ਭਲਕੇ ਹੋਣ ਵਾਲੇ ‘ਪੰਜਾਬ ਬੰਦ’ ਨੂੰ ਲੈ ਕੇ ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਵੱਲੋਂ ਵੱਡੀ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੰਜਾਬ ਬੰਦ ਦੀਆਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ ਪਰ ਕੇਂਦਰ ਸਰਕਾਰ ਇਸ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨ ਆਗੂ ਕੋਹਾੜ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਜੱਜਾਂ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਚੁੱਕੇ ਹਨ ਪਰ ਉਨ੍ਹਾਂ ਦੀ ਚਿੱਠੀ ਦਾ ਕਿਸੇ ਨੇ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨ ਅਹਿੰਸਾ ਦੇ ਰਾਹ ‘ਤੇ ਚੱਲ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਬੈਠੇ ਕਿਸਾਨਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਕਿਸਾਨ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਇੱਥੋਂ ਕਿਸੇ ਵੇਲੇ ਵੀ ਚੁੱਕਿਆ ਜਾ ਸਕਦਾ ਹੈ, ਇਸ ਲਈ ਸਮੂਹ ਪੰਜਾਬ ਵਾਸੀ ਆਪਣੇ ਕੰਮਕਾਰ ਛੱਡ ਕੇ ਪਰਿਵਾਰਾਂ ਸਮੇਤ ਖਨੌਰੀ ਸਰਹੱਦ ‘ਤੇ ਪਹੁੰਚ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸੱਦੇ ਦੌਰਾਨ ਕਈ ਜਥੇਬੰਦੀਆਂ ਨੇ ਉਨ੍ਹਾਂ ਦਾ ਸਮਰਥਨ ਕੀਤਾ ਹੈ, ਇਸ ਲਈ ਭਲਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ 4 ਜਨਵਰੀ ਨੂੰ ਖਨੌਰੀ ਬਾਰਡਰ ‘ਤੇ ਮਹਾਪੰਚਾਇਤ ਵੀ ਬੁਲਾਈ ਗਈ ਹੈ, ਜਿਸ ‘ਚ ਕਈ ਸੂਬਿਆਂ ਦੇ ਕਿਸਾਨ ਹਿੱਸਾ ਲੈਣਗੇ।