Home ਪੰਜਾਬ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਿਖੇ ਪੀ.ਐਮ.-ਕਿਸਾਨ ਦੀ 24ਵੀਂ ਕਿਸ਼ਤ ਜਾਰੀ ਕਰਨ ਸਬੰਧੀ...

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਿਖੇ ਪੀ.ਐਮ.-ਕਿਸਾਨ ਦੀ 24ਵੀਂ ਕਿਸ਼ਤ ਜਾਰੀ ਕਰਨ ਸਬੰਧੀ ਸਮਾਗਮ ਦਾ ਲਾਈਵ ਪ੍ਰਸਾਰਣ ਦਿਖਾਇਆ

24th Installment of PM-Kisan Scheme: Live Broadcast Screened at Krishi Vigyan Kendra, Sangrur

0
ਸੰਗਰੂਰ, 01 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਸਰਪ੍ਰਸਤੀ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐਮ.-ਕਿਸਾਨ) ਸਕੀਮ ਦੀ 24ਵੀਂ ਕਿਸ਼ਤ ਜਾਰੀ ਕਰਨ ਸਬੰਧੀ ਸਮਾਗਮ ਦਾ ਲਾਈਵ ਪ੍ਰਸਾਰਣ ਦਿਖਾਉਣ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ 130 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਭਾਗੀਦਾਰਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਸੰਬੋਧਨ ਸੁਣਿਆ ਅਤੇ ਖੇਤੀਬਾੜੀ ਨਾਲ ਸਬੰਧਤ ਸਰਕਾਰੀ ਪਹਿਲਕਦਮੀਆਂ ਬਾਰੇ ਜਾਣਕਾਰੀ ਹਾਸਲ ਕੀਤੀ।ਭਾਗੀਦਾਰਾਂ ਦਾ ਸਵਾਗਤ ਕਰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਪੀ.ਐਮ.-ਕਿਸਾਨ ਸਕੀਮ ਤਹਿਤ ਯੋਗ ਕਿਸਾਨ ਪਰਿਵਾਰਾਂ ਨੂੰ ਸਿੱਧੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਨਾਲ ਉਨ੍ਹਾਂ ਨੂੰ ਖੇਤੀਬਾੜੀ ਅਤੇ ਘਰੇਲੂ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਯੋਗਤਾ ਅਨੁਸਾਰ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।
ਡਾ. ਮਨਦੀਪ ਸਿੰਘ ਨੇ ਕਿਹਾ ਕਿ ਖੇਤੀ ਨੂੰ ਵਧੇਰੇ ਲਾਭਕਾਰੀ ਬਣਾਉਣ ਲਈ ਉਤਪਾਦਨ ਵਧਾਉਣ ਦੇ ਨਾਲ-ਨਾਲ ਖੇਤੀ ਲਾਗਤਾਂ ਘਟਾਉਣਾ ਅਤੇ ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਆਧੁਨਿਕ ਅਤੇ ਟਿਕਾਊ ਖੇਤੀ ਤਕਨੀਕਾਂ ਅਪਣਾਉਣ ਅਤੇ ਤਕਨੀਕੀ ਮਾਰਗਦਰਸ਼ਨ ਲਈ ਖੇਤੀ ਮਾਹਿਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦਾ ਸੱਦਾ ਦਿੱਤਾ। ਲਾਈਵ ਪ੍ਰਸਾਰਣ ਦੌਰਾਨ ਪੀ.ਐਮ.-ਕਿਸਾਨ ਸਕੀਮ ਦੀ 24ਵੀਂ ਕਿਸ਼ਤ ਤਹਿਤ ਦੇਸ਼ ਭਰ ਦੇ 9.34 ਕਰੋੜ ਤੋਂ ਵੱਧ ਯੋਗ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ 18,690 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਵਾਢੀ ਉਪਰੰਤ ਪ੍ਰਬੰਧਨ, ਭੰਡਾਰਨ ਅਤੇ ਪ੍ਰੋਸੈਸਿੰਗ ਨਾਲ ਸਬੰਧਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਤਹਿਤ 521 ਪ੍ਰਾਜੈਕਟਾਂ ਅਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ 12 ਬਾਗਬਾਨੀ ਕਲੱਸਟਰਾਂ ਦਾ ਵੀ ਉਦਘਾਟਨ ਕੀਤਾ।
