ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਪੰਜਾਬ ਸਰਕਾਰ- ਰਣਜੋਧ ਹਡਾਣਾ
ਸਨੌਰ, 28 ਨਵੰਬਰ, 2026 (ਪਟਵਾਰੀ ਸਿੱਧੂ ) : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਦੀ ਮੁਹਿੰਮ ਤਹਿਤ ਸਨੌਰ ਸ਼ਹਿਰ ਵਾਸੀਆਂ ਨੂੰ ਇੱਕ ਬਹੁਤ ਵੱਡੀ ਸੌਗਾਤ ਦਿੱਤੀ ਗਈ ਹੈ। ਇਸੇ ਤਹਿਤ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਸਨੌਰ ਸ਼ਹਿਰ ਵਿਖੇ ਪਾਣੀ ਦੀਆਂ ਪਾਈਪ ਲਾਈਨਾਂ ਵਿਛਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਕੀਤਾ ਗਿਆ।ਇਸ ਮੌਕੇ ਇਲਾਕਾ ਨਿਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਸਨੌਰ ਸ਼ਹਿਰ ਵਾਸੀਆਂ ਦੀ ਪੀਣ ਵਾਲੇ ਸਾਫ਼ ਪਾਣੀ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ 19.19 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਸ਼ਹਿਰ ਦੇ ਹਰ ਘਰ ਤੱਕ ਸਾਫ਼ ਅਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਸ਼ਹਿਰ ਵਾਸੀਆਂ ਨੇ ਇਸ ਇਤਿਹਾਸਕ ਵਿਕਾਸ ਪ੍ਰੋਜੈਕਟ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਈ ਓ ਦੀਪਕ ਗੋਇਲ, ਸੀਨੀਅਰ ਮੀਤ ਪ੍ਰਧਾਨ ਯੁਵਰਾਜ ਸਿੰਘ, ਸੀਨੀ ਆਪ ਆਗੂ ਚੰਦਰਪਾਲ, ਐਸ ਡੀ ਓ ਲਲਿਤ ਮਿੱਤਲ, ਵਿਕਾਸ ਕੁਮਾਰ ਜੂਨੀਅਰ ਇੰਜੀ,ਅਮਰਿੰਦਰ ਸਿੰਘ ਜੂਨੀਅਰ ਇੰਜੀ, ਕੌਂਸਲਰ ਬਲਜੀਤ ਸਿੰਘ, ਕੌਂਸਲਰ ਵਿਕਾਸ ਅਟਵਾਲ, ਕੌਂਸਲਰ ਬੱਬੂ, ਪ੍ਰਧਾਨ ਬੂਟਾ ਸਿੰਘ, ਵਾਰਡ ਇੰਚਾਰਜ ਡਾ ਗੋਲਡੀ, ਹਰਿੰਦਰ ਹਾਂਡਾ, ਸਰਪੰਚ ਭੁਪਿੰਦਰ ਸਿੰਘ ਗਨੌਰ, ਆਪ ਆਗੂ ਮਨਜੀਤ ਸਿੰਘ ਲਾਲੀ ਤੋਂ ਇਲਾਵਾ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਹੋਰ ਅਧਿਕਾਰੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਬਲਾਕ ਪ੍ਰਧਾਨ, ਕੌਂਸਲਰ, ਸਰਪੰਚ-ਪੰਚ, ਪਾਰਟੀ ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।
