ਸ਼ਾਹਬਾਦ, 15 ਅਕਤੂਬਰ, 2026 (ਸੰਜੀਵ ਸ਼ਰਮਾ): ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਜੀ.ਟੀ. ਰੋਡ ’ਤੇ ਸ਼ਾਹਬਾਦ ਵਿੱਚ 36 ਬਿਰਾਦਰੀਆਂ ਲਈ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਸ਼ਾਨਦਾਰ ਜਾਟ ਭਵਨ ਤਿਆਰ ਕੀਤਾ ਜਾਵੇਗਾ। ਇਹ ਭਵਨ ਸਿਰਫ਼ ਕਿਸੇ ਇੱਕ ਜਾਤੀ ਵਿਸ਼ੇਸ਼ ਲਈ ਨਹੀਂ, ਸਗੋਂ 36 ਬਿਰਾਦਰੀਆਂ ਲਈ ਹੋਵੇਗਾ। ਸਰਕਾਰ ਦੀ ਨੀਤੀ ‘ਸਭਕਾ ਸਾਥ, ਸਭਕਾ ਵਿਕਾਸ ਅਤੇ ਸਭਕਾ ਵਿਸ਼ਵਾਸ’ ਦੀ ਹੈ। ਇਸੇ ਭਾਵਨਾ ਨਾਲ ਇਸ ਭਵਨ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਬੁੱਧਵਾਰ ਨੂੰ ਸ਼ਾਹਬਾਦ ਮਾਰਕੰਡਾ ਵਿੱਚ ਪ੍ਰਸਤਾਵਿਤ ਜਾਟ ਭਵਨ ਦਾ ਵਿਧੀਵਤ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਭਵਨ ਦੇ ਨਿਰਮਾਣ ਲਈ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਜਾਟ ਭਵਨ ਨਿਰਮਾਣ ਕਮੇਟੀ ਦੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਭਵਨ ਦੇ ਜਲਦੀ ਤੋਂ ਜਲਦੀ ਬਣ ਕੇ ਤਿਆਰ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਜੀ.ਟੀ. ਰੋਡ ’ਤੇ ਸ਼ਾਹਬਾਦ ਵਿੱਚ ਬਣਨ ਵਾਲਾ ਇਹ ਜਾਟ ਭਵਨ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਇਹ ਭਵਨ ਸਾਰੇ ਨਾਗਰਿਕਾਂ ਦੇ ਸਹਿਯੋਗ ਨਾਲ ਤਿਆਰ ਕੀਤਾ ਜਾਵੇਗਾ। ਸਮਾਜ ਦੀ ਭਲਾਈ ਅਤੇ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਇਸ ਭਵਨ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਪੜ੍ਹਾਈ ਕਰਨ, ਸਮਾਜਿਕ ਮੀਟਿੰਗਾਂ ਕਰਨ ਅਤੇ ਗਰੀਬ ਪਰਿਵਾਰਾਂ ਨੂੰ ਵਿਆਹ-ਸ਼ਾਦੀਆਂ ਤੇ ਹੋਰ ਸਮਾਗਮਾਂ ਲਈ ਇੱਕ ਵਧੀਆ ਥਾਂ ਦੀ ਲੋੜ ਹੁੰਦੀ ਹੈ। ਇਹ ਭਵਨ ਇਨ੍ਹਾਂ ਸਾਰੀਆਂ ਲੋੜਾਂ ਨੂੰ ਪੂਰਾ ਕਰੇਗਾ।