ਇਸ ਉਪਰੰਤ ਕਰਵਾਏ ਗਏ ਤਕਨੀਕੀ ਸੈਸ਼ਨ ਦੌਰਾਨ ਡਾ. ਮਨਦੀਪ ਸਿੰਘ ਨੇ ਕਿਸਾਨਾਂ ਨੂੰ ‘ਖੇਤ ਬਚਾਓ ਅਭਿਆਨ’ ਬਾਰੇ ਜਾਣਕਾਰੀ ਦਿੱਤੀ ਅਤੇ ਰਸਾਇਣਕ ਖਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਲੋੜ ਅਨੁਸਾਰ ਅਤੇ ਸਿਫ਼ਾਰਸ਼ ਕੀਤੀ ਮਾਤਰਾ ਵਿੱਚ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਿੱਟੀ ਦੀ ਸਿਹਤ ਦੀ ਸੰਭਾਲ, ਪਾਣੀ ਅਤੇ ਹੋਰ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਖੇਤੀ ਪ੍ਰਬੰਧਨ ਦਾ ਅਹਿਮ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਲੋੜ ਆਧਾਰਿਤ ਖੇਤੀ ਤਰੀਕੇ ਅਪਣਾ ਕੇ ਬੇਲੋੜੇ ਖ਼ਰਚੇ ਘਟਾਉਣ ਅਤੇ ਖੇਤਾਂ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ’ਤੇ ਜ਼ੋਰ ਦਿੱਤਾ। ਕੇਂਦਰ ਦੇ ਵਿਗਿਆਨੀਆਂ ਡਾ. ਰਵਿੰਦਰ ਕੌਰ, ਡਾ. ਸੁਨੀਲ ਕੁਮਾਰ, ਡਾ. ਵਿਤਸਤਾ ਅਤੇ ਡਾ. ਰੁਕਿੰਦਰਪ੍ਰੀਤ ਸਿੰਘ ਧਾਲੀਵਾਲ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਫ਼ਸਲ ਉਤਪਾਦਨ, ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ, ਪੌਸ਼ਟਿਕ ਤੱਤਾਂ ਦੇ ਏਕੀਕ੍ਰਿਤ ਪ੍ਰਬੰਧਨ ਅਤੇ ਏਕੀਕ੍ਰਿਤ ਕੀਟ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਮਾਹਿਰਾਂ ਨੇ ਤੇਲਬੀਜ ਅਤੇ ਦਾਲਾਂ ਦੀ ਕਾਸ਼ਤ, ਮਿੱਟੀ ਦੀ ਸਿਹਤ ਅਤੇ ਜੈਵਿਕ ਖੇਤੀ ਨਾਲ ਸਬੰਧਤ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਪ੍ਰੋਗਰਾਮ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਪੇਂਡੂ ਖੇਤੀਬਾੜੀ ਕਾਰਜ ਤਜਰਬਾ (ਰਾਵੇ) ਪ੍ਰੋਗਰਾਮ ਤਹਿਤ ਆਏ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਰਾਹੀਂ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਵਿਗਿਆਨੀਆਂ ਨਾਲ ਸਿੱਧੇ ਸੰਵਾਦ ਦਾ ਮੌਕਾ ਪ੍ਰਦਾਨ ਕੀਤਾ ਗਿਆ। ਇਸ ਦੌਰਾਨ ਖੇਤੀ ਸਬੰਧੀ ਸਮੱਸਿਆਵਾਂ ਦੇ ਹੱਲ ਅਤੇ ਟਿਕਾਊ ਤੇ ਲਾਭਕਾਰੀ ਖੇਤੀ ਲਈ ਤਕਨੀਕੀ ਮਾਰਗਦਰਸ਼ਨ ਵੀ ਦਿੱਤਾ ਗਿਆ।

Exit mobile version