ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਦਿੱਤਾ ਸੰਦੇਸ਼
ਫ਼ਤਹਿਗੜ੍ਹ ਸਾਹਿਬ, 15 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਨਸ਼ਿਆਂ ਦੀਆਂ ਸਰਗਰਮੀਆਂ ਪੱਖੋਂ ਸੰਵੇਦਨਸ਼ੀਲ ਅਤੇ ਹੌਟਸਪੌਟ ਵਜੋਂ ਪਛਾਣੇ ਗਏ ਇਲਾਕਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ‘ਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੌਟਸਪੌਟ ਪਿੰਡ ਲੋਹਾਰਮਾਜਰਾ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਅੰਬੇਮਾਜਰਾ ਵੱਲੋਂ ਮੈਡੀਕਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆ ਸੀਨੀਅਰ ਮੈਡੀਕਲ ਅਫ਼ਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤ ਪ੍ਰਤੀ ਸੁਚੇਤ ਹੋਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਸਮਾਜਿਕ ਤੌਰ ‘ਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਵੀ ਕੀਤੀ ਗਈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵੱਲੋਂ ਵਿਦਿਅਕ ਅਦਾਰਿਆਂ ਦੇ 100 ਮੀਟਰ ਦੇ ਦਾਇਰੇ ਅੰਦਰ ਆਉਂਦੀਆਂ ਦੁਕਾਨਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਨੂੰ ਤੰਬਾਕੂ ਉਤਪਾਦਾਂ ਦੀ ਵਿਕਰੀ ਸਬੰਧੀ ਕੋਟਪਾ ਐਕਟ-2003 ਦੇ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾਕਟਰ ਧਰਮਿੰਦਰ ਸਿੰਘ, ਹਰਜੋਤ ਕੌਰ ਏ.ਐੱਨ.ਐੱਮ., ਪ੍ਰਿਤਪਾਲ ਸਿੰਘ ਹੈਲਥ ਸੁਪਰਵਾਈਜ਼ਰ, ਸੁਰਿੰਦਰ ਸਿੰਘ ਬੀ.ਈ.ਈ., ਜਸਪਾਲ ਕੌਰ ਆਸ਼ਾ, ਜਸਵੀਰ ਕੌਰ ਆਸ਼ਾ, ਜਸਵਿੰਦਰ ਕੌਰ ਆਸ਼ਾ ਸੁਪਰਵਾਈਜ਼ਰ ਸਮੇਤ ਪਿੰਡ ਦੇ ਸਥਾਨਕ ਲੋਕ ਹਾਜ਼ਰ ਸਨ।






