵੀਰਪਾਲ ਕੌਰ ਜ਼ਿਲ੍ਹਾ ਯੂਥ ਅਫ਼ਸਰ ਨਹਿਰੂ ਯੁਵਾ ਕੇਂਦਰ, ਨਵਜੋਤਪਾਲ ਸਿੰਘ ਵਿਰਕ ਫੁੱਟਬਾਲ ਕੋਚ ਜ਼ਿਲ੍ਹਾ ਖੇਡ ਦਫ਼ਤਰ ਪਟਿਆਲਾ ਅਤੇ ਬਿਕਰਮਜੀਤ ਸਿੰਘ ਇੰਨਵੈਸਟੀਗੇਟਰ, ਕੁਲਇੰਦਰਜੀਤ ਸਿੰਘ ਆਦਿ ਹਾਜ਼ਰ ਰਹੇ।
ਫ਼ੋਟੋ ਕੈਪਸ਼ਨ: ਚੇਅਰਮੈਨ ਜੱਸੀ ਸੋਹੀਆਂ ਵਾਲਾ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।