ਚੰਡੀਗੜ੍ਹ, 6 ਨਵੰਬਰ, 2026 (ਸੰਜੀਵ ਸ਼ਰਮਾ)– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ, ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਅਤੇ ਉਨ੍ਹਾਂ ਨੂੰ ਕੁਦਰਤੀ ਆਫ਼ਤਾਂ ਤੇ ਵੱਖ-ਵੱਖ ਜੋਖਮਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਡਬਲ ਇੰਜਣ ਸਰਕਾਰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਹਰ ਕਦਮ ‘ਤੇ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਇਸੇ ਦਿਸ਼ਾ ਵਿੱਚ ਮਧੂ-ਮੱਖੀ ਪਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮਧੂ-ਮੱਖੀ ਪਾਲਣ ਨੂੰ ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਹੁਣ ਮਧੂ-ਮੱਖੀ ਪਾਲਕਾਂ ਨੂੰ ਪ੍ਰਤੀ ਕਲੋਨੀ ਅਤੇ ਪ੍ਰਤੀ ਬਾਕਸ ਸਿਰਫ਼ 50 ਰੁਪਏ ਪ੍ਰੀਮੀਅਮ ਦੇਣਾ ਪਵੇਗਾ, ਜਿਸ ਦੇ ਬਦਲੇ ਉਨ੍ਹਾਂ ਨੂੰ ਪ੍ਰਤੀ ਕਲੋਨੀ ਅਤੇ ਬਾਕਸ 1,250 ਰੁਪਏ ਦਾ ਬੀਮਾ ਕਵਰ ਮਿਲੇਗਾ। ਇਸ ਯੋਜਨਾ ਤਹਿਤ ਮਧੂ-ਮੱਖੀ ਪਾਲਕ ਵੱਧ ਤੋਂ ਵੱਧ 6 ਲੱਖ 25 ਹਜ਼ਾਰ ਰੁਪਏ ਤੱਕ ਦਾ ਬੀਮਾ ਕਲੇਮ ਪ੍ਰਾਪਤ ਕਰ ਸਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਧੂ-ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਅਤੇ ਸ਼ਹਿਦ ਉਤਪਾਦਕਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਦਿਵਾਉਣ ਲਈ ਵੀ ਵਚਨਬੱਧ ਹੈ। ਇਸੇ ਉਦੇਸ਼ ਨਾਲ 16 ਅਗਸਤ, 2025 ਨੂੰ ਕੁਰੂਕਸ਼ੇਤਰ ਵਿਖੇ ਸ਼ਹਿਦ ਨੂੰ ਭਾਵਾਂਤਰ ਭਰਪਾਈ ਯੋਜਨਾ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ 27 ਸਤੰਬਰ, 2025 ਨੂੰ ਲਾਗੂ ਕਰ ਦਿੱਤਾ ਗਿਆ। ਇਸ ਯੋਜਨਾ ਤਹਿਤ ਸ਼ਹਿਦ ਦਾ ਸੁਰੱਖਿਅਤ ਮੁੱਲ 120 ਰੁਪਏ ਪ੍ਰਤੀ ਕਿਲੋਗ੍ਰਾਮ ਨਿਰਧਾਰਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਆਪਣੇ ਬਜਟ ਭਾਸ਼ਣ 2026-27 ਵਿੱਚ 7 ਮਾਰਚ, 2026 ਨੂੰ ਮਧੂ-ਮੱਖੀ ਪਾਲਣ ਨੂੰ ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਸੀ। ਹੁਣ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮਧੂ-ਮੱਖੀ ਪਾਲਣ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਇਸ ਨਾਲ ਮਧੂ-ਮੱਖੀ ਪਾਲਕਾਂ ਨੂੰ ਕੁਦਰਤੀ ਆਫ਼ਤਾਂ ਅਤੇ ਹੋਰ ਜੋਖਮਾਂ ਕਾਰਨ ਹੋਣ ਵਾਲੇ ਸੰਭਾਵਿਤ ਨੁਕਸਾਨ ਦੇ ਵਿਰੁੱਧ ਆਰਥਿਕ ਸੁਰੱਖਿਆ ਮਿਲੇਗੀ ਅਤੇ ਸੂਬੇ ਵਿੱਚ ਮਧੂ-ਮੱਖੀ ਪਾਲਣ ਨੂੰ ਇੱਕ ਲਾਹੇਵੰਦ ਕਾਰੋਬਾਰ ਵਜੋਂ ਉਤਸ਼ਾਹਿਤ ਕੀਤਾ ਜਾਵੇਗਾ।
43 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 9,880 ਕਰੋੜ ਰੁਪਏ ਦਾ ਭੁਗਤਾਨ
ਮੁੱਖ ਮੰਤਰੀ ਨੇ ਸੂਬੇ ਵਿੱਚ ਝੋਨੇ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਵਿੱਚ ਖਰੀਫ਼ ਖਰੀਦ ਸੀਜ਼ਨ ਦੌਰਾਨ ਬੀਤੀ 29 ਸਤੰਬਰ ਤੋਂ 278 ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ, ਜੋ 15 ਨਵੰਬਰ ਤੱਕ ਜਾਰੀ ਰਹੇਗੀ। ਕਿਸਾਨਾਂ ਤੋਂ ਕਾਮਨ ਝੋਨੇ ਦੀ ਖਰੀਦ 2,441 ਰੁਪਏ ਪ੍ਰਤੀ ਕੁਇੰਟਲ ਅਤੇ ਗ੍ਰੇਡ-ਏ ਝੋਨੇ ਦੀ ਖਰੀਦ 2,461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ 5 ਨਵੰਬਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 43 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ, 37 ਲੱਖ 20 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਅਤੇ ਸਮਾਂਬੱਧ ਤਰੀਕੇ ਨਾਲ ਭੁਗਤਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸੇ ਦਾ ਨਤੀਜਾ ਹੈ ਕਿ ਹੁਣ ਤੱਕ 2 ਲੱਖ 88 ਹਜ਼ਾਰ 102 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 9,880 ਕਰੋੜ ਰੁਪਏ ਦੀ ਰਕਮ ਟਰਾਂਸਫਰ ਕੀਤੀ ਜਾ ਚੁੱਕੀ ਹੈ।