ਉਨ੍ਹਾਂ ਕਿਹਾ ਕਿ ਜਾਟ ਸਮਾਜ ਹਮੇਸ਼ਾ ਦੇਸ਼ ਅਤੇ ਸੂਬੇ ਦੀ ਸੇਵਾ ਵਿੱਚ ਮੋਹਰੀ ਰਿਹਾ ਹੈ। ਚਾਹੇ ਖੇਤੀਬਾੜੀ ਦਾ ਖੇਤਰ ਹੋਵੇ, ਫ਼ੌਜ ਹੋਵੇ ਜਾਂ ਖੇਡਾਂ ਦਾ ਮੈਦਾਨ, ਇਸ ਸਮਾਜ ਨੇ ਹਰ ਖੇਤਰ ਵਿੱਚ ਆਪਣੀ ਯੋਗਤਾ ਸਾਬਤ ਕੀਤੀ ਹੈ। ਸਮਾਜ ਦੇ ਲੋਕਾਂ ਨੂੰ ਇਕਜੁੱਟ ਕਰਨ ਅਤੇ ਉਨ੍ਹਾਂ ਦੀਆਂ ਸਮਾਜਿਕ ਲੋੜਾਂ ਪੂਰੀਆਂ ਕਰਨ ਲਈ ਇੱਕ ਸਾਂਝੇ ਭਵਨ ਦੀ ਲੰਬੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਨੇ ਭਵਨ ਨਿਰਮਾਣ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਇਸ ਭਵਨ ਦੇ ਨਿਰਮਾਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਸਮਾਜ ਦੇ ਦਾਨੀ ਸੱਜਣਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਨੇਕ ਕਾਰਜ ਵਿੱਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਉਣ।
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ
ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਦਾ ਕੰਮ ਨਿਯਮਿਤ ਤੌਰ ’ਤੇ ਅਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਖ਼ਰੀਦ ਤੋਂ 48 ਤੋਂ 72 ਘੰਟਿਆਂ ਦੇ ਅੰਦਰ ਫ਼ਸਲ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਰਹੀ ਹੈ। ਇਹ ਪਾਰਦਰਸ਼ੀ ਪ੍ਰਬੰਧ ਕਿਸਾਨਾਂ ਲਈ ਵੱਡੀ ਰਾਹਤ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕਿਸਾਨਾਂ, ਵਪਾਰੀਆਂ ਅਤੇ ਆੜ੍ਹਤੀਆਂ ਨੂੰ ਕੋਈ ਸਮੱਸਿਆ ਆਈ ਹੈ, ਉੱਥੇ ਸਰਕਾਰ ਨੇ ਤੁਰੰਤ ਉਸ ਦਾ ਹੱਲ ਕੀਤਾ ਹੈ। ਮੰਡੀਆਂ ਵਿੱਚ ਬਾਰਦਾਨੇ, ਨਮੀ ਮਾਪਣ ਵਾਲੇ ਯੰਤਰਾਂ, ਬਿਜਲੀ, ਪਾਣੀ ਅਤੇ ਸ਼ੈੱਡਾਂ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀ ਰੋਜ਼ਾਨਾ ਮੰਡੀਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਅਤੇ ਝੋਨੇ ਦੇ ਆਖ਼ਰੀ ਦਾਣੇ ਤੱਕ ਦੀ ਖ਼ਰੀਦ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਸੁਭਾਸ਼ ਕਲਸਾਨਾ, ਚੇਅਰਮੈਨ ਰਵਿੰਦਰ ਸਾਂਗਵਾਨ, ਜ਼ਿਲ੍ਹਾ ਪ੍ਰਧਾਨ ਰਮੇਸ਼ ਸੈਣੀ, ਪ੍ਰਧਾਨ ਜਤਿੰਦਰ ਖੈਰਾ, ਮਲਕੀਤ ਢਾਂਡਾ, ਵਿਕਰਮ ਅਟਵਾਨ, ਯਸ਼ਪਾਲ ਚਹਿਲ, ਮਾਨ ਸਿੰਘ ਦੇਸ਼ਵਾਲ, ਰਾਜੇਸ਼, ਸਚਿਨ, ਸੁਲਤਾਨ, ਰਾਹੁਲ ਰਤਨਗੜ੍ਹ, ਜਗਦੀਪ ਸਾਂਗਵਾਨ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।