ਭਵਾਨੀਗੜ੍ਹ, 28 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਅਧੀਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਬਲਾਕ ਭਵਾਨੀਗੜ੍ਹ ਦੇ ਪਿੰਡ ਸੰਘਰੇੜੀ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਇੱਕ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 100 ਤੋਂ ਵੱਧ ਕਿਸਾਨਾਂ ਨੇ ਉਤਸ਼ਾਹਪੂਰਵਕ ਭਾਗ ਲਿਆ। ਕੈਂਪ ਦੌਰਾਨ ਕੇ.ਵੀ.ਕੇ. ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਜਰਖੇਜ਼ੀ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਘਾਤਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇੱਕ ਟਨ ਝੋਨੇ ਦੀ ਪਰਾਲੀ ਸਾੜਨ ਨਾਲ 5.5 ਕਿਲੋਗ੍ਰਾਮ ਨਾਈਟ੍ਰੋਜਨ, 2.3 ਕਿਲੋਗ੍ਰਾਮ ਫਾਸਫੋਰਸ, 25 ਕਿਲੋਗ੍ਰਾਮ ਪੋਟਾਸ਼ ਅਤੇ 1.2 ਕਿਲੋਗ੍ਰਾਮ ਸਲਫ਼ਰ ਵਰਗੇ ਅਹਿਮ ਖੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ। ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਾਤਰਾ ਵਧਦੀ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਰਸਾਇਣਿਕ ਖਾਦਾਂ ਦਾ ਖਰਚਾ ਘਟਦਾ ਹੈ। ਇਸ ਤੋਂ ਇਲਾਵਾ ਡਾ. ਮਨਦੀਪ ਸਿੰਘ ਨੇ ਕਣਕ ਦੀ ਵੱਧ ਝਾੜ ਦੇਣ ਵਾਲੀ ਨਵੀਂ ਕਿਸਮ ਪੀ.ਬੀ. ਡਬਲਯੂ 887 ਜਿਸਦਾ ਪੱਕਣ ਦਾ ਸਮਾਂ 155 ਦਿਨ, ਔਸਤ ਝਾੜ 24.60 ਕੁਇੰਟਲ/ਏਕੜ ਹੈ ਸਮੇਤ ਪੀ.ਬੀ. ਡਬਲਯੂ 872 ਅਤੇ ਪੀ.ਬੀ. ਡਬਲਯੂ 826 ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਵਿਸ਼ੇਸ਼ ਗੁਣਵੱਤਾ ਵਾਲੀਆਂ ਕਿਸਮਾਂ ਜਿਵੇਂ ਪੀ.ਬੀ. ਡਬਲਯੂ ਜ਼ਿੰਕ 2, ਪੀ.ਬੀ. ਡਬਲਯੂ 1 ਚਪਾਤੀ, ਪੀ.ਬੀ. ਡਬਲਯੂ ਆਰ.ਐਸ. 1 ਅਤੇ ਪੀ.ਬੀ. ਡਬਲਯੂ 1 ਬਿਸਕੁਟ ਬਾਰੇ ਦੱਸਦਿਆਂ ਕਿਸਾਨਾਂ ਨੂੰ ਹਾੜ੍ਹੀ ਰੁੱਤ ਦੀਆਂ ਦਾਲਾਂ, ਤੇਲਬੀਜ ਫ਼ਸਲਾਂ ਬੀਜਣ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਡਾ. ਸੁਨੀਲ ਕੁਮਾਰ (ਸਹਾਇਕ ਪ੍ਰੋਫੈਸਰ, ਫਾਰਮ ਮਸ਼ੀਨਰੀ) ਨੇ ਪਰਾਲੀ ਦੀ ਖੇਤ ਅੰਦਰ ਸੰਭਾਲ ਲਈ ਪੀ.ਏ.ਯੂ. ਵੱਲੋਂ ਵਿਕਸਤ ਕੀਤੀ ਆਧੁਨਿਕ ਮਸ਼ੀਨਰੀ ਜਿਵੇਂ ਸਮਾਰਟ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਮਲਚਰ, ਪਲਟਾਊ ਹਲ ਅਤੇ ਬੇਲਰ ਰਾਹੀਂ ਗੱਠਾਂ ਬਣਾਉਣ ਦੀਆਂ ਤਕਨੀਕਾਂ ਸਾਂਝੀਆਂ ਕੀਤੀਆਂ। ਡਾ. ਰੁਕਿੰਦਰਪ੍ਰੀਤ ਸਿੰਘ (ਸਹਾਇਕ ਪ੍ਰੋਫੈਸਰ, ਫ਼ਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਬਿਜਾਈ ਤੋਂ ਬਾਅਦ ਗੁੱਲੀਡੰਡੇ ਦੀ ਰੋਕਥਾਮ ਲਈ ਉੱਗਣ ਤੋਂ ਪਹਿਲਾਂ ਵਰਤੀਆਂ ਜਾਣ ਵਾਲੀਆਂ ਨਦੀਨਨਾਸ਼ਕ ਦਵਾਈਆਂ ਅਤੇ ਤਣੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਸਬੰਧੀ ਮਹੱਤਵਪੂਰਨ ਸੁਝਾਅ ਦਿੱਤੇ। ਕੈਂਪ ਦੇ ਅਖੀਰ ਵਿੱਚ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਉਨ੍ਹਾਂ ਨੂੰ ਸਰਦੀਆਂ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਤੇ ਖੇਤੀ ਸਾਹਿਤ ਵੀ ਵੰਡਿਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਨਿਰਭੈ ਸਿੰਘ, ਮੈਂਬਰ ਪੰਚਾਇਤ ਅਮਨਦੀਪ ਸਿੰਘ, ਨੰਬਰਦਾਰ ਕਰਨੈਲ ਸਿੰਘ, ਅਗਾਂਹਵਧੂ ਕਿਸਾਨ ਕਾਕਾ ਸਿੰਘ, ਮਾਸਟਰ ਅਮਰੀਕ ਸਿੰਘ ਅਤੇ ਸ. ਵਰਿੰਦਰਦੀਪ ਸਿੰਘ (ਡਾਟਾ ਕੁਲੈਕਟਰ) ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।







